Site icon TheUnmute.com

ਕਿਸਾਨਾਂ ਨੇ ਬਿਜਲੀ ਸੋਧ ਬਿੱਲ ਦੇ ਵਿਰੋਧ ‘ਚ ਪ੍ਰਧਾਨ ਮੰਤਰੀ ਮੋਦੀ ਦਾ ਫੂਕਿਆ ਪੁਤਲਾ

ਬਿਜਲੀ ਸੋਧ ਬਿੱਲ

ਫ਼ਰੀਦਕੋਟ 17 ਅਗਸਤ 2022: ਅੱਜ ਫ਼ਰੀਦਕੋਟ ਵਿਖੇ ਕਿਸਾਨ ਜਥੇਬੰਦੀ ਬੀ.ਕੇ.ਯੂ ਸਿੱਧੂਪੁਰਾ ਵੱਲੋਂ ਫ਼ਰੀਦਕੋਟ ਦੇ ਭਾਈ ਘਨੱਈਆ ਚੌਕ ਦੇ ਵਿੱਚ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸਦੇ ਨਾਲ ਕਿਸਾਨਾਂ ਦਾ ਕਹਿਣਾ ਹੈ ਕਿ 22 ਤਾਰੀਖ਼ ਨੂੰ ਰਾਸ਼ਟਰਪਤੀ ਨੂੰ ਇੱਕ ਮੰਗ ਪੱਤਰ ਸੌਂਪਿਆ ਜਾਵੇਗਾ |

ਇਸ ਮੌਕੇ ਗੱਲਬਾਤ ਕਰਦਿਆਂ ਹੋਇਆਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰਾ ਦੇ ਕੌਮੀ ਪ੍ਰਧਾਨ ਜਗਜੀਤ ਸਿੰਘ ਡੱਲੇਵਾਲਾ ਨੇ ਕਿਹਾ ਕਿ ਅੱਜ ਪੂਰੇ ਭਾਰਤ ਵਿੱਚ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਜਾ ਰਹੇ ਹਨ, ਕਿਉਂਕਿ ਕੇਂਦਰ ਸਰਕਾਰ ਵੱਲੋਂ ਬਿਜਲੀ ਸੋਧ ਬਿੱਲ ਚੁੱਪ ਚੁਪੀਤੇ ਲਿਆਂਦਾ ਗਿਆ ਹੈ |

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਹਿਲਾਂ ਕਿਹਾ ਗਿਆ ਸੀ ਕਿ ਸੰਯੁਕਤ ਕਿਸਾਨ ਮੋਰਚੇ ਨਾਲ ਮੀਟਿੰਗ ਕਰਨ ਤੋਂ ਬਾਅਦ ਇਹ ਬਿੱਲ ਲਿਆਂਦਾ ਜਾਵੇਗਾ | ਪਰ ਹੁਣ ਬਿੱਲ ਉਨ੍ਹਾਂ ਵੱਲੋਂ ਚੁੱਪ ਚੁਪੀਤੇ ਲਿਆਂਦਾ ਗਿਆ ਜਿਸ ਦਾ ਉਹ ਵਿਰੋਧ ਕਰਦੇ ਹਨ | ਇਸ ਸਬੰਧ ਵਿਚ ਉਹ 22 ਤਾਰੀਖ਼ ਨੂੰ ਰਾਸ਼ਟਰਪਤੀ ਨੂੰ ਇੱਕ ਮੰਗ ਪੱਤਰ ਦੇਣਗੇ | ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੋ ਲਖੀਮਪੁਰ ਦੀ ਘਟਨਾ ਅਤੇ ਕੇਂਦਰ ਸਰਕਾਰ ਵੱਲੋਂ ਜੋ ਮੰਗਾਂ ਮੰਨੀਆਂ ਗਈਆਂ ਸਨ, ਉਸ ਸਬੰਧੀ ਵੀ ਜਾਣੂ ਕਰਵਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਸੱਦੇ ਤੇ ਵੱਡੀ ਗਿਣਤੀ ‘ਚ ਉਥੇ ਕਿਸਾਨ ਪਹੁੰਚਣਗੇ ਅਤੇ ਰਾਸ਼ਟਰਪਤੀ ਨੂੰ ਮੰਗ ਪੱਤਰ ਦੇਣਗੇ |

Exit mobile version