July 5, 2024 1:19 am
Captain Amarinder Singh

ਸਾਬਕਾ CM ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਛੱਡਣ ਦੀ ਖ਼ਬਰਾਂ ਨੂੰ ਦੱਸਿਆ ਬੇਬੁਨਿਆਦ

ਚੰਡੀਗੜ੍ਹ, 14 ਅਕਤੂਬਰ 2023: ਭਾਰਤੀ ਜਨਤਾ ਪਾਰਟੀ ਨੂੰ ਛੱਡ ਕੇ ਮੁੜ ਕਾਂਗਰਸ ਵਿੱਚ ਸ਼ਾਮਲ ਹੋਏ ਆਗੂਆਂ ਤੋਂ ਬਾਅਦ ਇਹ ਚਰਚਾ ਚੱਲ ਰਹੀ ਸੀ ਕਿ ਹੁਣ ਕੈਪਟਨ ਅਮਰਿੰਦਰ ਸਿੰਘ (Captain Amarinder Singh) ਵੀ ਕਾਂਗਰਸ ਵਿੱਚ ਵਾਪਸੀ ਕਰ ਸਕਦੇ ਹਨ ਕਿਉਂਕਿ ਪਾਰਟੀ ਛੱਡ ਚੁੱਕੇ ਇਹ ਆਗੂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖੇਮੇ ਦੇ ਦੱਸੇ ਜਾਂਦੇ ਹਨ।

ਇਨ੍ਹਾਂ ਖ਼ਬਰਾਂ ਸਾਹਮਣੇ ਆਉਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਨ੍ਹਾਂ ਖ਼ਬਰਾਂ ਨੂੰ ਸਿਰੇ ਤੋਂ ਖਾਰਜ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਰਿਪੋਰਟਾਂ ਨਾ ਸਿਰਫ ਬੇਬੁਨਿਆਦ ਹਨ, ਬਲਕਿ ਬਦਨੀਤੀ ਵਾਲੀਆਂ ਹਨ ਅਤੇ ਭੰਬਲਭੂਸਾ ਪੈਦਾ ਕਰਨ ਲਈ ਜਾਣਬੁੱਝ ਕੇ ਫੈਲਾਈਆਂ ਜਾ ਰਹੀਆਂ ਹਨ।

ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਕਿਹਾ ਕਿ ਭਾਜਪਾ ਵਿੱਚ ਸ਼ਾਮਲ ਹੋਣ ਦਾ ਉਨ੍ਹਾਂ ਦਾ ਫੈਸਲਾ ਚੰਗੀ ਤਰ੍ਹਾਂ ਸੋਚਿਆ ਅਤੇ ਅਟੱਲ ਸੀ। ਉਨ੍ਹਾਂ ਕਿਹਾ ਕਿ ਉਹ ਪਾਰਟੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਪ੍ਰਧਾਨ ਜੇਪੀ ਨੱਡਾ ਵੱਲੋਂ ਉਨ੍ਹਾਂ ਨੂੰ ਜੋ ਵੀ ਭੂਮਿਕਾ ਅਤੇ ਡਿਊਟੀ ਸੌਂਪੀ ਗਈ ਹੈ, ਉਸ ਲਈ ਉਹ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਲਈ ਚੋਣ ਪ੍ਰਚਾਰ ਕਰਨਗੇ।

ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦਾ ਜੀਵਨ ਦਾ ਸਿਧਾਂਤ ਰਿਹਾ ਹੈ ਕਿ ਕਦੇ ਵੀ ਆਪਣੇ ਫੈਸਲੇ ਤੋਂ ਪਿੱਛੇ ਨਹੀਂ ਹਟਣਾ ਹੈ। “ਇੱਕ ਵਾਰ ਜਦੋਂ ਮੈਂ ਕੋਈ ਫੈਸਲਾ ਲੈਂਦਾ ਹਾਂ ਤਾਂ ਮੈਂ ਇਸ ਬਾਰੇ ਦ੍ਰਿੜ ਰਹਿੰਦਾ ਹਾਂ”, ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਕਿਸੇ ਵੀ ਦੂਜੇ ਵਿਚਾਰ ਜਾਂ ਕਿਸੇ ਨੂੰ ਪਾਰਟੀ ਛੱਡਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।

ਜਿਕਰਯੋਗ ਹੈ ਕਿ ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ, ਗੁਰਪ੍ਰੀਤ ਕਾਂਗੜ, ਸਾਬਕਾ ਵਿਧਾਇਕ ਰਾਜ ਕੁਮਾਰ ਵੇਰਕਾ, ਮਹਿੰਦਰ ਰਿਣਵਾ, ਹੰਸ ਰਾਜ ਜੋਸ਼ਨ, ਜੀਤ ਮਹਿੰਦਰ ਸਿੱਧੂ, ਸਾਬਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਦੇ ਸਪੁੱਤਰ ਕਮਲਜੀਤ ਢਿੱਲੋਂ ਸਮੇਤ ਅਮਰਜੀਤ ਸਿੰਘ ਸਿੱਧੂ (ਮੇਅਰ ਮੋਹਾਲੀ) ਨੇ AICC ਦੇ ਜਨਰਲ ਸਕੱਤਰ ਇੰਚਾਰਜ ਕੇ.ਸੀ. ਵੇਣੁਗੋਪਾਲ ਦੀ ਮੌਜੂਦਗੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋਏ |