ਚੰਡੀਗੜ੍ਹ, 06 ਸਤੰਬਰ 2023: ‘ਇੱਕ ਦੇਸ਼ ਇੱਕ ਚੋਣ’ (One Nation One Election) ਸਬੰਧੀ 8 ਮੈਂਬਰਾਂ ਦੀ ਕਮੇਟੀ ਦੀ ਪਹਿਲੀ ਬੈਠਕ ਕੁਝ ਸਮੇਂ ਬਾਅਦ ਸ਼ੁਰੂ ਹੋਣ ਜਾ ਰਹੀ ਹੈ। ਇਹ ਬੈਠਕ ਕਮੇਟੀ ਦੇ ਚੇਅਰਮੈਨ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਰਿਹਾਇਸ ‘ਤੇ ਹੋ ਰਹੀ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰੀ ਕਾਨੂੰਨ ਮੰਤਰੀ ਅਰਜੁਨ ਮੇਘਵਾਲ ਬੈਠਕ ਲਈ ਪਹੁੰਚ ਚੁੱਕੇ ਹਨ।
ਬੈਠਕ ਵਿੱਚ ਰਾਮਨਾਥ ਕੋਵਿੰਦ ਅਤੇ ਸ਼ਾਹ ਸਮੇਤ 6 ਮੈਂਬਰ ਸ਼ਾਮਲ ਹੋਣਗੇ, ਜਦਕਿ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਅਤੇ ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਪਹਿਲਾਂ ਹੀ ਕਮੇਟੀ (One Nation One Election) ਵਿੱਚ ਸੇਵਾ ਕਰਨ ਤੋਂ ਇਨਕਾਰ ਕਰ ਚੁੱਕੇ ਹਨ।
ਕੇਂਦਰ ਸਰਕਾਰ ਨੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਪ੍ਰਧਾਨਗੀ ਹੇਠ 2 ਸਤੰਬਰ ਨੂੰ ਇੱਕ ਕਮੇਟੀ ਬਣਾਈ ਸੀ। ਇਸ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ, ਕਾਂਗਰਸ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਅਤੇ ਸਾਬਕਾ ਸੰਸਦ ਮੈਂਬਰ ਗੁਲਾਮ ਨਬੀ ਆਜ਼ਾਦ ਸਮੇਤ 8 ਮੈਂਬਰ ਨਿਯੁਕਤ ਕੀਤੇ ਗਏ ਹਨ। ਕਮੇਟੀ ਦੀਆਂ ਮੀਟਿੰਗਾਂ ਵਿੱਚ ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਵਿਸ਼ੇਸ਼ ਮੈਂਬਰ ਵਜੋਂ ਸ਼ਾਮਲ ਹੋਣਗੇ।
ਕੇਂਦਰ ਸਰਕਾਰ ਨੇ 18 ਸਤੰਬਰ ਤੋਂ 22 ਸਤੰਬਰ ਤੱਕ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਸਰਕਾਰ ਇਕ ਦੇਸ਼, ਇਕ ਚੋਣ ‘ਤੇ ਬਿੱਲ ਲਿਆ ਸਕਦੀ ਹੈ। ਇਸ ਤੋਂ ਪਹਿਲਾਂ ਕਾਨੂੰਨ ਮੰਤਰਾਲੇ ਨੇ ਇੱਕ ਕਮੇਟੀ ਬਣਾਈ ਹੈ। ਇਸ ਦਾ ਮਕਸਦ ਮੌਜੂਦਾ ਕਾਨੂੰਨੀ ਢਾਂਚੇ ਨੂੰ ਧਿਆਨ ਵਿੱਚ ਰੱਖਦੇ ਹੋਏ ਦੇਸ਼ ਵਿੱਚ ਇੱਕੋ ਸਮੇਂ ਚੋਣਾਂ ਕਰਵਾਉਣ ਦੇ ਮੁੱਦੇ ਦੀ ਜਾਂਚ ਕਰਨਾ ਹੈ। ਇਸ ਗੱਲ ਦੀ ਘੋਖ ਕੀਤੀ ਜਾਵੇਗੀ ਕਿ ਲੋਕ ਸਭਾ, ਵਿਧਾਨ ਸਭਾ, ਨਗਰ ਪਾਲਿਕਾ ਅਤੇ ਪੰਚਾਇਤਾਂ ਦੀਆਂ ਚੋਣਾਂ ਨਾਲੋ-ਨਾਲ ਕਰਵਾਈਆਂ ਜਾ ਸਕਦੀਆਂ ਹਨ ਜਾਂ ਨਹੀਂ।