ਚੰਡੀਗੜ੍ਹ, 16 ਦਸੰਬਰ 2024: Farmers Protest News: ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਸਾਨਾਂ (Farmers) ਦੇ ਮਸਲਿਆਂ ਨੂੰ ਤੁਰੰਤ ਹੱਲ ਕਰਨ ਦੀ ਸਲਾਹ ਦਿੱਤੀ ਹੈ | ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਸਾਰੀਆਂ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ (MSP) ਮੁਹੱਈਆ ਕਰਵਾ ਰਹੇ ਹਨ, ਇਸ ਲਈ ਪੰਜਾਬ ਸਰਕਾਰ ਨੂੰ ਵੀ ਪੰਜਾਬ ਦੇ ਕਿਸਾਨਾਂ ਦੇ ਹਿੱਤ ‘ਚ ਹਰਿਆਣਾ ਸਰਕਾਰ ਦੀ ਨੀਤੀ ‘ਤੇ ਚੱਲਣਾ ਚਾਹੀਦਾ ਹੈ।
ਖੇਤੀਬਾੜੀ ਮੰਤਰੀ ਨੇ ਅੰਦੋਲਨਕਾਰੀ ਕਿਸਾਨ ਜਗਜੀਤ ਸਿੰਘ ਡੱਲੇਵਾਲ ਦੀ ਵਿਗੜਦੀ ਸਿਹਤ ‘ਤੇ ਵੀ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਡੱਲੇਵਾਲ ਦੀ ਸਿਹਤ ਦਾ ਧਿਆਨ ਰੱਖੇ ਅਤੇ ਉਪਰਾਲੇ ਕਰੇ ਤਾਂ ਜੋ ਉਹ ਆਪਣਾ ਮਰਨ ਵਰਤ ਖਤਮ ਕਰ ਸਕਣ।
ਸ਼ਿਆਮ ਸਿੰਘ ਰਾਣਾ ਨੇ ਕਿਸਾਨਾਂ (Farmers) ਵੱਲੋਂ 18 ਦਸੰਬਰ ਨੂੰ ਦਿੱਲੀ ਮਾਰਚ ਮੁੜ ਸ਼ੁਰੂ ਕਰਨ ਦੇ ਸੱਦੇ ‘ਤੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਰਾਜ ਕੇਂਦਰੀ ਪੂਲ ਲਈ ਸਭ ਤੋਂ ਵੱਧ ਅਨਾਜ ਪੈਦਾ ਕਰਨ ਵਾਲੇ ਸੂਬੇ ਹਨ ਅਤੇ ਦੋਵਾਂ ਸੂਬਿਆਂ ਦੇ ਕਿਸਾਨ ਘੱਟੋ-ਘੱਟ ਸਮਰਥਨ ਮੁੱਲ ਦਾ ਲਾਭ ਉਠਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਹ ਵੀ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਪੰਜਾਬ ਦੇ ਸਾਰੇ ਕਿਸਾਨ ਹਰਿਆਣਾ ਵਾਂਗ ਘੱਟੋ-ਘੱਟ ਸਮਰਥਨ ਮੁੱਲ ‘ਤੇ ਆਪਣੀ ਫਸਲ ਵੇਚ ਸਕਣ।
ਖੇਤੀਬਾੜੀ ਮੰਤਰੀ ਨੇ ਕਿਹਾ ਕਿ ਹੁਣ ਪੰਜਾਬ ਦੇ ਮੁੱਖ ਮੰਤਰੀ ਨੂੰ ਆਪਣੀ ਭੂਮਿਕਾ ਨਿਭਾਉਣੀ ਚਾਹੀਦੀ ਹੈ ਅਤੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਕਿਸਾਨ ਆਪਣੇ ਘਰਾਂ ਨੂੰ ਪਰਤ ਸਕਣ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਇਸ ਮਸਲੇ ਦੇ ਹੱਲ ਲਈ ਮਾਹਰਾਂ ਦੀ ਕਮੇਟੀ ਪਹਿਲਾਂ ਹੀ ਬਣਾਈ ਹੋਈ ਹੈ ਪਰ ਕਿਸਾਨ ਆਗੂਆਂ ਨੇ ਇਸ ਕਮੇਟੀ ਨਾਲ ਬੈਠਕ ‘ਚ ਸ਼ਮੂਲੀਅਤ ਨਹੀਂ ਕੀਤੀ।