Patiala

ਮੰਡੀਆਂ ‘ਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ: ਡੀ.ਸੀ. ਸਾਕਸ਼ੀ ਸਾਹਨੀ

ਪਟਿਆਲਾ, 04 ਅਪ੍ਰੈਲ 2023: ਡਿਪਟੀ ਕਮਿਸ਼ਨਰ ਪਟਿਆਲਾ, ਸਾਕਸ਼ੀ ਸਾਹਨੀ (Sakshi Sawhney) ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਕਿਸਾਨਾਂ ਨੂੰ ਫ਼ਸਲ ਵੇਚਣ ਤੋਂ ਬਾਅਦ ਤੁਰੰਤ ਅਦਾਇਗੀ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਕਣਕ ਦੀ ਖਰੀਦ ਕਰਨ ਵਾਲੀਆਂ ਸਮੂਹ ਖਰੀਦ ਏਜੰਸੀਆਂ ਨੂੰ ਇਸ ਬਾਰੇ ਨਿਰਦੇਸ਼ ਪਹਿਲਾਂ ਹੀ ਦੇ ਦਿੱਤੇ ਗਏ ਹਨ ਕਿ ਕਿਸਾਨਾਂ ਦੀ ਜਿਣਸ ਖਰੀਦਣ ਤੋਂ ਤੁਰੰਤ ਬਾਅਦ ਕਿਸਾਨਾਂ ਨੂੰ ਜਿਣਸ ਦੀ ਅਦਾਇਗੀ ਕਰਨੀ ਯਕੀਨੀ ਬਣਾਈ ਜਾਵੇ।

ਜ਼ਿਲ੍ਹੇ ‘ਚ ਕਣਕ ਦੀ ਖਰੀਦ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹੇ ‘ਚ ਕਣਕ ਦੀ ਸੁਚਾਰੂ ਖਰੀਦ ਕਰਨ ਲਈ 108 ਮੰਡੀਆਂ ਸਥਾਪਤ ਕੀਤੀਆਂ ਗਈਆਂ ਹਨ ਤੇ ਹਰੇਕ ਮੰਡੀ ‘ਚ ਨੋਡਲ ਅਫ਼ਸਰ ਤਾਇਨਾਤ ਕੀਤੇ ਗਏ ਹਨ ਤਾਂ ਜੋ ਕਿਸਾਨਾਂ ਨੂੰ ਆਪਣੀ ਜਿਣਸ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਸਾਕਸ਼ੀ ਸਾਹਨੀ (Sakshi Sawhney) ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੌਜੂਦਾ ਹਾੜੀ ਸੀਜ਼ਨ ‘ਚ ਕਣਕ ਦੀ ਖਰੀਦ 1 ਅਪ੍ਰੈਲ ਤੋਂ ਸ਼ੁਰੂ ਕੀਤੀ ਗਈ ਹੈ ਪਰ ਬੇਮੌਸਮੀ ਬਾਰਸ਼ ਕਾਰਨ ਮੰਡੀਆਂ ‘ਚ ਭਾਵੇਂ ਕਣਕ ਦੀ ਆਮਦ ਹਾਲੇ ਘੱਟ ਹੈ ਪਰ ਕਿਸਾਨਾਂ ਨੂੰ ਵੇਚੀ ਕਣਕ ਦੀ ਨਾਲੋਂ ਨਾਲ ਅਦਾਇਗੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ 108 ਮੰਡੀਆਂ ‘ਚ ਪਨਗਰੇਨ, ਮਾਰਕਫੈਡ, ਪਨਸਪ, ਵੇਅਰ ਹਾਊਸ ਅਤੇ ਐਫ.ਸੀ.ਆਈ ਵੱਲੋਂ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੌਜੂਦਾ ਹਾੜੀ ਦੇ ਸੀਜ਼ਨ ਦੌਰਾਨ ਕਣਕ ਦੀ ਖਰੀਦ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਚੱਜੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਆਪਣੀ ਜਿਣਸ ਵੇਚਣ ਲਈ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।

Scroll to Top