ਚੰਡੀਗੜ੍ਹ, 30 ਅਕਤੂਬਰ 2023: ਭਾਰਤੀ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਸੋਮਵਾਰ ਨੂੰ ਅੱਠ ਸਾਬਕਾ ਭਾਰਤੀ ਜਲ ਸੈਨਿਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਜਿਨ੍ਹਾਂ ਨੂੰ ਕਤਰ (Qatar) ਦੀ ਅਦਾਲਤ ਨੇ ਮੌਤ ਦੀ ਸਜ਼ਾ ਸੁਣਾਈ ਹੈ। ਐੱਸ. ਜੈਸ਼ੰਕਰ ਨੇ ਪਰਿਵਾਰ ਨੂੰ ਦੱਸਿਆ ਕਿ ਭਾਰਤ ਸਰਕਾਰ ਇਸ ਮਾਮਲੇ ਨੂੰ ਪਹਿਲ ਦੇ ਆਧਾਰ ‘ਤੇ ਦੇਖ ਰਹੀ ਹੈ। ਸਰਕਾਰ ਸਾਬਕਾ ਮਰੀਨਾਂ ਦੀ ਰਿਹਾਈ ਲਈ ਸਾਰੇ ਯਤਨ ਕਰ ਰਹੀ ਹੈ।
ਭਾਰਤ ਸਰਕਾਰ ਨੇ 27 ਅਕਤੂਬਰ ਨੂੰ ਸਜ਼ਾ ਸੁਣਾਏ ਜਾਣ ਤੋਂ ਬਾਅਦ ਇਸ ‘ਤੇ ਹੈਰਾਨੀ ਪ੍ਰਗਟਾਈ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਜ਼ਾਦ ਕਰਵਾਉਣ ਲਈ ਕਾਨੂੰਨੀ ਰਾਹ ਤਲਾਸ਼ੇ ਜਾ ਰਹੇ ਹਨ। ਵਿਦੇਸ਼ ਮੰਤਰਾਲੇ ਨੇ ਇਕ ਬਿਆਨ ਜਾਰੀ ਕਰਕੇ ਕਿਹਾ ਸੀ ਕਿ ਅਸੀਂ ਫੈਸਲੇ ਦੇ ਵੇਰਵਿਆਂ ਦੀ ਉਡੀਕ ਕਰ ਰਹੇ ਹਾਂ।
ਕਤਰ (Qatar) ਸਰਕਾਰ ਨੇ 8 ਭਾਰਤੀਆਂ ‘ਤੇ ਲੱਗੇ ਦੋਸ਼ਾਂ ਨੂੰ ਜਨਤਕ ਨਹੀਂ ਕੀਤਾ ਹੈ। ਇਸ ਦੇ ਨਾਲ ਹੀ ਭਾਰਤੀ ਜਲ ਸੈਨਾ ਦੇ ਮੁਖੀ ਐਡਮਿਰਲ ਹਰੀ ਕੁਮਾਰ ਨੇ ਕਤਰ ਵਿੱਚ ਕੈਦ ਸਾਬਕਾ ਭਾਰਤੀ ਮਰੀਨਾਂ ਬਾਰੇ ਵੀ ਜਾਣਕਾਰੀ ਦਿੱਤੀ ਹੈ। ਗੋਆ ‘ਚ ਇਕ ਸਮਾਗਮ ਦੌਰਾਨ ਉਨ੍ਹਾਂ ਕਿਹਾ- ਸਰਕਾਰ ਸਾਰੇ ਸਾਬਕਾ ਮਰੀਨਾਂ ਨੂੰ ਰਿਹਾਅ ਕਰਨ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਦਾਲਤ ਵੱਲੋਂ ਮਰੀਨ ਨੂੰ ਸੁਣਾਈ ਗਈ ਸਜ਼ਾ ਸਬੰਧੀ ਪੂਰੀ ਜਾਣਕਾਰੀ ਐਤਵਾਰ ਨੂੰ ਸਾਨੂੰ ਸੌਂਪੀ ਜਾਣੀ ਸੀ। ਹਾਲਾਂਕਿ ਅਜੇ ਤੱਕ ਅਜਿਹਾ ਨਹੀਂ ਹੋਇਆ ਹੈ।
ਸਥਾਨਕ ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਭਾਰਤੀ ਜਲ ਸੈਨਾ ਦੇ ਸਾਬਕਾ ਅਧਿਕਾਰੀ ਇਜ਼ਰਾਈਲ ਲਈ ਉਨ੍ਹਾਂ ਦੇ ਦੇਸ਼ ਦੀ ਜਾਸੂਸੀ ਕਰ ਰਹੇ ਸਨ। ਹਾਲਾਂਕਿ ਇਸ ਵਿੱਚ ਵੀ ਕੋਈ ਤੱਥ ਪੇਸ਼ ਨਹੀਂ ਕੀਤੇ ਗਏ ਹਨ।