ਚੰਡੀਗੜ੍ਹ, 25 ਫਰਵਰੀ 2023: ਪੰਜਾਬ ਸਕੂਲ ਸਿੱਖਿਆ ਬੋਰਡ ਦੇ 12ਵੀਂ ਜਮਾਤ ਦੇ ਅੰਗਰੇਜ਼ੀ ਵਿਸ਼ੇ (English subject) ਦਾ ਪੇਪਰ ਲੀਕ ਹੋਣ ਸੰਬੰਧੀ ਅਹਿਮ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੇਪਰ ਪੰਜਾਬ ਦੇ ਗੁਰਦਾਸਪੁਰ ‘ਚ ਲੀਕ ਹੋਇਆ ਹੈ। ਇਸ ਸਬੰਧੀ ਗੁਰਦਾਸਪੁਰ ਦੇ ਸਦਰ ਥਾਣੇ ਵਿੱਚ ਐਫਆਈਆਰ ਦਰਜ ਕਰਵਾਈ ਗਈ ਹੈ। ਇਸ ਦੇ ਨਾਲ ਹੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਸੂਤਰਾਂ ਦੇ ਮੁਤਾਬਕ ਵਟਸਐਪ ‘ਤੇ ਇਕ ਵਿਅਕਤੀ ਨੂੰ ਪ੍ਰਸ਼ਨ ਪੱਤਰ ਮਿਲਿਆ ਸੀ। ਉਸ ਵਿਅਕਤੀ ਨੇ ਇਸ ਦੀ ਸੂਚਨਾ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਦਿੱਤੀ ਅਤੇ ਬੋਰਡ ਨੂੰ ਵੀ ਇਸ ਦੀ ਜਾਣਕਾਰੀ ਦਿੱਤੀ ਗਈ। ਇਸ ਤੋਂ ਬਾਅਦ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਤੁਰੰਤ ਕਾਰਵਾਈ ਕਰਦਿਆਂ 12ਵੀਂ ਜਮਾਤ ਦਾ ਅੰਗਰੇਜ਼ੀ ਦਾ ਪੇਪਰ ਰੱਦ ਕਰ ਦਿੱਤਾ ਸੀ, ਹੁਣ ਗੁਰਦਾਸਪੁਰ ਸਿਟੀ ਪੁਲਿਸ ਨੇ ਪੇਪਰ ਲੀਕ ਮਾਮਲੇ ਵਿਚ 40 ਨੰਬਰ ਮੁਕੱਦਮਾ ਦਰਜ ਕੀਤਾ ਗਿਆ ਹੈ।