June 16, 2024 7:47 am
Patiala

ਕਿਸਾਨ ਜਥੇਬੰਦੀਆਂ ਪਟਿਆਲਾ ‘ਚ PM ਮੋਦੀ ਖ਼ਿਲਾਫ਼ ਕਰਨਗੀਆਂ ਰੋਸ ਪ੍ਰਦਰਸ਼ਨ

ਚੰਡੀਗ੍ਹੜ, 23 ਮਈ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਟਿਆਲਾ (Patiala) ਫੇਰੀ ਨੂੰ ਲੈ ਕੇ ਸੁਰੱਖਿਆ ਏਜੰਸੀਆਂ ਵੱਲੋਂ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਰੈਲੀ ਗਰਾਊਂਡ ਅਤੇ ਆਸਪਾਸ ਦੀਆਂ ਸੜਕਾਂ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਪੋਲੋ ਗਰਾਊਂਡ ਨੂੰ ਜਾਣ ਵਾਲੇ ਹਰ ਮੋੜ ਅਤੇ ਚੌਰਾਹੇ ’ਤੇ ਪੁਲਿਸ ਚੌਕੀਆਂ ਸਥਾਪਤ ਕੀਤੀਆਂ ਗਈਆਂ ਹਨ।

ਓਥੇ ਹੀ ਸੰਯੁਕਤ ਕਿਸਾਨ ਮੋਰਚਾ ਨੇ ਚੋਣ ਪ੍ਰਚਾਰ ਲਈ ਪਟਿਆਲਾ ਆਉਣ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਿਰੋਧ ਕਰਨ ਦੀ ਯੋਜਨਾ ਬਣਾਈ ਹੈ। ਜ਼ਿਲ੍ਹੇ ਦੀਆਂ ਕਿਸਾਨ ਜਥੇਬੰਦੀਆਂ ਦੀ ਅੱਜ ਹੋਈ ਬੈਠਕ ਵਿੱਚ ਫੈਸਲਾ ਕੀਤਾ ਗਿਆ ਕਿ 37 ਕਿਸਾਨ ਜਥੇਬੰਦੀਆਂ ’ਤੇ ਆਧਾਰਿਤ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਵਿੱਚ ਬਾਅਦ ਦੁਪਹਿਰ 3 ਤੋਂ 5 ਵਜੇ ਤੱਕ ਕਿਸਾਨਾਂ-ਮਜ਼ਦੂਰਾਂ ਦਾ ਕਾਫ਼ਲਾ ਇਕੱਠੇ ਹੋਵੇਗਾ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕਿਸਾਨ ਮਜ਼ਦੂਰਾਂ ਦਾ ਕਾਫਲਾ ਅਨੁਸ਼ਾਸਨ ਅਤੇ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰਦਿਆਂ ਕਾਲੇ ਝੰਡੇ ਦਿਖਾਏਗਾ।

ਇਸ ਦੌਰਾਨ ਪੰਜਾਬ ਭਾਜਪਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਐਮਐਸਪੀ ਮਿਲ ਰਹੀ ਹੈ, ਉਹ ਵੀ ਦੁੱਗਣੀ ਹੋ ਗਈ ਹੈ ਅਤੇ ਅਸੀਂ ਕੇਂਦਰ ਸਰਕਾਰ ਨਾਲ ਬੈਠ ਕੇ ਕਿਸਾਨਾਂ ਬਾਰੇ ਗੱਲ ਕਰਾਂਗੇ। ਜਾਖੜ ਨੇ ਕਿਹਾ ਕਿ ਉਹ ਕਿਸਾਨਾਂ ਦਾ ਦਰਦ ਸਮਝਦੇ ਹਨ, ਹਰ ਮਸਲੇ ਦਾ ਲੋਕਤੰਤਰੀ ਢੰਗ ਨਾਲ ਹੱਲ ਕੀਤਾ ਜਾਵੇਗਾ। ਕੇਂਦਰ ਸਰਕਾਰ ਨੇ ਕਿਸਾਨਾਂ ਦੇ ਮਸਲੇ ਹੱਲ ਕਰਨੇ ਹਨ, ਪੰਜਾਬ ਸਰਕਾਰ ਕੁਝ ਵੀ ਹੱਲ ਨਹੀਂ ਕਰ ਸਕਦੀ, ਇਸ ਲਈ ਕਿਸਾਨ ਧਰਨੇ ਦੀ ਬਜਾਏ ਭਾਜਪਾ ਦਾ ਸਾਥ ਦੇਣ।