ਡੇਰਾਬੱਸੀ, 18 ਫਰਵਰੀ 2024: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੇ ਗਏ ਨਿਵੇਕਲੇ ਉਪਰਾਲੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਵਿਸ਼ੇਸ਼ ਕੈਂਪ (camp) ਲਗਾਏ ਜਾ ਰਹੇ ਹਨ, ਜਿਸ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਲੋਕਾਂ ਨੂੰ ਜਿੱਥੇ ਸਬੰਧਤ ਸੇਵਾਵਾਂ ਪ੍ਰਦਾਨ ਕੀਤੀਆਂ ਉਥੇ ਹੀ ਲੋਕਾਂ ਦੀਆਂ ਸਮੱਸਿਆਵਾਂ ਦਾ ਵੀ ਨਿਪਟਾਰਾ ਕੀਤਾ ਜਾਂਦਾ ਹੈ।
ਇਹ ਪ੍ਰਗਟਾਵਾ ਕਰਦਿਆਂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਇਹ ਇੱਕ ਨਿਵੇਕਲਾ ਉਪਰਾਲਾ ਹੈ, ਜਿਸ ਲਈ ਲੋਕਾਂ ਨੂੰ ਇਸ ਦਾ ਜਰੂਰ ਲਾਭ ਲੈਣਾ ਚਾਹੀਦਾ ਹੈ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਪੰਜਾਬ ਸਰਕਾਰ ਵੱਲੋਂ ਭੇਜੀਆਂ ਗਈਆਂ ਪ੍ਰਚਾਰ ਵੈਨਾਂ ਰਾਹੀਂ ਵੀ ਲੋਕਾਂ ਨੂੰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਜਾਗਰੂਕ ਕੀਤਾ ਜਾਂਦਾ ਹੈ। ਇਹ ਵੈਨਾਂ ਅੱਜ ਸਬ ਡਵੀਜਨਾਂ ਦੇ ਪਿੰਡਾਂ ਵਿੱਚ ਲਗਾਏ ਗਏ ਕੈਂਪਾਂ ਵਿੱਚ ਪੁੱਜੀਆਂ, ਜਿੱਥੇ ਇਹ ਲੋਕਾਂ ਦੀ ਖਿੱਚ ਦਾ ਕੇਂਦਰ ਬਣੀਆਂ ਰਹੀਆਂ। ਇਸੇ ਦੌਰਾਨ ਵਿਧਾਇਕ ਨੇ ਪਿੰਡ ਸੁੰਡਰਾਂ, ਵਾਰਡ ਨੰ: 11, 12 ਪਿੰਡ ਸਨੌਲੀ, ਵਾਰਡ ਨੰ: 16,17 ਸੁਸਾਇਟੀ ਗਾਜੀਪੁਰ ਅਤੇ ਜਾਸਤਨਾ ਕਲਾਂ ਵਿਖੇ ਲਗਾਏ ਗਏ ਕੈਂਪ ਦਾ ਜਾਇਜ਼ਾ ਲਿਆ ਅਤੇ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਤੇ ਪ੍ਰੋਗਰਾਮਾਂ ਬਾਰੇ ਜਾਗਰੂਕ ਕਰਕੇ ਲੋਕਾਂ ਦੀ ਫੀਡਬੈਕ ਵੀ ਹਾਸਲ ਕੀਤੀ।
ਉਨ੍ਹਾਂ ਇਹ ਵੀ ਕਿਹਾ ਕਿ ਹੁਣ ਵੱਖ ਵੱਖ ਤਰ੍ਹਾਂ ਦੀਆਂ 43 ਸੇਵਾਵਾਂ ਆਪਣੇ ਘਰਾਂ ਨੇੜੇ ਹਾਸਲ ਕਰਨ ਲਈ ਹੈਲਪ ਲਾਈਨ ਨੰਬਰ 1076 ‘ਤੇ ਸੰਪਰਕ ਕੀਤਾ ਜਾ ਸਕਦਾ ਹੈ ਅਤੇ ਉਹ ਸਹੂਲਤਾਂ ਲੋਕਾਂ ਦੇ ਘਰਾਂ ਤੱਕ ਮੁਹੱਈਆ ਕਰਵਾਈਆਂ ਜਾਣਗੀਆਂ। ਇਨ੍ਹਾਂ ਕੈਂਪਾਂ (camp) ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ‘ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ‘ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।