Harpal Singh Cheema

ਵਿੱਤ ਮੰਤਰੀ ਹਰਪਾਲ ਚੀਮਾ ਨੇ ਸਿੱਖਿਆ ਵਿਭਾਗ ਦੀਆਂ 7 ਜਥੇਬੰਦੀਆਂ ਨਾਲ ਕੀਤੀਆਂ ਬੈਠਕਾਂ

ਚੰਡੀਗੜ੍ਹ, 30 ਅਕਤੂਬਰ 2025: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ‘ਸਿੱਖਿਆ ਕ੍ਰਾਂਤੀ’ ਪ੍ਰੋਗਰਾਮ ਤਹਿਤ ਕੀਤੇ ਜਾ ਰਹੇ ਬੁਨਿਆਦੀ ਢਾਂਚੇ ਦੇ ਵਿਆਪਕ ਅਪਗ੍ਰੇਡਾਂ, ਅਧਿਆਪਕਾਂ ਦੀ ਗਿਣਤੀ ਵਧਾਉਣ ਅਤੇ ਉਨ੍ਹਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਤੇ ਮੁੱਦਿਆਂ ਨੂੰ ਹੱਲ ਕਰਨ ਲਈ ਚੁੱਕੇ ਕਦਮਾਂ ਕਾਰਨ ਸੂਬੇ ਦੀ ਸਿੱਖਿਆ ਪ੍ਰਣਾਲੀ ‘ਚ ਬਦਲਾਅ ਆਇਆ ਹੈ |

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਹ ਟਿੱਪਣੀਆਂ ਅੱਜ ਇਥੇ ਸਿੱਖਿਆ ਵਿਭਾਗ ਦੀਆਂ 7 ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਵਿਸਥਾਰਤ ਵਿਚਾਰ-ਵਟਾਂਦਰਾ ਕਰਨ ਦੌਰਾਨ ਕੀਤੀਆਂ। ਇਨ੍ਹਾਂ ਜਥੇਬੰਦੀਆਂ ‘ਚ ਸਪੈਸ਼ਲ ਕਾਡਰ ਅਧਿਆਪਕ ਫਰੰਟ, ਕੰਪਿਊਟਰ ਅਧਿਆਪਕ ਯੂਨੀਅਨ, ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ, ਬੇਰੋਜ਼ਗਾਰ ਬੀ.ਐੱਡ. ਟੈੱਟ ਪਾਸ ਅਧਿਆਪਕ ਯੂਨੀਅਨ, ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ (ਸੁਨੀਲ ਫਾਜ਼ਿਲਕਾ) ਅਤੇ ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ (ਜੈ ਸਿੰਘ ਵਾਲਾ) ਸ਼ਾਮਲ ਸਨ। ਪੰਜਾਬ ਵਿੱਤ ਮੰਤਰੀ ਨੇ ਉਨ੍ਹਾਂ ਦੀਆਂ ਮੰਗਾਂ ਦੀ ਵਿਆਪਕ ਸਮੀਖਿਆ ਕੀਤੀ ਅਤੇ ਜਥੇਬੰਦੀਆਂ ਦੇ ਮੈਂਬਰਾਂ ਨੂੰ ਸਰਕਾਰੀ ਸਕੂਲਾਂ ‘ਚ ਸਿੱਖਿਆ ਦੇ ਮਿਆਰਾਂ ਨੂੰ ਹੋਰ ਉੱਚਾ ਚੁੱਕਣ ਲਈ ਹੋਰ ਸਮਰਪਣ ਕਰਨ ਲਈ ਉਤਸ਼ਾਹਿਤ ਕੀਤਾ।

ਇਸ ਮੌਕੇ ਸਿੱਖਿਆ ਸਕੱਤਰ ਅਨਿੰਦਿਤਾ ਮਿਤਰਾ ਨੇ ਵਿੱਤ ਮੰਤਰੀ ਨੂੰ ਦੱਸਿਆ ਕਿ ਯੂਨੀਅਨਾਂ ਦੀਆਂ ਜ਼ਿਆਦਾਤਰ ਮੰਗਾਂ ਦਾ ਹੱਲ ਜਾਂ ਤਾਂ ਅੰਤਿਮ ਪੜਾਅ ‘ਤੇ ਹੈ ਜਾਂ ਇੰਨ੍ਹਾਂ ‘ਤੇ ਕਾਰਵਾਈ ਚੱਲ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਯੂਨੀਅਨ ਵੱਲੋਂ ਉਠਾਈਆਂ ਹੋਰ ਜਾਇਜ਼ ਮੰਗਾਂ ਨੂੰ ਵੀ ਛੇਤੀ ਹੀ ਹੱਲ ਕਰ ਦਿੱਤਾ ਜਾਵੇਗਾ। ਇਸ ਦੇ ਜਵਾਬ ‘ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਹ ਜਾਇਜ਼ ਮੰਗਾਂ ਨਾਲ ਜੁੜੀਆਂ ਵਿੱਤੀ ਜ਼ਿੰਮੇਵਾਰੀਆਂ ਨੂੰ ਵਿੱਤ ਵਿਭਾਗ ਨਾਲ ਸਾਂਝਾ ਕਰੇ ਤਾਂ ਜੋ ਬਿਨਾਂ ਕਿਸੇ ਦੇਰੀ ਦੇ ਜ਼ਰੂਰੀ ਕਾਰਵਾਈ ਬਾਰੇ ਫੈਸਲਾ ਲਿਆ ਜਾ ਸਕੇ।

ਇੱਕ ਵੱਖਰੀ ਬੈਠਕ ਦੌਰਾਨ ਵਿੱਤ ਮੰਤਰੀ ਨੇ ਆਲ ਪੰਜਾਬ ਡੀ.ਐੱਸ.ਟੀ./ਸੀ.ਟੀ.ਐੱਫ. ਕੰਟਰੈਕਟ ਵਰਕਰਜ਼ ਯੂਨੀਅਨ ਨਾਲ ਵੀ ਇੱਕ ਸਾਰਥਕ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਮੁੱਦਿਆਂ ਨੂੰ ਸੁਖਾਵੇਂ ਢੰਗ ਨਾਲ ਹੱਲ ਕਰਨ ਦਾ ਭਰੋਸਾ ਦਿੱਤਾ। ਇਨ੍ਹਾਂ ਬੈਠਕਾਂ ਦੌਰਾਨ ਵਿਸ਼ੇਸ਼ ਸਕੱਤਰ (ਪਰਸੋਨਲ) ਉਪਕਾਰ ਸਿੰਘ ਅਤੇ ਵਿਸ਼ੇਸ਼ ਸਕੱਤਰ (ਵਿੱਤ) ਅਜੈ ਅਰੋੜਾ ਨੇ ਵਿੱਤ ਮੰਤਰੀ ਨੂੰ ਜਥੇਬੰਦੀਆਂ ਵੱਲੋਂ ਰੱਖੀਆਂ ਮੰਗਾਂ ਦੀ ਆਪਣੇ ਸਬੰਧਤ ਵਿਭਾਗ ਦੀ ਸਥਿਤੀ ਬਾਰੇ ਜਾਣੂ ਕਰਵਾਇਆ।

Read More: ਪੰਜਾਬ ਪੁਲਿਸ ਦੀ ਸੂਬੇ ਭਰ ‘ਚ ਛਾਪੇਮਾਰੀ, 2.3 ਕਿੱਲੋ ਹੈਰੋਇਨ ਤੇ ਡਰੱਗ ਮਨੀ ਜ਼ਬਤ

Scroll to Top