ਸਿੱਖ ਸਦਭਾਵਨਾ ਦਲ

ਬੰਦੀ ਸਿੰਘਾਂ ਦੀ ਰਿਹਾਈ ਲਈ ਸਿੱਖ ਸਦਭਾਵਨਾ ਦਲ ਨੇ ਸਰੀਰ ‘ਤੇ ਜੰਜ਼ੀਰਾਂ ਪਾ ਕੇ ਕੀਤਾ ਰੋਸ਼ ਮਾਰਚ

ਅੰਮ੍ਰਿਤਸਰ 09 ਸਤੰਬਰ 2022: ਪਿਛਲੇ 22 ਮਹੀਨਿਆਂ ਤੋਂ ਸਿੱਖ ਸਦਭਾਵਨਾ ਦਲ ਵੱਲੋਂ ਪੰਥਕ ਹੋਕੇ ਦੇ ਤਹਿਤ ਅੰਮ੍ਰਿਤਸਰ ਵਿਰਾਸਤੀ ਮਾਰਗ ‘ਤੇ ਰੋਸ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਇਸੇ ਤਹਿਤ ਅੱਜ ਸਿੱਖ ਸਦਭਾਵਨਾ ਦਲ ਦੇ ਮੁਖੀ ਭਾਈ ਬਲਦੇਵ ਸਿੰਘ ਵਡਾਲਾ ਵੱਲੋਂ ਸਿੱਖ ਸੰਗਤਾਂ ਦੇ ਨਾਲ ਆਪਣੇ ਸਰੀਰ ਨੂੰ ਜੰਗਲੀਆਂ ਨਾਲ ਜਕੜ ਕੇ ਰੋਸ ਮਾਰਚ ਕੀਤਾ ਗਿਆ |

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਬਲਦੇਵ ਸਿੰਘ ਵਡਾਲਾ ਨੇ ਕਿਹਾ ਕਿ ਅੱਜ ਉਨ੍ਹਾਂ ਵੱਲੋਂ ਰੋਸ਼ ਮਾਰਚ ਇਸ ਲਈ ਕੀਤਾ ਜਾ ਰਿਹਾ ਹੈ ਕਿ 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਪ੍ਰਸ਼ਾਸਨ ਵੱਲੋਂ ਪਰਚਾ ਦਰਜ ਕਰਕੇ ਦੋਸ਼ੀਆਂ ਨੂੰ ਭਾਰਤ ਸਰਕਾਰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦੇਵੇ |

ਉਨ੍ਹਾਂ ਕਿਹਾ ਕਿ ਹੁਣ ਸਾਡਾ ਪੰਜਾਬ ਸਰਕਾਰ ਤੋਂ ਵੀ ਵਿਸ਼ਵਾਸ ਉੱਠ ਚੁੱਕਾ ਹੈ | ਇਸ ਲਈ ਉਹ ਕੇਂਦਰ ਸਰਕਾਰ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕਰਦੇ ਹਨ ਕਿ 328 ਸਰੂਪਾਂ ਦੇ ਮਾਮਲੇ ਵਿੱਚ ਦੋਸ਼ੀਆਂ ਨੂੰ ਗ੍ਰਿਫਤਾਰ ਕਰਵਾਏ | ਇਸ ਦੇ ਨਾਲ ਉਨ੍ਹਾਂ ਨੇ ਕਿਹਾ ਕਿ ਲੰਬੇ ਸਮੇਂ ਤੋਂ ਜੋ ਮੰਗ ਉੱਠੀ ਆ ਰਹੀ ਹੈ ਕਿ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ |

ਇਸਦੇ ਲਈ ਵੀ ਅੱਜ ਉਨ੍ਹਾਂ ਸੀਸ ਗੰਜ ਵੱਲੋਂ ਮਾਰਚ ਕਰਕੇ ਕੇਂਦਰ ਸਰਕਾਰ ਤੱਕ ਆਪਣੀ ਆਵਾਜ਼ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕੇਂਦਰ ਸਰਕਾਰ ਉਨ੍ਹਾਂ ਬੰਦੀ ਸਿੰਘਾਂ ਨੂੰ ਵੀ ਰਿਹਾਅ ਕਰੇ ਜਿਨ੍ਹਾਂ ਦੀਆਂ ਸਜ਼ਾਵਾਂ ਪੂਰੀਆਂ ਹੋ ਚੁੱਕੀਆਂ ਹਨ |

ਇਸਦੇ ਨਾਲ ਹੀ ਭਾਈ ਬਲਦੇਵ ਸਿੰਘ ਵਡਾਲਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ 12 ਸਤੰਬਰ ਨੂੰ ਜ਼ਿਲ੍ਹਾ ਪੱਧਰ ਦੇ ਉੱਤੇ ਕਾਲੇ ਚੋਲੇ ਪਾ ਕੇ ਰੋਸ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਲੋਕ ਇਨ੍ਹਾਂ ਦੇ ਬਹਿਕਾਵੇ ਵਿਚ ਨਾ ਆਣ ਕਿਉਂਕਿ ਉਸ ਦਿਨ ਇਨ੍ਹਾਂ ਦੇ ਚੋਲੇ ਵੀ ਕਾਲੇ ਹੋਣੇ ਨੇ ਤੇ ਇਨ੍ਹਾਂ ਦੇ ਕੰਮ ਵੀ ਕਾਲੇ ਹੋਣੇ ਹਨ |

ਉਨ੍ਹਾਂ ਕਿਹਾ ਕਿ ਅਗਰ ਇਹ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਦੇ ਕਬਜ਼ੇ ਤੋਂ ਆਜ਼ਾਦ ਨਾ ਕਰਵਾਇਆ ਤਾਂ ਆਉਣ ਵਾਲੇ ਸਮੇਂ ਵਿਚ ਜਿਸ ਤਰੀਕੇ ਨਾਲ ਅਸੀਂ ਨਨਕਾਣਾ ਸਾਹਿਬ ਦੇ ਦਰਸ਼ਨਾਂ ਨੂੰ ਤਰਸਦੇ ਹਾਂ ਉਸੇ ਤਰੀਕੇ ਹੀ ਅਸੀਂ ਪੰਜਾਬ ਨੂੰ ਵੀ ਤਰਸਾਂਗੇ | ਅੱਗੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ 328 ਸਰੂਪਾਂ ਦੇ ਮਾਮਲੇ ਚ ਕੇਂਦਰ ਸਰਕਾਰ ਨੂੰ ਸੀਬੀਆਈ ਤੋਂ ਜਾਂਚ ਕਰਵਾਉਣੀ ਚਾਹੀਦੀ ਹੈ ਤਾਂ ਜੋ ਕਿ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾ ਸਕਣ |

Scroll to Top