ਪਮਿੰਦਰ ਸਿੰਘ ਪਿੰਕੀ

ਸਾਬਕਾ ਵਿਧਾਇਕ ਪਰਮਿੰਦਰ ਪਿੰਕੀ ਨੇ ਆਪਣੀਆਂ ਸੁਰੱਖਿਆ ਵਧਾਉਣ ਲਈ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ

ਚੰਡੀਗੜ੍ਹ 01 ਦਸੰਬਰ 2022: ਪੰਜਾਬ ਦੇ ਫਿਰੋਜ਼ਪੁਰ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਪਰਮਿੰਦਰ ਸਿੰਘ ਪਿੰਕੀ (Parminder Singh Pinky) ਤੋਂ ਵਾਈ ਪਲੱਸ ਸੁਰੱਖਿਆ ਵਾਪਸ ਲੈ ਲਈ ਗਈ ਸੀ। ਹੁਣ ਉਨ੍ਹਾਂ ਨੂੰ ਸਿਰਫ਼ 7 ਸੁਰੱਖਿਆ ਮੁਲਾਜ਼ਮ ਦਿੱਤੇ ਗਏ ਹਨ। ਪਰ ਪਰਮਿੰਦਰ ਸਿੰਘ ਪਿੰਕੀ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਉਂਦਿਆਂ ਕਿਹਾ ਹੈ ਕਿ ਉਸ ਦੀ ਅਤੇ ਉਸ ਦੇ ਪਰਿਵਾਰ ਦੀ ਜਾਨ-ਮਾਲ ਦੀ ਸੁਰੱਖਿਆ ਦੇ ਪ੍ਰਬੰਧ ਨਾਕਾਫ਼ੀ ਹਨ।

ਪਿੰਕੀ ਵੱਲੋਂ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਇੰਟੈਲੀਜੈਂਸ ਬਿਊਰੋ ਵੱਲੋਂ ਜਾਰੀ ਕੀਤੀ ਲਿਸਟ ਜਿਸ ਵਿਚ ਜਿਨ੍ਹਾਂ ਲੋਕਾਂ ਦੀ ਜਾਨ ਨੂੰ ਖਤਰਾ ਹੈ, ਉਨ੍ਹਾਂ ਵਿਚ ਮੇਰਾ ਨਾਂ ਵੀ ਸ਼ਾਮਲ ਹੈ | ਇਸ ਆਧਾਰ ‘ਤੇ ਉਨ੍ਹਾਂ ਨੇ ਆਪਣੀ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਹੈ। ਇਸ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਅਦਾਲਤ ਨੇ ਕੇਂਦਰ ਸਰਕਾਰ, ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ ਨੂੰ ਨੋਟਿਸ ਜਾਰੀ ਕੀਤਾ ਹੈ। ਹਾਲਾਂਕਿ ਇਸ ਤੋਂ ਪਹਿਲਾਂ ਮਈ 2022 ‘ਚ ਹਾਈਕੋਰਟ ਨੇ ਪਰਮਿੰਦਰ ਸਿੰਘ ਪਿੰਕੀ ਦੀ ਸੁਰੱਖਿਆ ‘ਚ ਲੱਗੇ 27 ਸੁਰੱਖਿਆ ਮੁਲਾਜ਼ਮਾਂ ਨੂੰ ਹਟਾ ਕੇ 2 ਸੁਰੱਖਿਆ ਮੁਲਾਜ਼ਮ ਦੇਣ ਦੇ ਹੁਕਮ ਸਰਕਾਰ ਨੂੰ ਦਿੱਤੇ ਸਨ।

ਇਸ ਤੋਂ ਪਹਿਲਾਂ ਵੀ ‘ਆਪ’ ਸਰਕਾਰ ਵੱਲੋਂ ਸੁਰੱਖਿਆ ਵਾਪਸ ਲੈਣ ਜਾਂ ਘੱਟ ਕਰਨ ‘ਤੇ ਕਈ ਆਗੂ ਹਾਈਕੋਰਟ ਪੁੱਜੇ ਸਨ। ਉਸ ਦੌਰਾਨ ਪੰਜਾਬ ਸਰਕਾਰ ਵੱਲੋਂ ਅਦਾਲਤ ਨੂੰ ਦੱਸਿਆ ਗਿਆ ਕਿ ਪਿੰਕੀ ਦੀ ਸੁਰੱਖਿਆ ਦਾ ਜਾਇਜ਼ਾ ਲੈਣ ਤੋਂ ਬਾਅਦ ਹੀ ਉਸ ਦੀ ਸੁਰੱਖਿਆ ਵਾਪਸ ਲਈ ਗਈ ਸੀ, ਜੋ ਸਰਕਾਰ ‘ਤੇ ਵਿੱਤੀ ਬੋਝ ਸੀ। ਅਦਾਲਤ ਨੂੰ ਦੱਸਿਆ ਗਿਆ ਕਿ ਕਈ ਵੀਆਈਪੀ ਸਿਰਫ਼ ਸ਼ਾਨ ਅਤੇ ਰੌਬ ਲਈ ਸੁਰੱਖਿਆ ਦੀ ਵਰਤੋਂ ਕਰ ਰਹੇ ਸਨ।

ਜਿਸ ਕਾਰਨ ਸੁਰੱਖਿਆ ਸਮੀਖਿਆ ਤੋਂ ਬਾਅਦ ਸੁਰੱਖਿਆ ਵਾਪਸ ਲੈਣ ਅਤੇ ਘੱਟ ਕਰਨ ਦੀ ਕਾਰਵਾਈ ਕੀਤੀ ਗਈ। ਪੰਜਾਬ ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਪਰਮਿੰਦਰ ਸਿੰਘ ਪਿੰਕੀ ਨੂੰ ਵਾਈ ਪਲੱਸ ਸੁਰੱਖਿਆ ਹੈ। 28 ਪੁਲਿਸ ਮੁਲਾਜ਼ਮ ਅਤੇ ਕਈ ਵਾਹਨ ਇਸ ਵਿੱਚ ਲੱਗੇ ਹੋਏ ਸਨ ਪਰ ਉਨ੍ਹਾਂ ਦੀ ਲੋੜ ਨਹੀਂ ਹੈ |

Scroll to Top