July 1, 2024 12:22 am
Forest Department to implement silk production project in Punjab: Dharamsot

ਜੰਗਲਾਤ ਵਿਭਾਗ ਪੰਜਾਬ ਵਿੱਚ ਰੇਸ਼ਮ ਉਤਪਾਦਨ ਦਾ ਪ੍ਰਾਜੈਕਟ ਲਾਗੂ ਕਰੇਗਾ: ਧਰਮਸੋਤ

ਚੰਡੀਗੜ, 28 ਜੁਲਾਈ:ਰੇਸ਼ਮੀ ਕੱਪੜੇ ਦੀ ਲਗਾਤਾਰ ਵੱਧ ਰਹੀ ਮੰਗ ਨੂੰ ਪੂਰਾ ਕਰਨ ਲਈ ਪੰਜਾਬ ਦੇ ਜੰਗਲਾਤ ਵਿਭਾਗ ਨੇ ਸਿਲਕ ਸਮਗਰ ਅਧੀਨ ਕੰਢੀ ਖੇਤਰਾਂ ਵਿਚ ਖਾਲੀ ਪਈ ਜੰਗਲੀ ਜ਼ਮੀਨ ਦੀ ਵਰਤੋਂ ਕਰਕੇ ਪੰਜਾਬ ਦੇ ਪਠਾਨਕੋਟ ਜ਼ਿਲੇ ਦੇ ਧਾਰ ਬਲਾਕ ਵਿਚ ਰੇਸ਼ਮ ਦਾ ਉਤਪਾਦਨ ਕਰਨ ਵਾਲੇ ਕਿਸਾਨਾਂ ਦੀ ਜੀਵਿਕਾ ਵਿੱਚ ਸੁਧਾਰ ਲਈ ਇਕ ਪ੍ਰਾਜੈਕਟ ਤਿਆਰ ਕੀਤਾ ਹੈ।

ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ 3.6 ਕਰੋੜ ਦਾ ਪ੍ਰਾਜੈਕਟ ਇਸ ਖੇਤਰ ਦੇ ਕਿਸਾਨਾਂ ਲਈ ਇਕ ਵਰਦਾਨ ਹੈ ਅਤੇ ਇਸ ਨਾਲ ਸੂਬੇ ਵਿੱਚ ਰੇਸ਼ਮ ਉਤਪਾਦਨ ਦੇ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ।

ਇਸ ਪ੍ਰਾਜੈਕਟ ਨੂੰ ਸੈਂਟਰਲ ਸਿਲਕ ਬੋਰਡ, ਬੰਗਲੁਰੂ ਟੈਕਸਟਾਈਲ ਮੰਤਰਾਲੇ, ਭਾਰਤ ਸਰਕਾਰ ਵੱਲੋਂ 26 ਜੁਲਾਈ, 2021 ਨੂੰ ਮਨਜ਼ੂਰੀ ਦਿੱਤੀ ਗਈ ਅਤੇ ਇਸ ਪ੍ਰਮੁੱਖ ਪ੍ਰਾਜੈਕਟ ਤਹਿਤ ਪਠਾਨਕੋਟ ਜ਼ਿਲੇ ਦੇ ਧਾਰ ਬਲਾਕ ਦੇ ਪੰਜ ਪਿੰਡ ਭਾਵ ਦੁਰੰਗ ਖੜ, ਫੰਗਤੋਲੀ, ਬਢਾਨ, ਸਮਾਣੂ / ਜੰਗਹਾਥ ਅਤੇ ਭਾਭਰ ਦੀ ਚੋਣ ਕੀਤੀ ਗਈ ਹੈ ਜਿਥੇ ਸ਼ਹਿਤੂਤ ਦੇ 37500 ਪੌਦੇ ਲਗਾਏ ਜਾਣਗੇ।

ਜ਼ਿਕਰਯੋਗ ਹੈ ਕਿ ਸ਼ਹਿਤੂਤ ਦੇ ਪੱਤਿਆਂ ਦੀ ਬਹੁਤ ਘੱਟ ਉਪਲਬਧਤਾ ਕਾਰਨ ਪੰਜਾਬ ਵਿਚ ਰੇਸ਼ਮ ਉਤਪਾਦਨ ਦੇ ਵਿਕਾਸ ਵਿਚ ਵੱਡੀ ਰੁਕਾਵਟ ਦਾ ਸਾਹਮਣਾ ਕਰਨਾ ਪੈਂਦਾ ਹੈ। ਜੰਗਲਾਤ ਵਿਭਾਗ ਨੇ ਇਨਾਂ ਪਿੰਡਾਂ ਵਿੱਚੋਂ 116 ਲਾਭਪਾਤਰੀਆਂ ਦੀ ਚੋਣ ਕੀਤੀ ਹੈ।

ਇਨਾਂ ਲਾਭਪਾਤਰੀਆਂ ਨੂੰ ਜੰਗਲਾਤ ਵਿਭਾਗ ਵੱਲੋਂ ਕੇਂਦਰੀ ਸਿਲਕ ਬੋਰਡ ਅਤੇ ਬਾਗਬਾਨੀ ਵਿਭਾਗ ਦੇ ਸਹਿਯੋਗ ਨਾਲ ਕਮਿਊਨਿਟੀ ਰੀਅਰਿੰਗ ਹਾਊਸਿਜ਼, ਰੀਅਰਿੰਗ ਉਪਕਰਣਾਂ ਸਬੰਧੀ ਸਿਖਲਾਈ ਆਦਿ ਮੁਹੱਈਆ ਕਰਵਾਈ ਜਾਵੇਗੀ।

ਵੀ.ਬੀ. ਕੁਮਾਰ, ਪਿ੍ਰੰਸੀਪਲ ਚੀਫ ਕੰਜਰਵੇਟਰ ਆਫ਼ ਫਾਰੈਸਟ, ਪੰਜਾਬ ਨੇ ਕਿਹਾ ਕਿ ਇਹ ਇੱਕ ਨਵੀਨਤਾਕਾਰੀ ਪ੍ਰੋਜੈਕਟ ਹੈ ਅਤੇ ਉਮੀਦ ਕੀਤੀ ਜਾ ਰਹੀ ਹੈ ਕਿ ਇਹ ਨਾ ਸਿਰਫ ਪੰਜਾਬ ਬਲਕਿ ਉੱਤਰ ਪੱਛਮੀ ਭਾਰਤ ਦੇ ਹੋਰ ਖੇਤਰਾਂ ਵਿੱਚ, ਜਿਥੇ ਜੰਗਲ ਦਾ ਵੱਡਾ ਰਕਬਾ ਖਾਲੀ ਹੈ ਅਤੇ ਜਿਸ ਨੂੰ ਜੰਗਲਾਤ ਦੀਆਂ ਗਤੀਵਿਧੀਆਂ ਵਿੱਚ ਬਿਨਾਂ ਕਿਸੇ ਰੁਕਾਵਟ ਦੇ ਵਰਤਿਆ ਜਾ ਸਕਦਾ ਹੈ, ਵਿੱਚ ਰੇਸ਼ਮ ਉਤਪਾਦਨ ਦੇ ਵਿਕਾਸ ਨੂੰ ਹੁਲਾਰਾ ਦੇਵੇਗਾ। ਇਸ ਦੇ ਨਾਲ ਹੀ ਇਸ ਪ੍ਰਾਜੈਕਟ ਨਾਲ ਬੇਜ਼ਮੀਨੇ ਅਤੇ ਸੀਮਾਂਤ ਕਿਸਾਨ ਜੰਗਲ ਦੀ ਜ਼ਮੀਨ ਦੀ ਵਰਤੋਂ ਕਰਕੇ ਆਪਣੀ ਆਮਦਨ ਵਿੱਚ ਵਾਧਾ ਵੀ ਕਰ ਸਕਦੇ ਹਨ।

ਇਹ ਪ੍ਰਾਜੈਕਟ ਵਿਸ਼ੇਸ਼ ਤੌਰ ‘ਤੇ ਪਠਾਨਕੋਟ ਵਣ ਮੰਡਲ ਦੇ ਧਾਰ ਬਲਾਕ ਦੇ ਕੰਢੀ ਖੇਤਰਾਂ ਵਿੱਚ ਪੇਂਡੂ ਜੰਗਲਾਤ ਕਮੇਟੀ ਅਤੇ ਸਵੈ ਸਹਾਇਤਾ ਗਰੁੱਪਾਂ ਰਾਹੀਂ ਜੰਗਲ ਦੀ ਖਾਲੀ ਜ਼ਮੀਨ ਵਿੱਚ ਰੇਸ਼ਮ ਉਤਪਾਦਨ ਕਰਕੇ ਐਗਰੋ-ਫੋਰੈਸਟਰੀ ਸੰਕਲਪ ਨਾਲ ਲੋਕਾਂ ਲਈ ਰੋਜ਼ੀ ਕਮਾਉਣ ਦੇ ਹੋਰ ਸਾਧਨ ਵੀ ਪੈਦਾ ਕਰੇਗਾ। ਪਹਿਲਾਂ ਸਿਲਕ ਕੋਕੂਨ ਦੀ ਮਾਰਕੀਟਿੰਗ ਵਿਚ ਕਾਫ਼ੀ ਅੰਤਰ ਸੀ। ਕੰਜ਼ਰਵੇਟਰ ਆਫ਼ ਫੋਰੈਸਟ ਸੰਜੀਵ ਤਿਵਾੜੀ ਨੇ ਕਿਹਾ ਕਿ ਹੁਣ ਵਿਭਾਗ ਸਮੁੱਚੇ ਰੇਸ਼ਮ ਉਦਯੋਗ ਦੀ ਸਪਲਾਈ ਚੇਨ ਨੂੰ ਜੋੜਨ ਲਈ ਮੋਬਾਈਲ ਐਪਲੀਕੇਸ਼ਨ ਵਰਗੀਆਂ ਡਿਜੀਟਲ ਟੈਕਨਾਲੋਜੀਆਂ ਦੀ ਸ਼ੁਰੂਆਤ ਕਰੇਗਾ, ਜਿਸ ਨਾਲ ਰੇਸ਼ਮ ਦੇ ਕਾਸ਼ਤਕਾਰਾਂ ਨੂੰ ਉਨਾਂ ਦੇ ਉਤਪਾਦਾਂ ਲਈ ਵਧੀਆ ਮੁੱਲ ਪ੍ਰਾਪਤ ਕਰਨ ਵਿੱਚ ਸਹਾਇਤਾ ਮਿਲੇਗੀ ਤਾਂ ਜੋ ਕੋਕੂਨ ਦੀ ਗੁਣਵੱਤਾ ਨੂੰ ਯਕੀਨੀ ਬਣਾਇਆ ਜਾ ਸਕੇ।