TheUnmute.com

ਕਿਸਾਨਾਂ ਨੂੰ ਜਲਦ ਮਿਲੇਗਾ ਬੇਮੌਸਮੀ ਬਾਰਿਸ਼ ਕਾਰਨ ਨੁਕਸਾਨੀਆਂ ਫ਼ਸਲਾ ਦਾ ਮੁਆਵਜ਼ਾ: ਕੁਲਵੰਤ ਸਿੰਘ

ਮੋਹਾਲੀ, 06 ਅਪ੍ਰੈਲ 2023: ਪੰਜਾਬ ’ਚ ਪਈ ਬੇਮੌਸਮੀ ਬਾਰਿਸ਼ ਅਤੇ ਗੜੇਮਾਰੀ ਕਾਰਨ ਕਿਸਾਨਾਂ ਦੀ ਕਈ ਏਕੜ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ | ਇੱਥੋਂ ਤੱਕ ਕਿ ਪੰਜਾਬ ਦੇ ਕੁਝ ਇਲਾਕਿਆਂ ’ਚ 100 ਫ਼ੀਸਦੀ ਕਣਕ ਦੀ ਫ਼ਸਲ ਬਰਬਾਦ ਹੋ ਚੁੱਕੀ ਹੈ | ਮੋਹਾਲੀ ਹਲਕੇ ਦੇ ਬਹੁਤੇ ਪਿੰਡਾਂ ’ਚ ਵੀ ਕਣਕ ਦੀ ਫ਼ਸਲ ਦਾ 50 ਤੋਂ ਲੈ ਕੇ 70 ਫ਼ੀਸਦੀ ਨੁਕਸਾਨ ਹੋਇਆ ਹੈ | ਇਸ ਹੋਏ ਨੁਕਸਾਨ ਦੀ ਪੂਰਤੀ ਲਈ ਪੰਜਾਬ ਦੀ ‘ਆਪ’ ਸਰਕਾਰ ਐਕਸ਼ਨ ‘ਚ ਨਜ਼ਰ ਆ ਰਹੀ ਹੈ |

ਇਸੇ ਤਹਿਤ ਕਿਸਾਨਾਂ ਦੀਆਂ ਨੁਕਸਾਨੀਆਂ ਫ਼ਸਲਾਂ ਦਾ ਜਾਇਜ਼ਾ ਲੈਣ ਲਈ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ (MLA Kulwant Singh) ਹਲਕੇ ਦੇ ਪਿੰਡ ਗੀਗੇ ਮਾਜਰਾ ਪਹੁੰਚੇ, ਜਿੱਥੇ ਉਨ੍ਹਾਂ ਨੇ ਕਿਸਾਨਾਂ ਦੇ ਖੇਤਾਂ ਵਿੱਚ ਜਾ ਕੇ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲਿਆ | ਉਨ੍ਹਾਂ ਵਲੋਂ ਜਿੱਥੇ ਖ਼ੁਦ ਖੇਤਾਂ ’ਚ ਜਾ ਕੇ ਫ਼ਸਲਾਂ ਦਾ ਹੋਇਆ ਨੁਕਸਾਨ ਦੇਖਿਆ, ਉੱਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਪਿੰਡ ’ਚ ਹੋਕਾ ਦੁਆ ਕੇ ਪਿੰਡ ਵਾਸੀਆਂ ਨੂੰ ਇਕੱਠੇ ਕੀਤਾ ਅਤੇ ਉਨ੍ਹਾਂ ਦੇ ਸਾਹਮਣੇ ਮਾਲ ਵਿਭਾਗ ਦੇ ਅਫ਼ਸਰਾਂ ਅਤੇ ਅਧਿਕਾਰੀਆਂ ਨੂੰ ਸਪੈਸ਼ਲ ਗਿਰਦਾਵਰੀ ਲਈ ਹਦਾਇਤਾਂ ਜਾਰੀ ਕੀਤੀਆਂ | ਇਸ ਮੌਕੇ ਨਾਲ ਲੱਗਦੇ ਕਈ ਪਿੰਡਾਂ ਦੇ ਕਿਸਾਨ ਪਹੁੰਚੇ ਹੋਏ ਸਨ, ਵਿਧਾਇਕ ਕੁਲਵੰਤ ਸਿੰਘ ਨੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ |

Kulwant Singh

ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਕੁਦਰਤੀ ਆਫ਼ਤ ਸਾਹਮਣੇ ਕਿਸੇ ਦਾ ਜ਼ੋਰ ਨਹੀਂ ਚੱਲਦਾ ਪਰ ਕੁਦਰਤੀ ਆਫ਼ਤਾਂ ਵਿੱਚ ਹੋਏ ਨੁਕਸਾਨ ਦੀ ਪੂਰਤੀ ਲਈ ਪੰਜਾਬ ਸਰਕਾਰ ਸੁਹਿਰਦ ਹੈ, ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ ਤੇ ਮਜ਼ਦੂਰਾਂ ਨਾਲ ਚੱਟਾਨ ਵਾਂਗ ਖੜ੍ਹੀ ਹੈ | ਉਨ੍ਹਾਂ ਕਿਹਾ ਕਿ ਅਫ਼ਸਰਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਬਹੁਤ ਜਲਦੀ ਸਪੈਸ਼ਲ ਗਿਰਦਾਵਰੀ ਕਰਵਾ ਕੇ ਕਿਸਾਨਾਂ ਦੇ ਖਾਤਿਆਂ ’ਚ ਮੁਆਵਜ਼ੇ ਦੀ ਰਕਮ ਭੇਜ ਦਿੱਤੀ ਜਾਵੇਗੀ |

ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ 15000 ਪ੍ਰਤੀ ਏਕੜ ਮੁਆਵਜ਼ਾ ਜਲਦ ਦਿੱਤਾ ਜਾਵੇਗਾ | ਕਿਸਾਨਾਂ ਨੂੰ ਇਹ ਮੁਆਵਜ਼ਾ ਵਿਸ਼ਾਖੀ ਤੋਂ ਵੰਡਣਾ ਸ਼ੁਰੂ ਕਰ ਦਿੱਤਾ ਜਾਵੇਗਾ ਅਤੇ ਅਪ੍ਰੈਲ ਮਹੀਨੇ ਵਿੱਚ ਸਾਰੇ ਕਿਸਾਨਾਂ ਨੂੰ ਉਨ੍ਹਾਂ ਦਾ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ | ਉਨ੍ਹਾਂ ਨੇ ਕਿਹਾ ਕੋਈ ਵੀ ਆਪਣੀਆਂ ਸਮੱਸਿਆ ਲੈ ਕੇ ਸਿੱਧਾ ਉਨ੍ਹਾਂ ਕੋਲ ਆ ਸਕਦਾ ਹੈ, ਉਨ੍ਹਾਂ ਦੀ ਗੱਲ ਸੁਣੀ ਜਾਵੇਗੀ ਤੇ ਹੱਲ ਕੀਤੀ ਜਾਵੇਗੀ |

ਵਿਧਾਇਕ ਕੁਲਵੰਤ ਸਿੰਘ ( MLA Kulwant Singh)  ਨੇ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦਿੱਤੀਆਂ ਗ੍ਰਾਂਟੀਆ ਪੂਰੀਆਂ ਕੀਤੀਆਂ ਜਾ ਰਹੀਆਂ ਹਨ, ਪੰਜਾਬ ਸਰਕਾਰ ਨੇ ਸੂਬੇ ਦੇ 29000 ਨੌਜਵਾਨ ਮੁੰਡੇ-ਕੁੜੀਆਂ ਨੂੰ ਨੌਕਰੀਆਂ ਦਿੱਤੀਆਂ, ਇਸਦੇ ਨਾਲ ਹੀ ਮੁਹੱਲਾ ਕਲੀਨਿਕ ਜਿਸ ਵਿੱਚ ਦਵਾਈਆਂ ਅਤੇ ਕਈ ਟੈਸਟ ਮੁਫ਼ਤ ਕੀਤੇ ਜਾਂਦੇ ਹਨ | ਇਸਦੇ ਨਾਲ ਹੀ ਸੂਬੇ ਦੇ ਲੋਕਾਂ ਨੂੰ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ, ਜਿਸ ਨਾਲ ਕਈਂ ਗਰੀਬ ਘਰਾਂ ਦਾ ਬਿਜਲੀ ਦਾ ਬਿੱਲ ਜ਼ੀਰੋ ਆਇਆ | ਉਨ੍ਹਾਂ ਨੇ ਕਿਹਾ ਕਿ ਮਾਨ ਸਰਕਾਰ ਬਾਕੀ ਗ੍ਰਾਂਟੀਆ ਨੂੰ ਵੀ ਪੂਰਾ ਕਰਨ ਲਈ ਵਚਨਵੱਧ ਹੈ | ਇਸਤੋਂ ਪਹਿਲਾਂ ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਗੁਡਾਣਾ, ਢੇਲਪੁਰ, ਗਿੱਦੜਪੁਰ, ਕੁਰੜੀ ਆਦਿ ਪਿੰਡਾਂ ਵਿੱਚ ਕਿਸਾਨਾਂ ਦੀ ਨੁਕਸਾਨੀਆਂ ਫ਼ਸਲਾਂ ਦਾ ਜਾਇਜ਼ਾ ਲੈ ਚੁੱਕੇ ਹਨ |

Exit mobile version