ਸੰਗਰੂਰ, 5 ਸਤੰਬਰ, 2023: ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂਹੰਦ ਸਾੜਨ ਨਾਲ ਹੁੰਦੇ ਨੁਕਸਾਨਾਂ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਦੱਸਿਆ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਸਭ ਤੋਂ ਪਹਿਲਾਂ ਖੁਦ ਕਿਸਾਨਾਂ ਨੂੰ ਨੁਕਸਾਨ ਝੱਲਣਾ ਪੈਂਦਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਰਾਲੀ ਸਾੜਨ ਨਾਲ ਜਿੱਥੇ ਖੇਤਾਂ ਵਿੱਚ ਮੌਜੂਦ ਮਿੱਤਰ ਕੀੜੇ ਮਰਦੇ ਹਨ ਉੱਥੇ ਹੀ ਇਸ ਵਿੱਚ ਮੌਜੂਦ ਸੂਖਮ ਤੱਤ ਵੀ ਸੜ ਕੇ ਸਵਾਹ ਹੋ ਜਾਂਦੇ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀ ਮਾਹਰਾਂ ਦੀ ਸਲਾਹ ਅਨੁਸਾਰ ਮਿੱਤਰ ਕੀੜਿਆਂ ਨੂੰ ਬਚਾਉਣ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਲਈ ਉਹ ਫਸਲਾਂ ਦੀ ਰਹਿੰਦ-ਖੂਹੰਦ ਨੂੰ ਨਾ ਸਾੜਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਰਾਲੀ ਦੇ ਸਹੀ ਪ੍ਰਬੰਧ ਲਈ ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ ਸਬਸਿਡੀ ਉੱਪਰ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਸਰਕਾਰ ਦੀਆਂ ਹਦਾਇਤਾਂ ਉੱਪਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਮਹਿਕਮਿਆਂ ਦੇ ਸਹਿਯੋਗ ਨਾਲ ਪਰਾਲੀ ਸਾੜੇ ਜਾਣ ਦੀ ਮਾੜੀ ਪ੍ਰਥਾ ਨੂੰ ਨੱਥ ਪਾਉਣ ਲਈ ਕਿਸਾਨਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮੰਤਵ ਲਈ ਜ਼ਿਲ੍ਹੇ ਦੇ ਲਗਭਗ ਹਰ ਪਿੰਡ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਪਹੁੰਚ ਕੀਤੀ ਜਾਵੇਗੀ ਅਤੇ ਜਾਗਰੂਕਤਾ ਕੈਂਪ ਲਾ ਕੇ ਇਸਦੇ ਢੁੱਕਵੇਂ ਹੱਲ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ।
ਜਤਿੰਦਰ ਜੋਰਵਾਲ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਪੈਦਾ ਹੋਣ ਵਾਲਾ ਧੂੰਆਂ ਮਨੁੱਖੀ ਸਿਹਤ ਲਈ ਬਹੁਤ ਖ਼ਤਰਨਾਕ ਸਾਬਤ ਹੁੰਦਾ ਹੈ ਜਿਸ ਨਾਲ ਸਾਹ ਨਾਲ ਸਬੰਧਤ ਬਿਮਾਰੀਆਂ ਦੇ ਨਾਲ-ਨਾਲ ਹੋਰਨਾਂ ਵਿਕਾਰਾਂ ਦਾ ਵੀ ਖ਼ਤਰਾ ਵਧ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਖੇਤਾਂ ਵਿੱਚ ਅੱਗ ਲਾਉਣ ਕਾਰਨ ਕਈ ਵਾਰ ਵੱਡਮੁੱਲੇ ਬੂਟਿਆਂ ਦਾ ਵੀ ਬਹੁਤ ਨੁਕਸਾਨ ਹੁੰਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਫ਼ਸਲਾਂ ਦੀ ਰਹਿੰਦ-ਖੂਹੰਦ ਖੇਤਾਂ ਵਿੱਚ ਹੀ ਵਾਹ ਕੇ ਖਾਦ ਦੇ ਰੂਪ ਵਿੱਚ ਉਪਜਾਊ ਸ਼ਕਤੀ ਵਧਾਉਣ ਦਾ ਕੰਮ ਲੈਣਾ ਚਾਹੀਦਾ ਹੈ।