ਚੰਡੀਗੜ੍ਹ, 28 ਅਪ੍ਰੈਲ 2023: ਸਾਬਕਾ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਦਿੱਲੀ ਦੇ ਆਬਕਾਰੀ ਨੀਤੀ ਮਾਮਲੇ ਵਿੱਚ ਸੀਬੀਆਈ ਅਤੇ ਈਡੀ ਦੀ ਜਾਂਚ ਦਾ ਸਾਹਮਣਾ ਕਰ ਰਹੇ ਹਨ। ਸ਼ੁੱਕਰਵਾਰ ਨੂੰ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਜਦਕਿ ਸਿਸੋਦੀਆ ਦੇ ਨਾਲ ਰਾਜੇਸ਼ ਜੋਸ਼ੀ ਅਤੇ ਗੌਤਮ ਮਲਹੋਤਰਾ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ 6 ਮਈ ਤੱਕ ਟਾਲ ਦਿੱਤੀ ਗਈ ਹੈ।
ਈਡੀ ਨੇ ਮਨੀਸ਼ ਸਿਸੋਦੀਆ ਨੂੰ 9 ਮਾਰਚ ਨੂੰ ਗ੍ਰਿਫਤਾਰ ਕੀਤਾ ਸੀ। ਉਸ ਦੀ ਜ਼ਮਾਨਤ ‘ਤੇ ਫੈਸਲਾ 26 ਅਪ੍ਰੈਲ ਨੂੰ ਸੁਣਾਇਆ ਜਾਣਾ ਸੀ, ਪਰ ਇਸ ਨੂੰ 28 ਅਪ੍ਰੈਲ ਤੱਕ ਟਾਲ ਦਿੱਤਾ ਗਿਆ। ਰਾਊਸ ਐਵੇਨਿਊ ਅਦਾਲਤ ਦੇ ਵਿਸ਼ੇਸ਼ ਜੱਜ ਐਮਕੇ ਨਾਗਪਾਲ ਨੇ ਸਿਸੋਦੀਆ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਹਾਲਾਂਕਿ, ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਜ਼ਮਾਨਤ ਦੀ ਅਰਜ਼ੀ ਦਾ ਵਿਰੋਧ ਕਰਦਿਆਂ ਕਿਹਾ ਕਿ ਜਾਂਚ ਨਾਜ਼ੁਕ ਪੜਾਅ ‘ਤੇ ਹੈ। ਅਜਿਹੇ ‘ਚ ਸਿਸੋਦੀਆ ਨੂੰ ਜ਼ਮਾਨਤ ਮਿਲਣ ਨਾਲ ਜਾਂਚ ਪ੍ਰਭਾਵਿਤ ਹੋ ਸਕਦੀ ਹੈ।