ਕਾਂਗਰਸ ਅਤੇ ਅਕਾਲੀ-ਭਾਜਪਾ ਦੀ ਅਗਵਾਈ ਵਾਲੀਆਂ ਪਿਛਲੀਆਂ ਸਰਕਾਰਾਂ ‘ਤੇ ਨਿਸ਼ਾਨਾ ਬੰਨ੍ਹਿਆ, ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਕੀਤਾ ਉਜਾਗਰ
ਲੋਕਾਂ ਲਈ ਮੁਫ਼ਤ ਬਿਜਲੀ ਦਾ ਵਾਅਦਾ ਕੀਤਾ ਪੂਰਾ
ਇਤਿਹਾਸਕ ਫੈਸਲਾ: ਗੋਇੰਦਵਾਲ ਸਾਹਿਬ ਵਿਖੇ ਨਿੱਜੀ ਕੰਪਨੀ ਤੋਂ ਥਰਮਲ ਪਲਾਂਟ ਖਰੀਦਿਆ
ਪੰਜਾਬ ਵਿੱਚ ਸਿਹਤ ਕ੍ਰਾਂਤੀ: ਆਮ ਆਦਮੀ ਕਲੀਨਿਕਾਂ ਨੇ ਲੋਕਾਂ ਦੀ ਜੀਵਨ ਵਿੱਚ ਲਿਆਂਦਾ ਕ੍ਰਾਂਤੀਕਾਰੀ ਬਦਲਾਅ
ਸਿੱਖਿਆ ਖੇਤਰ ਦੇ ਬਜਟ ਵਿੱਚ 57 ਫ਼ੀਸਦ ਦਾ ਕੀਤਾ ਵਾਧਾ
ਸੂਬੇ ਵਿੱਚ 90,000 ਕਰੋੜ ਰੁਪਏ ਤੋਂ ਵੱਧ ਦਾ ਹੋਇਆ ਨਿਵੇਸ਼
ਯੁੱਧ ਨਸ਼ਿਆ ਵਿਰੁੱਧ: ਪੰਜਾਬ ਸਰਕਾਰ ਦਾ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਹਮਲਾ
ਨੌਜਵਾਨਾਂ ਨੂੰ ਕੀਤਾ ਜਾ ਰਿਹਾ ਹੈ ਸਸ਼ਕਤ, ਖੇਡਾਂ ਨੂੰ ਮਿਲਿਆ ਹੁਲਾਰਾ
ਦੇਸ਼ ਲਈ ਜਾਨਾਂ ਵਾਰਨ ਵਾਲੇ ਸੈਨਿਕਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ
25 ਮਾਰਚ 2025: ਮੁੱਖ ਮੰਤਰੀ ਭਗਵੰਤ ਸਿੰਘ ਮਾਨ (bahgwant singh maan) ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਸ਼ਾਨਦਾਰ ਪ੍ਰਾਪਤੀਆਂ ਨੂੰ ਉਜਾਗਰ ਕਰਨ ਦੇ ਨਾਲ-ਨਾਲ ਕਾਂਗਰਸ ਅਤੇ ਅਕਾਲੀ-ਭਾਜਪਾ ਦੀ ਅਗਵਾਈ ਵਾਲੀਆਂ ਪਿਛਲੀਆਂ ਸਰਕਾਰਾਂ ‘ਤੇ ਵਰ੍ਹਦਿਆਂ, ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ (advocate harpal singh cheema) ਸਿੰਘ ਚੀਮਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਦਾ ਉਨ੍ਹਾਂ ਦੇ ਸ਼ਾਨਦਾਰ ਭਾਸ਼ਣ ਲਈ ਧੰਨਵਾਦ ਕੀਤਾ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਪਣਾ ਭਾਸ਼ਣ 2022 ਦੀਆਂ ਚੋਣਾਂ ਦੌਰਾਨ ਆਮ ਆਦਮੀ ਪਾਰਟੀ (ਆਪ) ਵੱਲੋਂ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਬਿਜਲੀ ਪ੍ਰਦਾਨ ਕਰਨ ਦੇ ਵਾਅਦੇ ਨੂੰ ਯਾਦ ਕਰਦਿਆਂ ਸ਼ੁਰੂ ਕੀਤਾ। ਉਨ੍ਹਾਂ ਮਾਣ ਨਾਲ ਐਲਾਨ ਕੀਤਾ ਕਿ ਇਹ ਵਾਅਦਾ ਸਰਕਾਰ ਵੱਲੋਂ ਸੱਤਾ ਸੰਭਾਲਣ ਦੇ ਮਹਿਜ਼ ਤਿੰਨ ਮਹੀਨਿਆਂ ਵਿੱਚ ਹੀ ਪੂਰਾ ਹੋ ਗਿਆ ਹੈ, ਜਿਸ ਨਾਲ 90 ਫ਼ੀਸਦ ਘਰੇਲੂ ਬਿਜਲੀ ਖਪਤਕਾਰਾਂ ਦਾ ਬਿੱਲ ਹੁਣ ਜ਼ੀਰੋ ਆ ਰਿਹਾ ਹੈ। ਉਨ੍ਹਾਂ ਨੇ ਗੋਇੰਦਵਾਲ ਸਾਹਿਬ ਵਿਖੇ 6000 ਕਰੋੜ ਰੁਪਏ ਦੇ ਨਿੱਜੀ ਥਰਮਲ ਪਲਾਂਟ ਨੂੰ ਸਿਰਫ਼ 1080 ਕਰੋੜ ਰੁਪਏ ਵਿੱਚ ਹਾਸਲ ਕਰਨ ਦੇ ਸਰਕਾਰ ਦੇ ਇਤਿਹਾਸਕ ਫੈਸਲੇ ‘ਤੇ ਵੀ ਚਾਨਣਾ ਪਾਇਆ, ਜੋ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਸਰਕਾਰ ਵੱਲੋਂ ਕਿਸੇ ਨਿੱਜੀ ਕੰਪਨੀ ਨੂੰ ਖਰੀਦਿਆ ਗਿਆ ਹੈ।
ਕਾਂਗਰਸ ਦੀ ਅਗਵਾਈ ਵਾਲੀਆਂ ਪਿਛਲੀਆਂ ਸਰਕਾਰਾਂ ‘ਤੇ ਨਿਸ਼ਾਨਾ ਬਿੰਨ੍ਹਦਿਆਂ ਵਿੱਤ ਮੰਤਰੀ ਚੀਮਾ ਨੇ ਸੈਸ਼ਨ ਦੌਰਾਨ ਕਾਂਗਰਸ ਪਾਰਟੀ ਦੇ ਵਾਕ-ਆਊਟ ਦੀ ਆਲੋਚਨਾ ਕੀਤੀ, ਅਤੇ ਵਾਕ-ਆਊਟ ਦਾ ਕਾਰਨ ਕਾਂਗਰਸ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਛੱਡੇ ਗਏ 9000 ਕਰੋੜ ਰੁਪਏ ਦੇ ਸਬਸਿਡੀ ਬਕਾਏ ਨੂੰ ਹਾਸਲ ਕਰਨ ਵਿੱਚ ਮੌਜੂਦਾ ਸਰਕਾਰ ਦੀ ਸਫਲਤਾ ਨੂੰ ਹਜ਼ਮ ਕਰਨ ਵਿੱਚ ਉਨ੍ਹਾਂ ਦੀ ਅਸਮਰੱਥਾ ਨੂੰ ਦੱਸਿਆ।
ਆਮ ਆਦਮੀ ਪਾਰਟੀ ਦੇ ਸੂਬੇ ਵਿੱਚ ਸਿਹਤ ਕ੍ਰਾਂਤੀ ਲਿਆਉਣ ਦੇ ਵਾਅਦੇ ਦਾ ਹਵਾਲਾ ਦਿੰਦਿਆਂ ਵਿੱਤ ਮੰਤਰੀ ਨੇ ਆਮ ਆਦਮੀ ਕਲੀਨਿਕਾਂ ਦੇ ਪਰਿਵਰਤਨਸ਼ੀਲ ਪ੍ਰਭਾਵ ਨੂੰ ਉਜਾਗਰ ਕੀਤਾ, ਜਿਨ੍ਹਾਂ ਰਾਹੀਂ ਅਣਗਿਣਤ ਨਾਗਰਿਕਾਂ ਨੂੰ ਮੁਫਤ ਇਲਾਜ, ਟੈਸਟ ਅਤੇ ਦਵਾਈਆਂ ਪ੍ਰਦਾਨ ਕੀਤੀਆਂ ਗਈਆਂ ਹਨ ਜਦਕਿ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਸਿਹਤ ਸੰਭਾਲ ਅਹੁਦਿਆਂ ਲਈ ਢੁਕਵੀਂ ਭਰਤੀ ਕਰਨ ਵਿੱਚ ਅਸਫਲ ਰਹੀ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਦੌਰਾਨ 547 ਅਸਾਮੀਆਂ ਲਈ ਇੱਕ ਇਸ਼ਤਿਹਾਰ ਜਾਰੀ ਕੀਤਾ ਗਿਆ ਸੀ, ਜਿਸ ਵਿੱਚੋਂ ਸਿਰਫ਼ 43 ਲੋਕਾਂ ਨੂੰ ਭਰਤੀ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਨਾ ਸਿਰਫ਼ ਮਾਹਰ ਡਾਕਟਰਾਂ ਦੀ ਭਰਤੀ ਕੀਤੀ ਬਲਕਿ ਸਰਕਾਰੀ ਹਸਪਤਾਲਾਂ ਦੀ ਨੁਹਾਰ ਵੀ ਬਦਲੀ ਜਾ ਰਹੀ ਹੈ।
ਵਿੱਤ ਮੰਤਰੀ ਚੀਮਾ ਨੇ ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ (punjab sarkar) ਵੱਲੋਂ ਸਿੱਖਿਆ ਖੇਤਰ ਦੇ ਬਜਟ ਵਿੱਚ 57 ਫ਼ੀਸਦ ਵਾਧੇ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਸਕੂਲ ਆਫ਼ ਐਮੀਨੈਂਸ ਅਤੇ ਅੰਤਰਰਾਸ਼ਟਰੀ ਅਧਿਆਪਕ ਸਿਖਲਾਈ ਪ੍ਰੋਗਰਾਮਾਂ ਵਰਗੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਇਸ ਦੇ ਨਾਲ ਹੀ ਉਹਨਾਂ ਨੇ ਕਾਂਗਰਸ ਸਰਕਾਰ ਵੱਲੋਂ 1207 ਸਕੂਲ ਬੰਦ ਕਰਨ ਦੀਆਂ ਬੇਬੁਨਿਆਦੀ ਯੋਜਨਾ ਦੀ ਨਿੰਦਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਉਸ ਵੇਲੇ ਵਿਰੋਧ ਕੀਤੇ ਜਾਣ ਕਾਰਨ ਇਸ ਯੋਜਨਾ ਨੂੰ ਰੋਕਿਆ ਗਿਆ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਜ਼ਿਆਦਾਤਰ ਆਗੂਆਂ ਨੇ ਭਾਰੀ ਫੀਸਾਂ ਵਾਲੇ ਪ੍ਰਾਈਵੇਟ ਸਕੂਲਾਂ ਵਿੱਚ ਸਿੱਖਿਆ ਪ੍ਰਾਪਤ ਕੀਤੀ ਹੈ ਇਸ ਲਈ ਉਹ ਸੂਬੇ ਦੇ ਸਰਕਾਰੀ ਸਕੂਲਾਂ ਦੀ ਹਾਲਤ ਤੋਂ ਬਿਲਕੁੱਲ ਅਣਜਾਣ ਸਨ।
ਵਿੱਤ ਮੰਤਰੀ ਚੀਮਾ ਨੇ 90,000 ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਨੂੰ ਆਕਰਸ਼ਿਤ ਕਰਨ ਵਿੱਚ ਸਰਕਾਰ ਦੀ ਸਫਲਤਾ ਨੂੰ ਵੀ ਉਜਾਗਰ ਕੀਤਾ ਅਤੇ ਇਸਦਾ ਸਿਹਰਾ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕਾਨੂੰਨ ਵਿਵਸਥਾ ਵਿੱਚ ਕੀਤੇ ਸੁਧਾਰ ਨੂੰ ਦਿੱਤਾ। ਉਨ੍ਹਾਂ ਨੇ ਕਾਂਗਰਸ ਦੇ ਸ਼ਾਸਨ ਦੌਰਾਨ ਵਧਣ-ਫੁੱਲਣ ਵਾਲੇ ਗੈਂਗਸਟਰ ਸੱਭਿਆਚਾਰ ਨੂੰ ਖਤਮ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਥਾਪਤ ਕੀਤੀ ਗਈ ਐਂਟੀ-ਗੈਂਗਸਟਰ ਟਾਸਕ ਫੋਰਸ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਸੂਬੇ ਵਿੱਚ ਗੈਂਗਸਟਰ ਸੱਭਿਆਚਾਰ ਨੂੰ ਜਨਮ ਦਿੱਤਾ ਅਤੇ ਦੂਜੇ ਸੂਬਿਆਂ ਤੋਂ ਗੈਂਗਸਟਰਾਂ ਨੂੰ ਲਿਆ ਕੇ ਪੰਜਾਬ ਦੀਆਂ ਜੇਲ੍ਹਾਂ ਵਿੱਚ ਰੱਖਿਆ ਜਾਂਦਾ ਸੀ।
ਨਸ਼ਿਆਂ ਦੇ ਮੁਕੰਮਲ ਖਾਤਮੇ ਦੇ ਮੁੱਦੇ ‘ਤੇ ਗੱਲ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਸਰਕਾਰ ਵੱਲੋਂ ਸ਼ੁਰੂ ਕੀਤੇ “ਯੁੱਧ ਨਸ਼ਿਆਂ ਵਿਰੁੱਧ” ਬਾਰੇ ਵਿਆਪਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਜੰਗ ਦੌਰਾਨ ਹੁਣ ਤੱਕ 2200 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ, 3800 ਗ੍ਰਿਫ਼ਤਾਰੀਆਂ ਹੋਈਆਂ ਹਨ ਅਤੇ ਨਸ਼ਾ ਵੇਚਣ ਵਾਲੇ 43 ਵਿਅਕਤੀਆਂ ਦੀਆਂ ਨਜਾਇਜ਼ ਜਾਇਦਾਦਾਂ ਨੂੰ ਢਹਿਢੇਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅਕਾਲੀ-ਭਾਜਪਾ ਸਰਕਾਰ ਦੌਰਾਨ ਪਹਿਲੀ ਵਾਰ ਸੂਬੇ ਦੇ ਲੋਕਾਂ ਨੇ ‘ਚਿੱਟੇ’ ਦਾ ਨਾਮ ਸੁਣਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਇਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਤਲਵੰਡੀ ਸਾਬੋ ਤੋਂ 35 ਕਿਲੋਮੀਟਰ ਦੂਰ ਗੁਟਕਾ ਸਾਹਿਬ ਫੜ੍ਹ ਕੇ ਨਸ਼ਿਆਂ ਨੂੰ ਖ਼ਤਮ ਕਰਨ ਦੀ ਸਹੁੰ ਚੁੱਕੀ ਸੀ ਪਰ ਬਾਅਦ ਵਿੱਚ ਕਾਂਗਰਸ ਦੇ ਸ਼ਾਸ਼ਨ ਦੌਰਾਨ ਇਹ ਨਸ਼ੇ ਦਾ ਕਾਰੋਬਾਰ ਹੋਰ ਵੀ ਪ੍ਰਫੁਲੱਤ ਹੋ ਗਿਆ।
ਵਿੱਤ ਮੰਤਰੀ ਚੀਮਾ ਨੇ ਸੂਬੇ ਦੇ 50,000 ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਪ੍ਰਦਾਨ ਕਰਨ ਅਤੇ ‘ਖੇਡਾਂ ਵਤਨ ਪੰਜਾਬ ਦੀਆਂ’ ਵਰਗੀਆਂ ਪਹਿਲਕਦਮੀਆਂ ਅਤੇ 1000 ਖੇਡ ਨਰਸਰੀਆਂ ਸਥਾਪਤ ਕਰਨ ਸਬੰਧੀ ਯੋਜਨਾ ਰਾਹੀਂ ਖੇਡਾਂ ਨੂੰ ਉਤਸ਼ਾਹਿਤ ਕਰਨ ਸਬੰਧੀ ਸਰਕਾਰ ਦੇ ਯਤਨਾਂ ‘ਤੇ ਚਾਨਣਾ ਪਾਇਆ। ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕਰਨ ਲਈ ਮੱਲ੍ਹਾਂ ਮਾਰਨ ਵਾਲੇ ਖਿਡਾਰੀਆਂ ਨੂੰ ਉੱਚ ਅਹੁਦਿਆਂ ‘ਤੇ ਨਿਯੁਕਤ ਕਰਨ ਦਾ ਵੀ ਜ਼ਿਕਰ ਕੀਤਾ।
ਖੇਤੀਬਾੜੀ ਦੀ ਬਿਹਤਰੀ ਲਈ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਹੋਏ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਦਹਾਕਿਆਂ ਬਾਅਦ ਟੇਲਾਂ ‘ਤੇ ਨਹਿਰੀ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾ ਕੇ ਇਸ ਦਿਸ਼ਾ ਵਿੱਚ ਅਹਿਮ ਪਹਿਲਕਦਮੀਆਂ ਸ਼ੁਰੂ ਕੀਤੀਆਂ ਅਤੇ ਨਾਲ ਹੀ ਖੇਤੀਬਾੜੀ ਲਈ ਘੰਟਿਆਂਬੱਧੀ ਨਿਰਵਿਘਨ ਬਿਜਲੀ ਯਕੀਨੀ ਬਣਾਈ ਗਈ ਹੈ। ਉਨ੍ਹਾਂ ਟਿਊਬਵੈਲਾਂ ਲਈ ਬਿਜਲੀ ਸਬਸਿਡੀਆਂ ਜਾਰੀ ਰੱਖਣ ਦਾ ਵੀ ਜ਼ਿਕਰ ਕੀਤਾ।
Read More: ਪੰਜਾਬ ਵਿਧਾਨ ਸਭਾ ਬਜਟ ਸੈਸ਼ਨ ਦਾ ਅੱਜ ਤੀਜਾ ਦਿਨ, PSPCL, ਪਰਾਲੀ ਅਤੇ ਸਿੱਖਿਆ ਸਮੇਤ ਕਈ ਮੁੱਦਿਆਂ ‘ਤੇ ਚਰਚਾ