ਅੰਮ੍ਰਿਤਸਰ, 26 ਜਨਵਰੀ 2024: ਸੰਯੁਕਤ ਕਿਸਾਨ ਮੋਰਚੇ ਦੇ ਪ੍ਰੋਗਰਾਮ ਤਹਿਤ ਮੋਰਚੇ ਦੀਆਂ ਸਮੂਹ ਕਿਸਾਨ ਜਥੇਬੰਦੀਆ ਵੱਲੋਂ 26 ਜਨਵਰੀ ਨੂੰ ਗਣਤੰਤਰ ਦਿਹਾੜੇ ਮੌਕੇ ਪੰਜਾਬ ਅੰਦਰ ਟਰੈਕਟਰ ਮਾਰਚ ਕੀਤਾ ਜਾ ਰਿਹਾ ਹੈ | ਇਸ ਟਰੈਕਟਰ ਮਾਰਚ (Tractor march) ਦੌਰਾਨ ਵੱਡੀ ਗਿਣਤੀ ਕਿਸਾਨ ਟਰੈਕਟਰ ਲੈ ਕੇ ਤਹਿਸੀਲ ਪੱਧਰੀ ਮਾਰਚ ਕਰਨਗੇ, ਜਿਸ ਦੇ ਚੱਲਦੇ ਅੰਮ੍ਰਿਤਸਰ ਵਿੱਚ ਵੀ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਟਰੈਕਟਰ ਮਾਰਚ ਕੀਤਾ ਗਿਆ ਹੈ |
ਇਸ ਟਰੈਕਟਰ ਮਾਰਚ ਦੇ ਵਿੱਚ ਦਰਜਨਾਂ ਦੇ ਕਰੀਬ ਕਿਸਾਨ ਟਰੈਕਟਰ ਲੈ ਕੇ ਪਹੁੰਚੇ ਅਤੇ ਸੜਕਾਂ ਦੇ ਉੱਪਰ ਕਿਸਾਨਾਂ ਵੱਲੋਂ ਮਾਰਚ ਕੀਤਾ ਗਿਆ | ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਜਤਿੰਦਰ ਸਿੰਘ ਛੀਨਾ ਅਤੇ ਕਿਸਾਨ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਵਰਪਾਲ ਨੇ ਦੱਸਿਆ ਕਿ ਦਿੱਲੀ ਦੀਆਂ ਸਰਹੱਦਾਂ ’ਤੇ ਸਾਲ ਭਰ ਚੱਲੇ ਕਿਸਾਨੀ ਸੰਘਰਸ਼ ਦੌਰਾਨ ਕੇਂਦਰ ਸਰਕਾਰ ਵੱਲੋਂ 9 ਦਸੰਬਰ 2021 ਨੂੰ ਲਿਖਤੀ ਰੂਪ ’ਚ ਵਾਅਦਾ ਕਰ ਕੇ ਸੰਘਰਸ਼ ਸਮਾਪਤ ਕਰਵਾਇਆ ਸੀ ਪਰ ਅੱਜ ਤੱਕ ਉਨ੍ਹਾਂ ’ਚੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ।
ਕੇਂਦਰ ਸਰਕਾਰ ਵੱਲੋਂ ਕੀਤੇ ਗਏ ਵਾਅਦਿਆਂ ’ਚ ਐੱਮਐੱਸਪੀ ਦਾ ਗਾਰੰਟੀ ਕਾਨੂੰਨ, ਖੇਤੀ ਸੈਕਟਰ ਨੂੰ ਪ੍ਰਦੂਸ਼ਣ ਐਕਟ ’ਚੋਂ ਬਾਹਰ ਰੱਖਣਾ, ਬਿਜਲੀ ਸੋਧ ਬਿੱਲ, ਲਖੀਮਪੁਰ ਖੀਰੀ ਕਾਂਡ ਦੇ ਦੋਸ਼ੀਆ ਨੂੰ ਸਜ਼ਾਵਾਂ, ਅੰਦੋਲਨ ਦੌਰਾਨ ਕਿਸਾਨਾਂ ’ਤੇ ਦਰਜ ਪਰਚੇ ਰੱਦ ਕਰਨਾ ਸ਼ਾਮਲ ਸਨ। ਇਹ ਮੰਗਾਂ ਮੰਨੇ ਜਾਣ ਦੇ ਬਾਵਜੂਦ ਕੇਂਦਰ ਵੱਲੋਂ ਅਜੇ ਤੱਕ ਲਾਗੂ ਨਹੀਂ ਕੀਤੀਆ ਗਈਆ। ਇਸ ਕਾਰਨ ਪੂਰੇ ਦੇਸ਼ ਦੇ ਕਿਸਾਨਾਂ ਅੰਦਰ ਕੇਂਦਰ ਸਰਕਾਰ ਪ੍ਰਤੀ ਵੱਡੇ ਪੱਧਰ ’ਤੇ ਰੋਸ ਪਾਇਆ ਜਾ ਰਿਹਾ ਹੈ ਅਤੇ ਉਹ ਮੁੜ ਸੰਘਰਸ਼ ਦੇ ਰਾਹ ਤੁਰ ਪਏ ਹਨ। ਸੰਯੁਕਤ ਕਿਸਾਨ ਮੋਰਚੇ ਵੱਲੋਂ ਐਲਾਨੇ ਗਏ ਨਵੇਂ ਸੰਘਰਸ਼ ਤਹਿਤ ਹੀ 26 ਜਨਵਰੀ ਨੂੰ ਗਣਤੰਤਰ ਦਿਹਾੜੇ ਮੌਕੇ ਨਿਕਲਣ ਵਾਲੀ ਫੌਜੀ ਪਰੇਡ ਵਾਂਗ ਹੀ ਕਿਸਾਨਾਂ ਵੱਲੋਂ ਪੰਜਾਬ ਵਿਚ ਹਰ ਜ਼ਿਲ੍ਹੇ ਅੰਦਰ ਤਹਿਸੀਲ ਪੱਧਰ ’ਤੇ ਟਰੈਕਟਰ ਪਰੇਡ (Tractor march) ਕੱਢੀ ਜਾਵੇਗੀ |