Site icon TheUnmute.com

ਮਾਲ ਵਿਭਾਗ ਦੇ ਕੰਮਾਂ ਸੰਬੰਧਿਤ ਸ਼ਿਕਾਇਤਾਂ ਬੇਝਿਜਕ ਹੈਲਪਲਾਈਨ ਨੰਬਰਾਂ ‘ਤੇ ਕਰਵਾਉਣ ਦਰਜ: ਬ੍ਰਮ ਸ਼ੰਕਰ ਜਿੰਪਾ

Bram Shankar Jimpa.

ਚੰਡੀਗੜ੍ਹ, 20 ਅਗਸਤ 2024: ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ (Bram Shankar Jimpa) ਨੇ ਦੱਸਿਆ ਕਿ ਅਗਸਤ 2024 ਦੌਰਾਨ ਪੰਜਾਬ ਸਰਕਾਰ ਦੇ ਖਜ਼ਾਨੇ ‘ਚ ਅਗਸਤ 2023 ਨਾਲੋਂ 26 ਫੀਸਦੀ ਜ਼ਿਆਦਾ ਆਮਦਨ ਪ੍ਰਾਪਤ ਹੋਈ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਜ਼ਮੀਨ ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿੱ’ਚ ਲਗਾਤਾਰ ਵਾਧਾ ਹੋ ਰਿਹਾ ਹੈ।

ਇਸ ਸੰਬੰਧੀ ਮਾਲ ਮੰਤਰੀ ਨੇ ਕਿਹਾ ਹੈ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਮੁੱਖ ਟੀਚਾ ਹੈ ਤੇ ਇਸੇ ਸਦਕਾ ਪੰਜਾਬ ਦੀ ਆਮਦਨ ‘ਚ ਲਗਾਤਾਰ ਚੌਖਾ ਵਾਧਾ ਹੋ ਰਿਹਾ ਹੈ।

ਹੋਰ ਵੇਰਵਿਆਂ ਬਾਰੇ ਜਾਣਕਾਰੀ ਦਿੰਦਿਆਂ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਅਗਸਤ 2024 ‘ਚ ਸਟੈਂਪ ਅਤੇ ਰਜਿਸਟਰੇਸ਼ਨ ਅਧੀਨ ਪੰਜਾਬ ਸਰਕਾਰ ਨੂੰ 440.92 ਕਰੋੜ ਰੁਪਏ ਦੀ ਆਮਦਨ ਪ੍ਰਾਪਤ ਹੋਈ ਹੈ ਜੋ ਕਿ ਸਾਲ 2023 ਦੇ ਅਗਸਤ ਮਹੀਨੇ ਨਾਲੋਂ 26.24 ਫੀਸਦੀ ਵੱਧ ਹੈ। ਅਗਸਤ ਮਹੀਨੇ 2023 ‘ਚ ਇਹ ਆਮਦਨ 349.26 ਕਰੋੜ ਰੁਪਏ ਸੀ।

ਮੰਤਰੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਜੁਲਾਈ 2024 ‘ਚ ਸਟੈਂਪ ਅਤੇ ਰਜਿਸਟਰੇਸ਼ਨ ਅਧੀਨ ਸੂਬਾ ਸਰਕਾਰ ਨੂੰ 463.08 ਕਰੋੜ ਰੁਪਏ ਦੀ ਆਮਦਨ ਪ੍ਰਾਪਤ ਹੋਈ ਸੀ, ਇਹ ਸਾਲ 2023 ਦੇ ਜੁਲਾਈ ਮਹੀਨੇ ਨਾਲੋਂ 71 ਫੀਸਦੀ ਵੱਧ ਸੀ। ਇਸਦੇ ਨਾਲ ਹੀ ਜੁਲਾਈ 2023 ‘ਚ ਇਹ ਆਮਦਨ 270.67 ਕਰੋੜ ਰੁਪਏ ਸੀ।

ਬ੍ਰਮ ਸ਼ੰਕਰ ਜਿੰਪਾ (Bram Shankar Jimpa) ਨੇ ਦੱਸਿਆ ਕਿ ਰਜਿਸਟਰੀਆਂ ਤੋਂ ਅਪ੍ਰੈਲ ਤੋਂ ਜੁਲਾਈ 2024 ਤੱਕ ਪੰਜਾਬ ਦੇ ਖ਼ਜ਼ਾਨੇ ‘ਚ ਕੁੱਲ 1854.12 ਕਰੋੜ ਰੁਪਏ ਆ ਚੁੱਕੇ ਹਨ ਜਦਕਿ 2023 ਦੇ ਇਨ੍ਹਾਂ ਮਹੀਨਿਆਂ ‘ਚ ਇਹ ਰਕਮ 1461.87 ਕਰੋੜ ਰੁਪਏ ਸੀ।

ਉਨ੍ਹਾਂ ਇਹ ਵੀ ਦੱਸਿਆ ਕਿ ਜੂਨ 2024 ‘ਚ ਸਟੈਂਪ ਅਤੇ ਰਜਿਸਟਰੇਸ਼ਨ ਅਧੀਨ ਪੰਜਾਬ ਸਰਕਾਰ ਨੂੰ 452.96 ਕਰੋੜ ਰੁਪਏ ਦੀ ਆਮਦਨ ਹੋਈ ਸੀ ਜੋ ਕਿ ਸਾਲ 2023 ਦੇ ਜੂਨ ਮਹੀਨੇ ਨਾਲੋਂ 42 ਫੀਸਦੀ ਜ਼ਿਆਦਾ ਰਹੀ । ਇਸਦੇ ਨਾਲ ਹੀ ਜੂਨ 2024 ‘ਚ ਇਹ ਆਮਦਨ 319.33 ਕਰੋੜ ਰੁਪਏ ਸੀ।

ਉਨ੍ਹਾਂ ਦੱਸਿਆ ਕਿ ਮਈ 2024 ‘ਚ ਵੀ 526.36 ਕਰੋੜ ਰੁਪਏ ਸਰਕਾਰੀ ਖ਼ਜ਼ਾਨੇ ‘ਚ ਆਏ, ਜਦੋਂ ਕਿ ਮਈ 2023 ‘ਚ ਇਹ ਰਕਮ 430.63 ਕਰੋੜ ਰੁਪਏ ਸੀ। ਇਹ ਵਾਧਾ ਪਿਛਲੇ ਸਾਲ ਦੇ ਮੁਕਾਬਲੇ 22 ਫੀਸਦੀ ਬਣਦਾ ਹੈ |

ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮਦਨ ‘ਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਅਸ਼ਟਾਮ ਅਤੇ ਰਜਿਸਟ੍ਰੇਸ਼ਨਾਂ ਤਹਿਤ ਵੱਡੀ ਰਕਮ ਸਰਕਾਰੀ ਖ਼ਜ਼ਾਨੇ ‘ਚ ਆ ਰਹੀ ਹੈ। ਆਉਣ ਵਾਲੇ ਸਮੇਂ ‘ਚ ਆਮਦਨ ਹੋਰ ਵਧਣ ਦੀ ਸੰਭਾਵਨਾ ਹੈ ਕਿਉਂਕਿ ਐਨਓਸੀ ਦੀ ਸ਼ਰਤ ਖ਼ਤਮ ਹੋਣ ਨਾਲ ਰਜਿਸਟਰੀਆਂ ‘ਚ ਹੋਰ ਵਾਧਾ ਹੋਵੇਗਾ।

ਮਾਲ ਮੰਤਰੀ (Bram Shankar Jimpa) ਨੇ ਕਿਹਾ ਕਿ ਪੰਜਾਬ ਸਰਕਾਰ ਮਾਲ ਵਿਭਾਗ ਦੇ ਕੰਮਕਾਜ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਲਈ ਪਹਿਲੇ ਦਿਨ ਤੋਂ ਹੀ ਠੋਸ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਸੱਤਾ ਸੰਭਾਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਭ੍ਰਿਸ਼ਟ ਅਧਿਕਾਰੀਆਂ/ਕਰਮਚਾਰੀਆਂ ਦੀ ਸ਼ਿਕਾਇਤ ਲਈ ਹੈਲਪਲਾਈਨ ਨੰਬਰ ਜਾਰੀ ਕੀਤਾ ਸੀ, ਜਿਸ ਦੇ ਸਾਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ।

ਉਨ੍ਹਾਂ ਦੱਸਿਆ ਕਿ ਮਾਲ ਵਿਭਾਗ ਦੇ ਕੰਮਾਂ ਸਬੰਧੀ ਸ਼ਿਕਾਇਤਾਂ ਦਰਜ ਕਰਵਾਉਣ ਲਈ ਨੰਬਰ 8184900002 ਵੀ ਜਾਰੀ ਕੀਤਾ ਗਿਆ ਹੈ। ਪ੍ਰਵਾਸੀ ਭਾਰਤੀ ਆਪਣੀ ਸ਼ਿਕਾਇਤ ਨੰਬਰ 9464100168 ‘ਤੇ ਦਰਜ ਕਰਵਾ ਸਕਦੇ ਹਨ। ਇਹ ਨੰਬਰ ਸਿਰਫ਼ ਲਿਖਤੀ ਸ਼ਿਕਾਇਤਾਂ ਲਈ ਹਨ।

ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਪ੍ਰੇਸ਼ਾਨ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਅਪੀਲ ਕੀਤੀ ਕਿ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਉਨ੍ਹਾਂ ਨੂੰ ਜਾਇਜ਼ ਕੰਮ ਕਰਨ ਲਈ ਤੰਗ ਪ੍ਰੇਸ਼ਾਨ ਕਰਦਾ ਹੈ ਜਾਂ ਮਾਲ ਵਿਭਾਗ ਦੇ ਕੰਮਕਾਜ ਸਬੰਧੀ ਕੋਈ ਸ਼ਿਕਾਇਤ ਹੈ ਤਾਂ ਲੋਕ ਬਿਨਾਂ ਝਿਜਕ ਸ਼ਿਕਾਇਤ ਹੈਲਪਲਾਈਨ ਨੰਬਰਾਂ ‘ਤੇ ਦਰਜ ਕਰਵਾਉਣ।

ਬ੍ਰਮ ਸ਼ੰਕਰ ਜਿੰਪਾ ਨੇ ਪੰਜਾਬ ਵਾਸੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਮਾਲ ਵਿਭਾਗ ਨਾਲ ਸਬੰਧਤ ਕਿਸੇ ਵੀ ਕੰਮ ਨੂੰ ਕਰਾਉਣ ਲਈ ਕਿਸੇ ਵੀ ਅਫਸਰ ਜਾਂ ਮੁਲਾਜ਼ਮ ਨੂੰ ਰਿਸ਼ਵਤ ਨਾ ਦਿੱਤੀ ਜਾਵੇ ਅਤੇ ਜੇਕਰ ਕੋਈ ਰਿਸ਼ਵਤ ਮੰਗਦਾ ਹੈ ਤਾਂ ਇਸ ਦੀ ਰਿਪੋਰਟ ਤੁਰੰਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਭ੍ਰਿਸ਼ਟ ਅਫਸਰਾਂ ਤੇ ਮੁਲਾਜ਼ਮਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆਂ ਨਹੀਂ ਜਾਵੇਗਾ।

Exit mobile version