ਚੰਡੀਗੜ੍ਹ, 16 ਜੁਲਾਈ 2024: ਕਿਸਾਨ ਅੰਦੋਲਨ (Farmers Protest) ਦੌਰਾਨ ਗ੍ਰਿਫਤਾਰ ਕੀਤੇ ਗਏ ਕਿਸਾਨਾਂ ਦੀ ਰਿਹਾਈ ਦੀ ਮੰਗ ਲਈ ਕਿਸਾਨ 17 ਅਤੇ 18 ਜੁਲਾਈ ਨੂੰ ਹਰਿਆਣਾ ਦੇ ਅੰਬਾਲਾ ‘ਚ ਐਸਪੀ ਦਫ਼ਤਰ ਦਾ ਘਿਰਾਓ ਕਰਨਗੇ। ਕਿਸਾਨ ਆਗੂ ਜਗਜੀਤ ਡੱਲੇਵਾਲ ਨੇ ਕਿਹਾ ਕਿ ਅੰਦੋਲਨ ‘ਚ ਮਾਰੇ ਗਏ ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਦੀ ਜਾਂਚ ਹਰਿਆਣਾ ਦੇ ਪੁਲਿਸ ਅਧਿਕਾਰੀ ਨੂੰ ਸੌਂਪਣਾ ਬੇਇਨਸਾਫ਼ੀ ਹੈ।
ਡੱਲੇਵਾਲ ਨੇ ਹਰਿਆਣਾ ਸਰਕਾਰ ‘ਤੇ ਦੋਸ਼ ਲਾਇਆ ਕਿ ਉਹ ਆਪਣੇ ਪੁਲਿਸ ਅਧਿਕਾਰੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਕਿਸਾਨਾਂ ਨੇ ਕਿਹਾ ਕਿ ਹਾਈਕੋਰਟ ਨੂੰ ਜਾਂਚ ‘ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ | ਕਿਸਾਨ ਆਗੂ ਨੇ ਕਿਹਾ ਕਿ ਸੰਭੂ ਬਾਰਡਰ ਖੋਲ੍ਹਣ ਦੇ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਹਰਿਆਣਾ ਸਰਕਾਰ ਸੁਪਰੀਮ ਕੋਰਟ ਗਈ ਸੀ।
ਕਿਸਾਨ ਆਗੂ ਡੱਲੇਵਾਲ ਨੇ ਕਿਹਾ ਕਿ ਸਾਰਿਆਂ ਨੂੰ ਇਕੱਠੇ ਹੋ ਕੇ ਹਰਿਆਣਾ ਸਰਕਾਰ ’ਤੇ ਰਸਤਾ ਖੋਲ੍ਹਣ ਲਈ ਦਬਾਅ ਪਾਉਣਾ ਚਾਹੀਦਾ ਹੈ। ਸੜਕ ਖੁੱਲ੍ਹਦੇ ਹੀ ਕਿਸਾਨ ਦਿੱਲੀ ਵੱਲ ਕੂਚ ਕਰਨਗੇ|
ਕਿਸਾਨ ਆਗੂ ਜਗਜੀਤ ਡੱਲੇਵਾਲ ਨੇ ਕਿਹਾ ਕਿ ਕਿਸਾਨਾਂ ਨੇ ਰੇਡੀ ਟੁ ਮੂਵ ਘਰ ਤਿਆਰ ਕਰ ਲਏ ਹਨ | ਇਸ ਤੋਂ ਇਲਾਵਾ ਕਿਸਾਨਾਂ ਨੇ ਪੂਰੀ ਤਿਆਰੀਆਂ ਕਰ ਲਈਆਂ ਹਨ ਅਤੇ 22 ਜੁਲਾਈ ਨੂੰ ਦਿੱਲੀ ਵਿਖੇ ਕਨਵੈਨਸ਼ਨ ਕਰਨਗੇ, ਉਨ੍ਹਾਂ ਕਿਹਾ ਕਿ ਕਿਸਾਨ ਆਗੂ ਸੁਭਕਰਨ ਦੀ ਗੋਲੀ ਲੱਗਣ ਨਾਲ ਹੋਈ ਮੌਤ ਦੇ ਮੁੱਦੇ ‘ਤੇ ਕਿਸਾਨਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ |
ਕਿਸਾਨਾਂ ਨੇ ਦੋਸ਼ ਲਾਇਆ ਹੈ ਕਿ ਕਿਸਾਨ ਅੰਦੋਲਨ (Farmers Protest) ਦੌਰਾਨ ਪੁਲਿਸ ਵੱਲੋਂ ਇੰਜੈਕਟਰ ਮੋਟਰਾਂ ਦੀ ਵਰਤੋਂ ਕੀਤੀ ਅਤੇ ਮਿਆਦ ਪੁੱਗ ਚੁੱਕੀ ਅੱਥਰੂ ਗੈਸ ਦੀ ਵੀ ਵਰਤੋਂ ਕੀਤੀ ਗਈ। ਉਨ੍ਹਾਂ ਕਿਹਾ ਜਦੋਂ ਤੱਕ ਕਿਸਾਨਾਂ ਦੀ ਮੰਗ ਪੁਰੀ ਨਹੀਂ ਹੋਵੇਗੀ ਅੰਦੋਲਨ ਜਾਰੀ ਰਹੇਗਾ | 15 ਸਤੰਬਰ ਨੂੰ ਹਰਿਆਣਾ ਦੇ ਜੀਂਦ ਇਲਾਕੇ ‘ਚ ਕਿਸਾਨ ਮਹਾਂਪੰਚਾਇਤ ਕੀਤੀ ਜਾਵੇਗੀ | ਕਿਸਾਨ ਅੱਜ ਤੋਂ ਖਨੋਰੀ ਬਾਰਡਰ ‘ਤੇ ਇਕੱਠੇ ਹੋਣੇ ਸ਼ੁਰੂ ਹੋ ਜਾਣਗੇ |