June 30, 2024 8:27 am
Punjab

ਲੋਕ ਸਭਾ ਚੋਣਾਂ 2024 ਦੇ ਆਖ਼ਰੀ ਪੜਾਅ ਲਈ ਪੰਜਾਬ ‘ਚ ਚੋਣ ਪ੍ਰਚਾਰ ਬੰਦ, 328 ਉਮੀਦਵਾਰ ਲੜਨਗੇ ਚੋਣ

ਚੰਡੀਗੜ੍ਹ, 30 ਮਈ, 2024: ਲੋਕ ਸਭਾ ਚੋਣਾਂ 2024 (Lok Sabha elections 2024) ਦੇ ਆਖ਼ਰੀ ਪੜਾਅ ਲਈ ਪੰਜਾਬ ਵਿਚ ਚੋਣ ਪ੍ਰਚਾਰ ਹੁਣ ਬੰਦ ਹੋ ਗਿਆ ਹੈ, ਪੰਜਾਬ ‘ਚ 1 ਜੂਨ ਨੂੰ ਵੋਟਿੰਗ ਹੋਵੇਗੀ ਅਤੇ 4 ਜੂਨ ਨੂੰ ਨਤੀਜੇ ਐਲਾਨੇ ਜਾਣਗੇ | ਸਿਆਸੀ ਪਾਰਟੀਆਂ ਨੇ ਚੋਣ ਪ੍ਰਚਾਰ ਦੌਰਾਨ ਆਪੋ ਆਪਣੇ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ | ਪੰਜਾਬ ਦੀਆਂ 13 ਲੋਕ ਸਭਾ ਸੀਟਾਂ (Lok Sabha seats) ਲਈ ਕੁੱਲ 328 ਉਮੀਦਵਾਰ ਚੋਣ ਲੜਨਗੇ ਜਦਕਿ ਲੋਕ ਸਭਾ ਚੋਣਾਂ-2014 ਵਿੱਚ 253 ਅਤੇ 2019 ਵਿੱਚ ਕੁੱਲ 278 ਉਮੀਦਵਾਰਾਂ ਨੇ ਚੋਣ ਲੜੀ ਸੀ।

ਨਾਮਜ਼ਦਗੀਆਂ ਵਾਪਸ ਲੈਣ ਦੀ ਆਖ਼ਰੀ ਮਿਤੀ ਤੱਕ ਕੁੱਲ 25 ਉਮੀਦਵਾਰਾਂ ਨੇ ਆਪਣੇ ਨਾਮ ਵਾਪਸ ਲਏ । ਇਸ ਤੋਂ ਪਹਿਲਾਂ ਸੂਬੇ ਵਿੱਚ 466 ਉਮੀਦਵਾਰਾਂ ਨੇ 598 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ ਅਤੇ ਕਾਗਜ਼ਾਂ ਦੀ ਪੜਤਾਲ ਤੇ ਪੱਤਰ ਵਾਪਸੀ ਤੋਂ ਬਾਅਦ ਕੁੱਲ ਉਮੀਦਵਾਰਾਂ ਦੀ ਸੰਖਿਆ 328 ਰਹਿ ਗਈ ਹੈ, ਜਿਨ੍ਹਾਂ ਵਿੱਚ 302 ਮਰਦ ਅਤੇ 26 ਬੀਬੀ ਉਮੀਦਵਾਰ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਲੁਧਿਆਣਾ ਲੋਕ ਸਭਾ ਸੀਟ (Lok Sabha seats) ਉੱਤੇ ਸਭ ਤੋਂ ਵੱਧ 43 ਉਮੀਦਵਾਰ ਚੋਣ ਮੈਦਾਨ ਵਿੱਚ ਹਨ।

Lok Sabha elections 2024: ਕਿਸ ਲੋਕ ਸਭਾ ਹਲਕੇ ਤੋਂ ਕਿੰਨੇ ਉਮੀਦਵਾਰ

ਚੋਣ ਕਮਿਸ਼ਨ ਦੇ ਮੁਤਾਬਕ ਗੁਰਦਾਸਪੁਰ ਤੋਂ 26 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ 23 ਮਰਦ ਅਤੇ 3 ਬੀਬੀਆਂ ਸ਼ਾਮਲ ਹਨ, ਜਦਕਿ ਅੰਮ੍ਰਿਤਸਰ ਤੋਂ 30 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ 26 ਮਰਦ ਅਤੇ 4 ਬੀਬੀਆਂ ਸ਼ਾਮਲ ਹਨ। ਖਡੂਰ ਸਾਹਿਬ ਤੋਂ 27 ਉਮੀਦਵਾਰ ਚੋਣ ਮੈਦਾਨ ਵਿੱਚ ਹਨ ਜਿਨ੍ਹਾਂ ਵਿੱਚ ਸਾਰੇ ਉਮੀਦਵਾਰ ਮਰਦ ਹਨ।

ਜਲੰਧਰ ਤੋਂ 20 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ 17 ਮਰਦ ਅਤੇ 3 ਬੀਬੀ ਉਮੀਦਵਾਰ ਸ਼ਾਮਲ ਹਨ। ਹੁਸ਼ਿਆਰਪੁਰ ਤੋਂ ਕੁੱਲ 16 ਉਮੀਦਵਾਰਾਂ ਵਿੱਚੋਂ 14 ਮਰਦ ਅਤੇ 2 ਮਹਿਲਾ ਉਮੀਦਵਾਰ ਚੋਣਾਂ ਲੜ ਰਹੀਆਂ ਹਨ। ਆਨੰਦਪੁਰ ਸਾਹਿਬ ਤੋਂ ਕੁੱਲ 28 ਉਮੀਦਵਾਰਾਂ ਵਿੱਚੋਂ 26 ਮਰਦ ਅਤੇ 2 ਮਹਿਲਾ ਉਮੀਦਵਾਰ ਚੋਣ ਮੈਦਾਨ ਵਿੱਚ ਹਨ।

ਲੁਧਿਆਣਾ ਤੋਂ 43 ਉਮੀਦਵਾਰਾਂ ਵਿੱਚੋਂ 41 ਮਰਦ ਅਤੇ 2 ਬੀਬੀ ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਫਤਿਹਗੜ੍ਹ ਸਾਹਿਬ ਤੋਂ ਕੁੱਲ 14 ਉਮੀਦਵਾਰਾਂ ਵਿੱਚੋਂ 13 ਮਰਦ ਅਤੇ 1 ਮਹਿਲਾ ਉਮੀਦਵਾਰ ਚੋਣ ਲੜ ਰਹੇ ਹਨ। ਫਰੀਦਕੋਟ ਤੋਂ ਕੁੱਲ 28 ਉਮੀਦਵਾਰਾਂ ਵਿੱਚੋਂ 26 ਮਰਦ ਅਤੇ 2 ਮਹਿਲਾ ਉਮੀਦਵਾਰ ਚੋਣ ਮੈਦਾਨ ਵਿੱਚ ਹਨ।

ਫਿਰੋਜ਼ਪੁਰ ਤੋਂ ਕੁੱਲ 29 ਉਮੀਦਵਾਰ ਚੋਣ ਲੜ ਰਹੇ ਹਨ, ਜੋ ਕਿ ਸਾਰੇ ਮਰਦ ਹਨ। ਬਠਿੰਡਾ ਤੋਂ ਕੁੱਲ 18 ਉਮੀਦਵਾਰਾਂ ਵਿੱਚ 15 ਮਰਦ ਅਤੇ 3 ਬੀਬੀ ਉਮੀਦਵਾਰ ਸ਼ਾਮਲ ਹਨ। ਸੰਗਰੂਰ ਤੋਂ 23 ਉਮੀਦਵਾਰਾਂ ਵਿੱਚੋਂ 22 ਮਰਦ ਅਤੇ 1 ਬੀਬੀ ਉਮੀਦਵਾਰ ਚੋਣ ਲੜ ਰਹੇ ਹਨ ਜਦਕਿ ਪਟਿਆਲਾ ਤੋਂ 26 ਉਮੀਦਵਾਰਾਂ ਵਿੱਚੋਂ 23 ਮਰਦ ਅਤੇ 3 ਮਹਿਲਾ ਉਮੀਦਵਾਰ ਸ਼ਾਮਲ ਹਨ।