ਚੰਡੀਗੜ੍ਹ, 19 ਫਰਵਰੀ 2024: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ (Akali Dal-BJP) ‘ਚ ਗਠਜੋੜ ਨੂੰ ਲੈ ਕੇ ਦਿੱਤੇ ਬਿਆਨ ਨੇ ਇੱਕ ਵਾਰ ਮੁੜ ਚਰਚਾ ਛੇੜ ਦਿੱਤੀ ਹੈ | ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਛੇਤੀ ਹੀ ਪੰਜਾਬ ਵਿੱਚ ਇੱਕ ਵਾਰ ਫਿਰ ਇਕੱਠੇ ਨਜ਼ਰ ਆ ਸਕਦੇ ਹਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦੋਵਾਂ ਪਾਰਟੀਆਂ ਵਿਚਾਲੇ ਗਠਜੋੜ ਦੇ ਸੰਕੇਤ ਦਿੱਤੇ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਇੱਕ ਬਿਆਨ ਵਿੱਚ ਕਿਹਾ ਕਿ ਉਹ ਦੋਵੇਂ ਪਾਰਟੀਆਂ ਦੇ ਗਠਜੋੜ ਦੇ ਹੱਕ ਵਿੱਚ ਹਨ। ਉਨ੍ਹਾਂ ਨੇ ਖੁਦ ਇਸ ਮੁੱਦੇ ‘ਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨਾਲ ਗੱਲਬਾਤ ਕੀਤੀ ਹੈ ਅਤੇ ਛੇਤੀ ਹੀ ਉਹ ਇਸ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀ ਗੱਲ ਕਰਨਗੇ | ਜਿਕਰਯੋਗ ਹੈ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵੀ ਦੋਵਾਂ ਪਾਰਟੀਆਂ (Akali Dal-BJP) ਨੂੰ ਮੁੜ ਇਕਜੁੱਟ ਕਰਨ ਦੇ ਹੱਕ ਵਿਚ ਹਨ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਹਾਲ ਹੀ ‘ਚ ਸੰਕੇਤ ਦਿੱਤਾ ਹੈ ਕਿ ਇਸ ਮੁੱਦੇ ‘ਤੇ ਦੋਵਾਂ ਪਾਰਟੀਆਂ ਵਿਚਾਲੇ ਗੱਲਬਾਤ ਚੱਲ ਰਹੀ ਹੈ |
ਕੈਪਟਨ ਅਮਰਿੰਦਰ ਸਿੰਘ (Captain Amarinder Singh) ਦਾ ਕਹਿਣਾ ਹੈ ਕਿ ਪੰਜਾਬ ਵਿੱਚ ਅਕਾਲੀ ਦਲ ਅਤੇ ਭਾਜਪਾ ਦੇ ਗਠਜੋੜ ਦੀ ਬਹੁਤ ਲੋੜ ਹੈ। ਜੇਕਰ ਇਹ ਦੋਵੇਂ ਪਾਰਟੀਆਂ ਇਕੱਠੀਆਂ ਹੋ ਕੇ ਚੋਣ ਮੈਦਾਨ ਵਿੱਚ ਉਤਰਦੀਆਂ ਹਨ ਤਾਂ ਸਾਰੀਆਂ ਪਾਰਟੀਆਂ ਲਈ ਚੁਣੌਤੀ ਪੇਸ਼ ਕਰਨਗੀਆਂ। ਉਨ੍ਹਾਂ ਕਿਹਾ ਕਿ ਗਠਜੋੜ ਦੀ ਪ੍ਰਕਿਰਿਆ ਛੇਤੀ ਹੀ ਮੁਕੰਮਲ ਕਰ ਲਈ ਜਾਵੇਗੀ। ਪੇਂਡੂ ਖੇਤਰਾਂ ਵਿੱਚ ਅਕਾਲੀ ਦਲ ਮਜ਼ਬੂਤ ਹੈ, ਜਦੋਂ ਕਿ ਸ਼ਹਿਰੀ ਖੇਤਰਾਂ ਵਿੱਚ ਭਾਜਪਾ ਮਜ਼ਬੂਤ ਹੈ। ਹਾਲਾਂਕਿ ਉਨ੍ਹਾਂ ਨੇ ਸੀਟਾਂ ਦੀ ਵੰਡ ਬਾਰੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ। ਕੈਪਟਨ ਨੇ ਕਿਹਾ ਕਿ ਇਸ ਸਬੰਧੀ ਸਥਿਤੀ ਛੇਤੀ ਹੀ ਸਪੱਸ਼ਟ ਹੋ ਜਾਵੇਗੀ।
ਕੈਪਟਨ ਅਮਰਿੰਦਰ ਸਿੰਘ ਨੇ ਚੱਲ ਰਹੇ ਕਿਸਾਨ ਅੰਦੋਲਨ ਬਾਰੇ ਕਿਹਾ ਕਿ ਉਹ ਹਮੇਸ਼ਾ ਕਿਸਾਨਾਂ ਦੇ ਨਾਲ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਹੁੰਦਿਆਂ ਵੀ ਉਨ੍ਹਾਂ ਕਿਹਾ ਸੀ ਕਿ ਕਿਸਾਨਾਂ ਨੂੰ ਆਪਣਾ ਪੱਖ ਪੇਸ਼ ਕਰਨ ਲਈ ਦਿੱਲੀ ਜਾਣ ਦਿੱਤਾ ਜਾਵੇ। ਹੁਣ ਵੀ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਗੱਲਬਾਤ ਚੱਲ ਰਹੀ ਹੈ ਅਤੇ ਬੈਠਕਾਂ ਦਾ ਦੌਰ ਜਾਰੀ ਹੈ। ਉਮੀਦ ਹੈ ਕਿ ਇਹ ਮਾਮਲਾ ਛੇਤੀ ਹੀ ਹੱਲ ਕਰ ਲਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਉਹ ਛੇਤੀ ਹੀ ਪੰਜਾਬ ਦੇ ਕਿਸਾਨਾਂ ਅਤੇ ਹੋਰ ਕਈ ਮੁੱਦਿਆਂ ‘ਤੇ ਪ੍ਰਧਾਨ ਮੰਤਰੀ ਨਾਲ ਬੈਠਕ ਕਰਨਗੇ।
ਜਿਕਰਯੋਗ ਹੈ ਕਿ ਪੰਜਾਬ ਵਿੱਚ ਸਾਲ 1996 ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਗਠਜੋੜ ਹੋਇਆ ਸੀ। ਅਕਾਲੀ ਦਲ ਐਨਡੀਏ ਦੇ ਸਭ ਤੋਂ ਪੁਰਾਣੇ ਭਾਈਵਾਲਾਂ ਵਿੱਚੋਂ ਸੀ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਇਸ ਨੂੰ ‘ ਨਹੁੰ-ਮਾਸ ਦਾ ਰਿਸ਼ਤਾ’ ਕਹਿੰਦੇ ਰਹੇ ਹਨ।ਹਾਲਾਂਕਿ, ਸਾਲ 2021 ਵਿੱਚ, ਸ਼੍ਰੋਮਣੀ ਅਕਾਲੀ ਦਲ ਨੇ ਮੋਦੀ ਸਰਕਾਰ ਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਵੱਲੋਂ ਅੰਦੋਲਨ ਸ਼ੁਰੂ ਕਰਨ ਤੋਂ ਬਾਅਦ ਭਾਜਪਾ ਅਤੇ ਐਨਡੀਏ ਨਾਲੋਂ ਨਾਤਾ ਤੋੜ ਲਿਆ ਸੀ।