mouth disease

FMD: ਪੰਜਾਬ ‘ਚ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਅ ਲਈ 48 ਫ਼ੀਸਦੀ ਤੋਂ ਵੱਧ ਪਸ਼ੂਆਂ ਦਾ ਕੀਤਾ ਟੀਕਾਕਰਨ: ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 8 ਨਵੰਬਰ 2024: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ (mouth disease) ਤੋਂ ਬਚਾਉਣ ਲਈ ਟੀਕਾਕਰਨ ਮੁਹਿੰਮ ਵੱਡੇ ਪੱਧਰ ‘ਤੇ ਜਾਰੀ ਹੈ | ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ

ਪੰਜਾਬ ਭਰ ‘ਚ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਉਣ ਲਈ 21 ਅਕਤੂਬਰ ਨੂੰ ਸ਼ੁਰੂ ਕੀਤੀ ਸੂਬਾ ਪੱਧਰੀ ਟੀਕਾਕਰਨ ਮੁਹਿੰਮ ਦੇ 18 ਦਿਨਾਂ ਦੇ ਅੰਦਰ ਹੀ ਪੰਜਾਬ ਭਰ ਦੇ 48 ਫ਼ੀਸਦ ਤੋਂ ਵੱਧ ਪਸ਼ੂਆਂ ਨੂੰ ਵੈਕਸੀਨ ਲਗਾਈ ਗਈ ਹੈ | ਮੰਤਰੀ ਨੇ ਕਿਹਾ ਕਿ ਇਸ ਟੀਕਾਕਰਨ ਮੁਹਿੰਮ ਦੇ ਮੁਲਾਂਕਣ ਲਈ ਉੱਡਣ ਦਸਤਿਆਂ ਦੀਆਂ 5 ਟੀਮਾਂ ਦਾ ਗਠਨ ਵੀ ਕੀਤਾ ਗਿਆ ਹੈ। ਇਨ੍ਹਾਂ ‘ਚ ਹਰੇਕ ਟੀਮ ਨੂੰ ਪੰਜ ਜ਼ਿਲ੍ਹਿਆਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ |

ਇਹ ਟੀਮਾਂ ਵੱਲੋਂ ਟੀਕਾਕਰਨ ਸਬੰਧੀ ਅੰਕੜਿਆਂ ਦੀ ਚੈਕਿੰਗ ਤੇ ਤਸਦੀਕ ਕਰਨ ਦੇ ਨਾਲ ਨਾਲ ਪਸ਼ੂ ਫਾਰਮਾਂ ਦਾ ਦੌਰਾ ਕੀਤਾ ਜਾਵੇਗਾ । ਖੁੱਡੀਆਂ ਨੇ ਦੱਸਿਆ ਕਿ ਪੰਜਾਬ ਭਰ ਦੇ ਕੁੱਲ 65,47,407 ਪਸ਼ੂਆਂ ‘ਚੋਂ ਹੁਣ ਤੱਕ 31.48 ਲੱਖ ਤੋਂ ਵੱਧ ਪਸ਼ੂਆਂ ਨੂੰ ਪਸ਼ੂ ਪਾਲਣ ਵਿਭਾਗ ਦੀਆਂ 816 ਟੀਮਾਂ ਵੱਲੋਂ ਮੂੰਹ-ਖੁਰ ਤੋਂ ਬਚਾਓਣ (mouth disease) ਲਈ ਵੈਕਸੀਨ ਲਗਾਈ ਜਾ ਚੁੱਕੀ ਹੈ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ 30 ਨਵੰਬਰ ਤੱਕ ਸਾਰੇ ਪਸ਼ੂਆਂ ਨੂੰ FMD ਵੈਕਸੀਨ ਲਗਾਉਣ ਦੇ ਹੁਕਮ ਵੀ ਦਿੱਤੇ ਹਨ ।

ਕੈਬਿਨਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸੂਬੇ ਭਰ ਦੇ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਹੈ ਕਿ ਇਸ ਟੀਕਾਕਰਨ ਮੁਹਿੰਮ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ | ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਸੂਬਾ ਪੱਧਰ ‘ਤੇ ਕੰਟਰੋਲ ਰੂਮ ਸਥਾਪਤ ਕਰਨ ਦੇ ਨਾਲ-ਨਾਲ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰਾਂ ਦੇ ਦਫ਼ਤਰਾਂ ਵਿਖੇ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਵੀ ਸਥਾਪਿਤ ਕੀਤੇ ਗਏ ਹਨ। ਵਿਭਾਗ ਵੱਲੋਂ ਪਸ਼ੂ ਪਾਲਕਾਂ ਦੀ ਸਹਾਇਤਾ ਲਈ ਹੈਲਪਲਾਈਨ ਨੰਬਰ 0172-5086064 ਵੀ ਜਾਰੀ ਕੀਤਾ ਹੈ।

ਇਸ ਦੌਰਾਨ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਕਿਹਾ ਕਿ ਪਸ਼ੂ ਪਾਲਣ ਵਿਭਾਗ ਨੇ ਇਸ ਟੀਕਾਕਰਨ ਮੁਹਿੰਮ ਨੂੰ ਸਹੀ ਢੰਗ ਨਾਲ ਨੇਪਰੇ ਚਾੜ੍ਹਨ ਲਈ 1.08 ਕਰੋੜ ਰੁਪਏ ਦੀ ਲਾਗਤ ਨਾਲ ਸੂਈਆਂ ਸਮੇਤ 55.86 ਲੱਖ ਡਿਸਪੋਜ਼ਲ ਸਰਿੰਜਾਂ ਅਤੇ ਹੋਰ ਲੌਜਿਸਟਿਕਸ ਦੀ ਖਰੀਦੀਆਂ ਹਨ | ਉਨ੍ਹਾਂ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਪੰਜਾਬ ਦੇ ਸਮੁੱਚੇ ਪਸ਼ੂਧਨ ਦਾ ਟੀਕਾਕਰਨ ਮੁਫ਼ਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਕੋਲਡ ਚੇਨ ਨੂੰ ਮੇਨਟੇਨ ਕਰਨ ਅਤੇ ਪਸ਼ੂ ਪਾਲਕਾਂ ਨੂੰ ਟੀਕਾਕਰਨ ਮੁਹਿੰਮ ਦੇ ਲਾਭ ਬਾਰੇ ਜਾਗਰੂਕ ਕਰਨ ਲਈ ਕਿਹਾ ਹੈ ।

Scroll to Top