July 7, 2024 9:45 am
kisan union

ਕੇਂਦਰ ਸਰਕਾਰ ਵੱਲੋਂ ਭਾਖੜਾ ਡੈਮ ‘ਤੋਂ ਹਟਾਏ ਪ੍ਰਬੰਧਾਂ ਨੂੰ ਲੈ ਕੇ ਕਿਸਾਨਾਂ ਵਲੋਂ ਕੀਤਾ ਗਿਆ ਰੋਸ ਪ੍ਰਦਸ਼ਨ

ਭਾਖੜਾ ਡੈਮ ਉਪਰ ਪੰਜਾਬ ਸਰਕਾਰ ਅਤੇ ਹਰਿਆਣਾ (Punjab and Haryana) ਸਰਕਾਰ ਦੀ ਨੁਮਾਇੰਦਗੀ ਨੂੰ ਕੇਂਦਰ ਸਰਕਾਰ ਵੱਲੋਂ ਬਰਖਾਸਤ ਕਰਨ ‘ਤੇ ਪੰਜਾਬ ਦੇ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਿਸ ਦੇ ਤਹਿਤ ਅੱਜ ਮਾਨਸਾ ਦੇ ਡਿਪਟੀ ਕਮਿਸ਼ਨਰ ਦਫਤਰ ਅੱਗੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਵੱਡੀ ਗਿਣਤੀ ਵਿੱਚ ਇਕੱਠ ਕਰਕੇ ਰੋਸ ਪ੍ਰਦਰਸ਼ਨ ਕੀਤਾ। ਪੰਜਾਬ ਸਰਕਾਰ ਨੂੰ ਭਾਖੜਾ ਡੈਮ ਦੀ ਨੁਮਾਇੰਦਗੀ ਫਿਰ ਤੋਂ ਦੇਣ ਦੀ ਮੰਗ ਕੀਤੀ ।

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ (Bhartiya Kisan Union Ekta Ugraha)  ਵੱਲੋਂ ਅੱਜ ਡਿਪਟੀ ਕਮਿਸ਼ਨਰ ਦਫਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਅਤੇ ਭਾਰਤ ਦੇ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਦਿੱਤਾ।

ਜਾਣਕਾਰੀ ਦਿੰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਅੱਜ ਪੂਰੇ ਪੰਜਾਬ ਭਰ ‘ਚ ਡੀ.ਸੀ. ਦਫ਼ਤਰਾਂ ਅੱਗੇ ਕਿਸਾਨ ਯੂਨੀਅਨ ਉਗਰਾਹਾਂ (Bhartiya Kisan Union Ekta Ugraha) ਵੱਲੋਂ ਧਰਨੇ ਦਿੱਤੇ ਜਾ ਰਹੇ ਹਨ ਕਿਉਂਕਿ ਕੇਂਦਰ ਸਰਕਾਰ ਵੱਲੋਂ ਭਾਖੜਾ ਡੈਮ ਉੱਤੋਂ ਪੰਜਾਬ ਸਰਕਾਰ ਦੀ ਅਤੇ ਹਰਿਆਣਾ ਸਰਕਾਰ ਦੀ ਨੁਮਾਇੰਦਗੀ ਖ਼ਤਮ ਕੀਤੀ ਹੈ ਜੋ ਪਹਿਲਾਂ ਪੰਜਾਬ ਵੱਲੋਂ 60% ਅਤੇ ਹਰਿਆਣਾ ਦੀ 40% ਸੀ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਇਹ ਨੁਮਾਇੰਦਗੀ ਹਟਾ ਕੇ ਕੇਂਦਰ ਸਰਕਾਰ ਵੱਲੋਂ ਕੋਈ ਚੇਅਰਮੈਨ ਲਗਾ ਦੇਣ ਅਤੇ ਇਸ ਨੂੰ ਘਾਟੇ ‘ਚ ਪਾ ਕੇ ਵੇਚ ਦੇਣਾ ਹੈ। ਉਨ੍ਹਾਂ ਕਿਹਾ ਕਿ ਪਾਣੀਆਂ ਦੇ ਉੱਪਰ ਕਬਜ਼ਾ ਕਰਕੇ ਅਤੇ ਬਿਜਲੀ ਨੂੰ ਮਹਿੰਗਾ ਕਰਨ ਲਈ ਪ੍ਰਾਈਵੇਟ ਕੰਪਨੀਆਂ ਦੇ ਹੱਥ ਦੇਣ ਦੀ ਚਾਲ ਨੂੰ ਅਸੀਂ ਕਦੇ ਵੀ ਪੂਰੀ ਨਹੀਂ ਹੋਣ ਦੇਵਾਂਗੇ।

ਉਨ੍ਹਾਂ ਕਿਹਾ ਕਿ ਅੱਜ ਇਸੇ ਤਹਿਤ ਅਸੀਂ ਪੂਰੇ ਪੰਜਾਬ ਭਰ ਵਿਚ ਭਾਵੇਂ ਪ੍ਰਦਰਸ਼ਨ ਕਰ ਰਹੇ ਹਾਂ ਅਤੇ ਜਦੋਂ ਤੱਕ ਸਰਕਾਰ ਇਸ ਗੱਲ ਵੱਲ ਧਿਆਨ ਨਹੀਂ ਦੇਵੇਗੀ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਹੋਰ ਵੀ ਜ਼ਿਆਦਾ ਤਿੱਖਾ ਕੀਤਾ ਜਾਵੇਗਾ।