ਚੰਡੀਗੜ੍ਹ 13 ਮਾਰਚ 2022: ਪੰਜਾਬ ‘ਚ ਵਿਧਾਨ ਸਭਾ ਚੋਣਾਂ 2022 ‘ਚ ਸ਼ਾਨਦਾਰ ਜਿੱਤ ਤੋਂ ਬਾਅਦ ਪਹਿਲੀ ਵਾਰ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ ਚੰਡੀਗੜ੍ਹ ‘ਚ ਗਵਰਨਰ ਹਾਊਸ ਤੋਂ ਬਾਹਰ ਹੋਣ ਜਾ ਰਿਹਾ ਹੈ। ਆਮ ਆਦਮੀ ਪਾਰਟੀ (ਆਪ) ਵਿਧਾਇਕ ਦਲ ਦੇ ਨੇਤਾ ਭਗਵੰਤ ਮਾਨ (Bhagwant Mann) ਅਤੇ ਉਨ੍ਹਾਂ ਦੀ ਕੈਬਨਿਟ ਵਿਧਾਨ ਸਭਾ ਚੋਣਾਂ ‘ਚ ਭਾਰੀ ਬਹੁਮਤ ਤੋਂ ਬਾਅਦ ਪੰਜਾਬ ਦੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਪਿੰਡ ਖਟਕੜਕਲਾਂ ਵਿਖੇ 16 ਮਾਰਚ ਨੂੰ ਸਹੁੰ ਚੁੱਕਣਗੇ।
ਇਸ ਸਬੰਧ ‘ਚ ਸਰਕਾਰ ਦੇ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਦੀ ਕਮਾਂਡ ਸੂਬੇ ਦੇ ਉੱਚ ਅਧਿਕਾਰੀਆਂ ਨੇ ਸੰਭਾਲ਼ ਲਈ ਹੈ। ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪਿੰਡ ਖਟਕੜਕਲਾਂ ‘ਚ ਹੋਣ ਵਾਲੇ ਇਸ ਸਮਾਗਮ ਦੇ ਪ੍ਰਬੰਧਾਂ ‘ਚ ਸਾਰੇ ਸੀਨੀਅਰ ਅਧਿਕਾਰੀ ਅਤੇ ਪੁਲਸ-ਪ੍ਰਸ਼ਾਸਨ ਤਿਆਰੀਆਂ ‘ਚ ਲੱਗੇ ਹੋਏ ਹਨ । ਸਮਾਗਮ ਵਾਲੇ ਦਿਨ ਇਕੱਠੀ ਹੋਣ ਵਾਲੀ ਭੀੜ ਦੇ ਨਾਲ-ਨਾਲ VVIP ਲੋਕਾਂ ਦੇ ਵਾਹਨਾਂ ਦੀ ਪਾਰਕਿੰਗ ਦੇ ਨਾਲ-ਨਾਲ ਪਿੰਡ ‘ਚ ਚਾਰ ਹੈਲੀਪੈਡ ਬਣਾਏ ਜਾ ਰਹੇ ਹਨ।
ਭਗਵੰਤ ਮਾਨ (Bhagwant Mann) ਮੁੱਖ ਮੰਤਰੀ ਅਹੁਦੇ ਲਈ ਸਹੁੰ ਚੁੱਕ ਸਮਾਗਮ 16 ਮਾਰਚ ਨੂੰ ਹੋਵੇਗਾ, ਜਦਕਿ ਪੰਜਾਬ ਦੇ ਸਾਰੇ ਚੁਣੇ ਵਿਧਾਇਕ 17 ਮਾਰਚ ਨੂੰ ਸਹੁੰ ਚੁੱਕਣਗੇ। ਨਵੀਂ ਸਰਕਾਰ ਨੇ ਇਸੇ ਦਿਨ ਵਿਧਾਨ ਸਭਾ ਦਾ ਸੈਸ਼ਨ ਵੀ ਬੁਲਾ ਲਿਆ ਹੈ।