special camps

ਲੰਬਿਤ ਇੰਤਕਾਲ ਦਰਜ ਕਰਨ ਲਈ ਲਾਏ ਕੈਂਪਾਂ ਨੂੰ ਭਰਵਾਂ ਹੁੰਗਾਰਾ: ਅਨਮੋਲ ਗਗਨ ਮਾਨ

ਮਾਜਰੀ/ ਖਰੜ, 15 ਜਨਵਰੀ 2024: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਮਾਲ ਵਿਭਾਗ ਨੇ 15 ਜਨਵਰੀ (ਸੋਮਵਾਰ) ਨੂੰ ਹਰੇਕ ਤਹਿਸੀਲ ਅਤੇ ਸਬ ਤਹਿਸੀਲ ਵਿੱਚ ਵਿਸ਼ੇਸ਼ ਕੈਂਪ (special camps) ਲਗਾ ਕੇ ਲੰਬਿਤ ਪਏ ਇੰਤਕਾਲ ਦਰਜ ਕੀਤੇ। ਇਸੇ ਲੜੀ ਤਹਿਤ ਮਾਜਰੀ ਵਿਖੇ ਲਾਏ ਕੈਂਪ ਦਾ ਜਾਇਜ਼ਾ ਕੈਬਨਿਟ ਮੰਤਰੀ, ਪੰਜਾਬ, ਅਨਮੋਲ ਗਗਨ ਮਾਨ ਨੇ ਲਿਆ। ਇਸ ਮੌਕੇ ਸਹਾਇਕ ਕਮਿਸ਼ਨਰ (ਸਿਖਲਾਈ ਅਧੀਨ) ਡੇਵੀ ਗੋਇਲ ਵੀ ਮੌਜੂਦ ਸਨ।

ਇਸ ਮੌਕੇ ਕੈਬਨਿਟ ਮੰਤਰੀ ਨੇ ਦੱਸਿਆ ਕਿ ਮਾਲ ਵਿਭਾਗ ਦੀਆਂ ਸੇਵਾਵਾਂ ਲੋਕਾਂ ਤੱਕ ਸੁਚਾਰੂ ਤਰੀਕੇ ਨਾਲ ਪਹੁੰਚਾਉਣ ਦੀ ਦਿਸ਼ਾ ਵਿੱਚ ਵੱਡੀ ਪੁਲਾਂਘ ਪੁੱਟਦਿਆਂ 6 ਜਨਵਰੀ ਨੂੰ ਸੂਬੇ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਦੀਆਂ ਹਦਾਇਤਾਂ ਅਨੁਸਾਰ ਛੁੱਟੀ ਵਾਲੇ ਦਿਨ ਪੰਜਾਬ ਭਰ ਦੇ ਮਾਲ ਦਫ਼ਤਰਾਂ ਵਿੱਚ ਲੰਬਿਤ ਪਏ ਇੰਤਕਾਲ ਦਰਜ ਕਰਨ ਦੀ ਵਿਸ਼ੇਸ਼ ਮੁਹਿੰਮ ਨੂੰ ਮਿਲੇ ਭਰਵੇਂ ਹੁੰਗਾਰੇ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਸੀ। ਵਿਸ਼ੇਸ਼ ਕੈਂਪ (special camps) ਦੌਰਾਨ ਸਾਰੇ ਲੰਬਿਤ ਇੰਤਕਾਲ ਮੌਕੇ ਉਤੇ ਹੀ ਦਰਜ ਕਰਨ ਲਈ ਅਧਿਕਾਰੀਆਂ ਨੂੰ ਪਹਿਲਾਂ ਹੀ ਆਦੇਸ਼ ਦਿੱਤੇ ਗਏ ਸਨ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਅਨਮੋਲ ਗਗਨ ਮਾਨ ਨੇ ਅਧਿਕਾਰੀਆਂ ਨੂੰ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾ ਵਰਤਣ ਦੀ ਹਦਾਇਤ ਕਰਦਿਆਂ ਆਖਿਆ ਕਿ ਲੋਕਾਂ ਦੇ ਜਾਇਜ਼ ਕੰਮਕਾਜ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਦੋਸ਼ੀ ਪਾਇਆ ਗਿਆ ਤਾਂ ਉਸ ਖਿਲਾਫ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਮਾਲ ਵਿਭਾਗ ਵਿਚ ਜੇਕਰ ਕਿਸੇ ਵੀ ਪੱਧਰ ‘ਤੇ ਲੋਕਾਂ ਨੂੰ ਕੰਮ ਕਰਵਾਉਣ ਵਿਚ ਕੋਈ ਦਿੱਕਤ ਆਉਂਦੀ ਹੈ ਤਾਂ ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਵੱਲੋਂ ਇਸ ਬਾਬਤ ਜਾਰੀ ਹੈਲਪਲਾਈਨ ਨੰਬਰ 8184900002 ‘ਤੇ ਲਿਖਤੀ ਸ਼ਿਕਾਇਤ ਵੱਟਸਐਪ ਕੀਤੀ ਜਾ ਸਕਦੀ ਹੈ। ਐਨ.ਆਰ.ਆਈਜ਼ ਆਪਣੀਆਂ ਲਿਖਤੀ ਸ਼ਿਕਾਇਤਾਂ 9464100168 ਨੰਬਰ ‘ਤੇ ਭੇਜ ਸਕਦੇ ਹਨ।

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪ੍ਰਸ਼ਾਸਨਿਕ ਕੰਮਕਾਜ ਨੂੰ ਸੁਚਾਰੂ ਕਰਨ ਲਈ ਸਾਰਥਕ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਮਾਲ ਵਿਭਾਗ ਦੇ ਸਾਰੇ ਕੰਮਕਾਜ ਨੂੰ ਵੀ ਸੁਚਾਰੂ ਕੀਤਾ ਜਾ ਰਿਹਾ ਹੈ ਤਾਂ ਕਿ ਲੋਕਾਂ ਨੂੰ ਜਾਇਦਾਦਾਂ ਸਬੰਧੀ ਕਿਸੇ ਵੀ ਤਰ੍ਹਾਂ ਦੇ ਝਗੜਿਆਂ ਦਾ ਸਾਹਮਣਾ ਨਾ ਕਰਨਾ ਪਵੇ |

Scroll to Top