July 7, 2024 7:28 am
Lakhimpur Khiri

ਲਖੀਮਪੁਰ ਖੀਰੀ ਵਿਖੇ ਲੱਗੇ ਮੋਰਚੇ ‘ਚ ਸ਼ਾਮਲ ਹੋਣ ਲਈ ਅੰਮ੍ਰਿਤਸਰ ਤੋਂ ਕਿਸਾਨ ਜਥੇਬੰਦੀਆਂ ਰਵਾਨਾ

ਅੰਮ੍ਰਿਤਸਰ 19 ਅਗਸਤ 2022: ਸੰਯੁਕਤ ਕਿਸਾਨ ਮੋਰਚੇ ਦੀ ਕਾਲ ਤੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਲਖੀਮਪੁਰ ਖੀਰੀ (Lakhimpur Khiri) ਵਿਖੇ ਦਿੱਤੇ ਜਾ ਰਹੇ ਤਿੰਨ ਦਿਨਾ ਮੋਰਚੇ ਵਿੱਚ ਸ਼ਾਮਲ ਹੋਣ ਲਈ ਅੱਜ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿੱਚੋਂ ਜਥੇ ਰਵਾਨਾ ਹੋਏ ਹਨ । ਜਿਸ ਤਹਿਤ ਅੱਜ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ਤੋਂ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਕਿਸਾਨ ਲਖੀਮਪੁਰ ਖੀਰੀ ਲਈ ਰਵਾਨਾ ਹੋਏ । ਇਸ ਦੌਰਾਨ ਕਿਸਾਨਾਂ ਦਾ ਕਹਿਣਾ ਸੀ ਕਿ ਕਿਸਾਨਾਂ ਦੀਆਂ ਰਹਿੰਦੀਆਂ ਮੰਗਾਂ ਅਤੇ ਲਖੀਮਪੁਰ ਖੀਰੀ ਘਟਨਾਕ੍ਰਮ ਦੇ ਦੋਸ਼ੀਆਂ ਨੂੰ ਸਜ਼ਾ ਨਹੀਂ ਮਿਲਦੀ ਤਾਂ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਰਹੇਗਾ ।

ਕਿਸਾਨਾਂ ਦਾ ਕਹਿਣਾ ਹੈ ਕਿ ਕਿਸਾਨਾਂ ਨਾਲ ਮੋਦੀ ਸਰਕਾਰ ਨੇ ਵਾਅਦਾ ਖ਼ਿਲਾਫੀ ਕੀਤੀ ਹੈ, ਤੇ ਮੰਨੀਆਂ ਮੰਗਾਂ ਨੂੰ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਜਿੰਨਾ ਸਮਾਂ ਮੰਨੀਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾਂਦਾ, ਤਦ ਤੱਕ ਕਿਸਾਨਾਂ ਦਾ ਸੰਘਰਸ਼ ਲਗਾਤਾਰ ਇਸੇ ਤਰ੍ਹਾਂ ਜਾਰੀ ਰਹੇਗਾ | ਜੇਕਰ ਕੇਂਦਰ ਸਰਕਾਰ ਨੇ ਇਸ ਤਿੰਨ ਦਿਨਾ ਮੋਰਚੇ ਤੋਂ ਬਾਅਦ ਵੀ ਕਿਸਾਨਾਂ ਦੀ ਮੰਗ ਨਾ ਮੰਨੀ ਤਾਂ ਆਉਣ ਵਾਲੇ ਸਮੇਂ ਵਿੱਚ ਕਿਸਾਨ ਅੰਦੋਲਨ ਪੱਕੇ ਮੋਰਚੇ ਵਿੱਚ ਵੀ ਤਬਦੀਲ ਹੋ ਸਕਦਾ ਹੈ।

ਅਨਾਜ ਮੰਡੀ ਵਿੱਚ ਦਿੱਤੇ ਜਾਣ ਵਾਲੇ ਕਿਸਾਨਾਂ ਦੇ ਇਸ ਧਰਨੇ ਵਿੱਚ ਸਭ ਤੋਂ ਵੱਡੀ ਮੰਗ ਧਰਨਾਕਾਰੀਆਂ ਦੇ ਗੰਭੀਰ ਜ਼ਖ਼ਮੀਆਂ ਨੂੰ ਦਸ-ਦਸ ਲੱਖ ਰੁਪਏ ਦੀ ਸਹਾਇਤਾ ਦੇਣ ਦੇ ਵਾਅਦੇ ਨੂੰ ਪੂਰਾ ਕਰਨ ਦੀ ਹੋਵੇਗੀ। ਇਸ ਦੇ ਨਾਲ ਹੀ ਭਾਜਪਾ ਨੇਤਾ ਅਜੈ ਮਿਸ਼ਰਾ ਨੂੰ ਕੇਂਦਰੀ ਮੰਤਰੀ ਮੰਡਲ ਤੋਂ ਹਟਾਉਣ ਅਤੇ ਉਨ੍ਹਾਂ ‘ਤੇ ਵੀ ਮੁਕੱਦਮਾ ਚਲਾਉਣ ਦੀ ਮੰਗ ਕੀਤੀ ਜਾਵੇਗੀ। ਐਮ.ਐਸ.ਪੀ ‘ਤੇ ਬਣੀ ਕਮੇਟੀ ਦੇ ਵਿਰੋਧ ਦੀ ਮੰਗ ਕੀਤੀ ਜਾਵੇਗੀ ਅਤੇ ਗੰਨੇ ਦੀ ਸਮੇਂ ਸਿਰ ਅਦਾਇਗੀ ਦੀ ਮੰਗ ਵੀ ਕੀਤੀ ਜਾਵੇਗੀ।