ਚੰਡੀਗੜ੍ਹ,01 ਮਈ 2023: ਲੁਧਿਆਣਾ (Ludhiana) ਵਿੱਚ ਬੀਤੇ ਦਿਨ ਐਤਵਾਰ ਸਵੇਰੇ ਲੁਧਿਆਣਾ ਦੇ ਗਿਆਸਪੁਰਾ ਇਲਾਕੇ ‘ਚ ਗੈਸ ਲੀਕ ਹੋਣ ਕਾਰਨ 11 ਜਣਿਆਂ ਦੀ ਮੌਤ ਹੋ ਗਈ, ਜਦਕਿ 4 ਦੀ ਹਾਲਤ ਵਿਗੜ ਗਈ। ਇਸ ਮਾਮਲੇ ‘ਚ ਵੱਡੀ ਕਾਰਵਾਈ ਕਰਦੇ ਹੋਏ ਥਾਣਾ ਸਾਹਨੇਵਾਲ ਦੀ ਪੁਲਿਸ ਨੇ ਧਾਰਾ 304 ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਇਸ ਮਾਮਲੇ ਵਿੱਚ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਮਾਮਲੇ ‘ਚ ਵੱਖ-ਵੱਖ ਥਾਵਾਂ ਤੋਂ ਸੈਂਪਲ ਲਏ ਗਏ ਹਨ |
ਉਨ੍ਹਾਂ ਕਿਹਾ ਕਿ ਹੁਣ ਤੱਕ 11 ਮੌਤਾਂ ਹੋ ਚੁੱਕੀਆਂ ਹਨ, ਜਿਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਉਨ੍ਹਾਂ ਕਿਹਾ ਕਿ ਇਸ ਸਬੰਧੀ ਜੋ ਵੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ, ਉਨ੍ਹਾਂ ਕਿਹਾ ਕਿ ਮੈਜਿਸਟ੍ਰੇਟ ਜਾਂਚ ਦੇ ਹੁਕਮ ਵੀ ਦੇ ਦਿੱਤੇ ਗਏ ਹਨ। । ਦੱਸ ਦਈਏ ਕਿ ਮ੍ਰਿਤਕਾਂ ‘ਚ 3 ਪਰਿਵਾਰਾਂ ਦੇ 10 ਜੀਅ ਸ਼ਾਮਲ ਹਨ। ਇਸ ਦੇ ਨਾਲ ਹੀ ਮਰਨ ਵਾਲਿਆਂ ਵਿੱਚ 3 ਬੱਚੇ ਵੀ ਸ਼ਾਮਲ ਹਨ।
ਦੱਸਿਆ ਜਾ ਰਿਹਾ ਹੈ ਕਿ ਇਹ ਜ਼ਹਿਰੀਲੀ ਗੈਸ ਕਰਿਆਨਾ ਸਟੋਰ ਦੇ ਸਾਹਮਣੇ ਗਟਰ ਵਿੱਚੋਂ ਨਿਕਲੀ। ਗੈਸ ਨੂੰ ਹੋਰ ਫੈਲਣ ਤੋਂ ਰੋਕਣ ਲਈ ਦੇਰ ਰਾਤ ਤੱਕ ਇਲਾਕੇ ਵਿੱਚ ਕੰਮ ਜਾਰੀ ਰਿਹਾ। ਦੇਰ ਰਾਤ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ। ਜਾਂਚ ਵਿੱਚ ਸਾਹਮਣੇ ਆਇਆ ਕਿ ਦੁਕਾਨ ਮਾਲਕ ਸੌਰਵ ਗੋਇਲ ਨੇ ਸੀਵਰੇਜ ਜਾਮ ਹੋਣ ਤੋਂ ਬਾਅਦ ਇਸ ਨੂੰ ਖੋਲ੍ਹਿਆ ਸੀ। ਜ਼ਹਿਰੀਲੀ ਗੈਸ ਨਿਕਲਣ ਕਾਰਨ ਸੌਰਵ, ਉਸ ਦੀ ਪਤਨੀ ਅਤੇ ਮਾਂ ਦੀ ਮੌਤ ਹੋ ਗਈ, ਜਦਕਿ ਵੱਡਾ ਭਰਾ ਹਸਪਤਾਲ ‘ਚ ਦਾਖਲ ਹੈ।
ਲੁਧਿਆਣਾ (Ludhiana) ਵਿੱਚ ਗਿਆਸਪੁਰਾ ਗੈਸ ਲੀਕ ਦੀ ਘਟਨਾ ਦਾ ਨੋਟਿਸ ਲੈਂਦਿਆਂ, ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਪੂਰੀ ਸਥਿਤੀ ਦਾ ਜਾਇਜ਼ਾ ਲੈਣ ਲਈ ਇਲਾਕੇ ਦਾ ਦੌਰਾ ਕੀਤਾ। ਸ਼ੁਕਲਾ ਦੇ ਨਾਲ ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ, ਪੁਲਿਸ ਕਮਿਸ਼ਨਰ ਲੁਧਿਆਣਾ ਮਨਦੀਪ ਸਿੰਘ ਸਿੱਧੂ, ਸਿਵਲ ਸਰਜਨ ਡਾ: ਹਤਿੰਦਰ ਕੌਰ ਅਤੇ ਨਗਰ ਨਿਗਮ ਕਮਿਸ਼ਨਰ ਸ਼ੀਨਾ ਅਗਰਵਾਲ ਨੇ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ।