ਚੰਡੀਗੜ੍ਹ, 20 ਜੁਲਾਈ 2024: ਪੰਜਾਬ ਸਰਕਾਰ ਨੇ ਝੋਨੇ ਦੀ ਥਾਂ ਹੋਰ ਬਦਲਵੀਆਂ ਫਸਲਾਂ ਦੀ ਕਾਸ਼ਤ ਕਰਨ ਸੂਬੇ ਦੇ ਕਿਸਾਨਾਂ ਨੂੰ 17,500 ਰੁਪਏ ਪ੍ਰਤੀ ਹੈਕਟੇਅਰ ਦੇਣ ਦਾ ਫੈਸਲਾ ਕੀਤਾ ਹੈ | ਪੰਜਾਬ ਦੇ ਖੇਤੀਬਾੜੀ ਵਿਭਾਗ ਨੇ ਧਰਤੀ ਹੇਠਲੇ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਰੋਕਣ ਲਈ ਇਹ ਫੈਸਲਾ ਲਿਆ ਹੈ | ਇਸਦੀ ਜਾਣਕਾਰੀ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦਿੱਤੀ ਹੈ |
ਉਨ੍ਹਾਂ ਦੱਸਿਆ ਕਿ ਇਸ ਉਦੇਸ਼ ਲਈ ਵਿੱਤੀ ਸਾਲ 2024-25 ਲਈ 289.87 ਕਰੋੜ ਰੁਪਏ ਦੀ ਰਾਸ਼ੀ ਰੱਖੀ ਗਈ ਹੈ। ਇਸ ਤਹਿਤ ਕੋਈ ਵੀ ਕਿਸਾਨ ਵੱਧ ਤੋਂ ਵੱਧ 5 ਹੈਕਟੇਅਰ ਤੱਕ ਰਕਬੇ ‘ਤੇ ਲਾਭ ਲੈ ਸਕੇਗਾ ਅਤੇ ਇਹ ਰਾਸ਼ੀ ਸਿੱਧਾ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤੇ ‘ਚ ਦੋ ਕਿਸ਼ਤਾਂ ‘ਚ ਪਾਈ ਜਾਵੇਗੀ।
ਉਨ੍ਹਾਂ ਕਿਹਾ ਕਿ ਪੰਜਾਬ ‘ਚ ਝੋਨੇ ਦੀ ਕਾਸ਼ਤ ਕਰਕੇ ਸਿੰਚਾਈ ਲਈ ਟਿਊਬਵੈੱਲਾਂ ‘ਤੇ ਨਿਰਭਰਤਾ ਵਧੀ, ਜਿਸ ਦੇ ਚੱਲਦੇ ਧਰਤੀ ਹੇਠਲੇ ਪਾਣੀ ਦਾ ਪੱਧਰ ਹੇਠਾਂ ਚਲਾ ਗਿਆ ਹੈ।
ਖੇਤੀਬਾੜੀ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਨੇ ਸਾਉਣੀ ਸੀਜ਼ਨ 2024 ਦੌਰਾਨ ਕਿਸਾਨਾਂ ਨੂੰ ਝੋਨੇ ਦੀ ਥਾਂ ਹੋਰ ਬਦਲਵੀਆਂ ਫ਼ਸਲਾਂ ਦੀ ਕਾਸ਼ਤ ਲਈ ਉਤਸ਼ਾਹਿਤ ਕਰਨ ਲਈ ਇੱਕ ਨਵਾਂ ਸੋਧਿਆ ਹੋਇਆ ਫ਼ਸਲੀ ਵਿਭਿੰਨਤਾ ਪ੍ਰੋਗਰਾਮ (ਸੀ.ਡੀ.ਪੀ.) ਸ਼ੁਰੂ ਕੀਤਾ ਹੈ। ਇਸ ਸਕੀਮ ਦਾ ਲਾਭ ਪ੍ਰਾਪਤ ਕਰਨ ਲਈ ਕਿਸਾਨ ਪੰਜਾਬ ਸਰਕਾਰ ਦੇ ਪੋਰਟਲ ‘ਤੇ ਆਨਲਾਈਨ ਅਪਲਾਈ ਕਰ ਸਕਦੇ ਹਨ।