ਚੰਡੀਗੜ੍ਹ/ਗੁਰਦਾਸਪੁਰ, 5 ਅਪ੍ਰੈਲ 2025: ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ (Lal Chand Kataruchak) ਨੇ ਅੱਜ ਪੰਚਾਇਤ ਭਵਨ ਗੁਰਦਾਸਪੁਰ ਵਿਖੇ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ ਅਤੇ ਤਰਨਤਾਰਨ ਸਮੇਤ 4 ਜ਼ਿਲ੍ਹਿਆਂ ਦੇ ਸੀਨੀਅਰ ਅਧਿਕਾਰੀਆਂ ਨਾਲ ਬੈਠਕ ਕਰਕੇ ਮਾਝਾ ਖੇਤਰ ‘ਚ ਕਣਕ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਇਸ ਬੈਠਕ ਦੌਰਾਨ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ‘ਚ ਚੱਲ ਰਹੇ ਕਣਕ ਖਰੀਦ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਪੂਰਾ ਕਰਨ ਲਈ 8 ਲੱਖ ਤੋਂ ਵੱਧ ਕਿਸਾਨਾਂ ਦੀ ਸਹੂਲਤ ਲਈ ਵਿਸਤ੍ਰਿਤ ਪ੍ਰਬੰਧ ਕੀਤੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ‘ਚ 124 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਦਾ ਟੀਚਾ ਰੱਖਿਆ ਹੈ |
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਪੂਰੇ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਨੂੰ ਯਕੀਨੀ ਬਣਾਉਣ ਲਈ ਕਣਕ ਦੀ ਖਰੀਦ ਲਈ 28,894 ਕਰੋੜ ਰੁਪਏ ਦੀ ਨਕਦ ਕ੍ਰੈਡਿਟ ਲਿਮਿਟ ਪਹਿਲਾਂ ਹੀ ਪ੍ਰਾਪਤ ਕਰ ਲਈ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ‘ਚ 1864 ਖਰੀਦ ਕੇਂਦਰ (ਮੰਡੀਆਂ) ਸਥਾਪਤ ਕਰਨ ਤੋਂ ਇਲਾਵਾ, ਬੰਪਰ ਫਸਲ ਦੇ ਮੱਦੇਨਜ਼ਰ ਲਗਭਗ 600 ਅਸਥਾਈ ਖਰੀਦ ਕੇਂਦਰ ਵੀ ਸਥਾਪਤ ਕੀਤੇ ਹਨ।
ਮੰਤਰੀ ਲਾਲ ਚੰਦ ਕਟਾਰੂਚੱਕ (Lal Chand Kataruchak) ਨੇ ਕਿਹਾ ਕਿ ਕਿਸਾਨਾਂ ਨੂੰ ਫਸਲ ਦੀ ਖਰੀਦ ਦੇ 24 ਘੰਟਿਆਂ ਦੇ ਅੰਦਰ-ਅੰਦਰ ਭੁਗਤਾਨ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਖਰੀਦ ਪ੍ਰਬੰਧਨ ‘ਚ ਲੱਗੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਬਿਨਾਂ ਕਿਸੇ ਠੋਸ ਕਾਰਨ ਦੇ ਛੁੱਟੀ ਨਹੀਂ ਲੈਣਗੇ ਅਤੇ ਸੀਜ਼ਨ ਖਤਮ ਹੋਣ ਤੱਕ ਮੰਡੀਆਂ ਅਤੇ ਆਪਣੇ ਸਟੇਸ਼ਨਾਂ ‘ਚ ਮੌਜੂਦ ਰਹਿਣਗੇ।
ਬੈਠਕ ਦੌਰਾਨ ਕੈਬਨਿਟ ਮੰਤਰੀ ਨੇ ਮਾਝਾ ਖੇਤਰ ਦੇ ਚਾਰ ਜ਼ਿਲ੍ਹਿਆਂ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ ਅਤੇ ਤਰਨਤਾਰਨ ‘ਚ ਕਣਕ ਦੀ ਖਰੀਦ ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਇਸ ਸੀਜ਼ਨ ਦੌਰਾਨ ਮਾਝਾ ਖੇਤਰ ਨਾਲ ਸਬੰਧਤ ਗੁਰਦਾਸਪੁਰ ਜ਼ਿਲ੍ਹੇ ਦੀਆਂ ਮੰਡੀਆਂ ‘ਚ 6.69 ਲੱਖ ਮੀਟ੍ਰਿਕ ਟਨ, ਅੰਮ੍ਰਿਤਸਰ ‘ਚ 7.54 ਲੱਖ ਮੀਟ੍ਰਿਕ ਟਨ, ਤਰਨਤਾਰਨ ‘ਚ 7.76 ਲੱਖ ਮੀਟ੍ਰਿਕ ਟਨ ਅਤੇ ਪਠਾਨਕੋਟ ਜ਼ਿਲ੍ਹੇ ‘ਚ 0.73 ਲੱਖ ਮੀਟ੍ਰਿਕ ਟਨ ਕਣਕ ਦੀ ਫਸਲ ਆਉਣ ਦੀ ਉਮੀਦ ਹੈ।
ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਸਾਫ਼-ਸੁਥਰੇ ਪੀਣ ਵਾਲੇ ਪਾਣੀ, ਬਾਥਰੂਮ, ਬਿਜਲੀ ਅਤੇ ਮੰਡੀਆਂ ‘ਚ ਸਫ਼ਾਈ ਲਈ ਵਿਸ਼ੇਸ਼ ਪ੍ਰਬੰਧ ਕੀਤੇ ਹਨ। ਇਸ ਤੋਂ ਇਲਾਵਾ ਮੰਡੀਆਂ ‘ਚ ਮੁੱਢਲੀ ਸਹਾਇਤਾ ਵਾਲੀਆਂ ਮੈਡੀਕਲ ਕਿੱਟਾਂ ਦਾ ਪ੍ਰਬੰਧ ਵੀ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਏਜੰਟਾਂ ਨੂੰ ਤਰਪਾਲਾਂ ਆਦਿ ਲਈ ਜ਼ਰੂਰੀ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ ਖਰੀਦ ਸੀਜ਼ਨ ਦੌਰਾਨ ਖਰੀਦ ਲਈ ਠੋਸ ਪ੍ਰਬੰਧ ਕੀਤੇ ਸਨ ਅਤੇ ਇਸ ਵਾਰ ਵੀ ਕਿਸਾਨਾਂ ਨੂੰ ਮੰਡੀਆਂ ‘ਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ।
Read More: ਲਾਲ ਚੰਦ ਕਟਾਰੂਚੱਕ ਨੇ ਰਾਜਪੁਰਾ ਅਨਾਜ ਮੰਡੀ ਵਿਖੇ ਕਣਕ ਦੀ ਖਰੀਦ ਸ਼ੁਰੂ ਕਰਵਾਈ