ਚੰਡੀਗੜ੍ਹ, 06 ਦਸੰਬਰ 2024: Farmers Protest News: ਕਿਸਾਨਾਂ ਦੇ ਦਿੱਲੀ ਕੂਚ ਕਰਨ ਵਿਚਾਲੇ ਹਰਿਆਣਾ ਸਰਕਾਰ ਨੇ ਪੰਜਾਬ-ਹਰਿਆਣਾ ਸਰਹੱਦ ਨਾਲ ਲੱਗਦੇ ਅੰਬਾਲਾ (Ambala) ‘ਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਹਨ | ਪ੍ਰਸ਼ਾਸਨ ਨੇ ਅੰਬਾਲਾ ਦੇ 11 ਪਿੰਡਾਂ’ਚ ਇੰਟਰਨੈੱਟ ਬੰਦ ਕਰਨ ਦੇ ਹੁਕਮ ਦਿੱਤੇ ਹਨ ਜੋ ਕਿ 9 ਦਸੰਬਰ ਤੱਕ ਜਾਰੀ ਰਹਿਣਗੇ |
ਜਿਕਰਯੋਗ ਹੈ ਕਿ ਪੰਜਾਬ-ਹਰਿਆਣਾ ਸਰਹੱਦ ‘ਤੇ ਪਿਛਲੇ 9 ਮਹੀਨਿਆਂ ਤੋਂ ਧਰਨਾ ਦੇ ਰਹੇ ਕਿਸਾਨ ਅੱਜ ਦੁਪਹਿਰ 1 ਵਜੇ ਦਿੱਲੀ ਤੋਂ ਸੰਸਦ ਵੱਲ ਕੂਚ ਕਰਨਗੇ। ਕਿਸਾਨ ਐਮਐਸਪੀ, ਕਰਜ਼ਾ ਮੁਆਫੀ ਅਤੇ ਪੈਨਸ਼ਨ ਵਰਗੀਆਂ ਆਪਣੀਆਂ ਮੰਗਾਂ ਨੂੰ ਲੈ ਕੇ 13 ਫਰਵਰੀ ਤੋਂ ਪ੍ਰਦਰਸ਼ਨ ਕਰ ਰਹੇ ਹਨ | ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਇਸ ਮਾਰਚ ਦੀ ਇਜਾਜ਼ਤ ਨਹੀਂ ਦਿੱਤੀ ਹੈ।
ਇਸ ਮੌਕੇ ਕਿਸਾਨ ਆਗੂ ਸਰਵਣ ਪੰਧੇਰ ਨੇ ਦੱਸਿਆ ਕਿ 101 ਕਿਸਾਨਾਂ ਦਾ ਜਥਾ ਦਿੱਲੀ ਲਈ ਰਵਾਨਾ ਹੋਵੇਗਾ। ਸੰਸਦ ‘ਚ ਵੀ ਸੰਸਦ ਮੈਂਬਰਾਂ ਨੇ ਕਿਸਾਨਾਂ ਦੇ ਸਮਰਥਨ ‘ਚ ਪ੍ਰਦਰਸ਼ਨ ਕੀਤਾ ਹੈ। ਕਾਂਗਰਸ ਦੇ ਸੰਸਦ ਮੈਂਬਰ ਦੀਪੇਂਦਰ ਹੁੱਡਾ ਨੇ ਕਿਹਾ, “ਵਾਦਾ ਪੂਰਾ ਨਾ ਹੋਣ ਤੋਂ ਬਾਅਦ ਕਿਸਾਨ ਸ਼ੰਭੂ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੇ ਹਨ। ਅਸੀਂ ਮੰਗ ਕਰਦੇ ਹਾਂ ਕਿ ਸਰਕਾਰ ਤੁਰੰਤ ਕਿਸਾਨਾਂ ਨਾਲ ਗੱਲਬਾਤ ਕਰੇ।”
ਸਥਿਤੀ ਨੂੰ ਦੇਖਦੇ ਹੋਏ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਹਰਿਆਣਾ ਦੀ ਗ੍ਰਹਿ ਸਕੱਤਰ ਸੁਮਿਤਾ ਮਿਸ਼ਰਾ ਨੇ ਪੰਜਾਬ-ਹਰਿਆਣਾ ਸਰਹੱਦ ਨਾਲ ਲੱਗਦੇ ਅੰਬਾਲਾ ਦੇ 11 ਪਿੰਡਾਂ ਵਿੱਚ ਇੰਟਰਨੈੱਟ ਬੰਦ ਕਰਨ ਦੇ ਹੁਕਮ ਦਿੱਤੇ ਹਨ।