DGP Gaurav Yadav

ਪੰਜਾਬ ‘ਚੋਂ ਗੈਂਗਸਟਰਾਂ ਤੇ ਨਸ਼ਿਆਂ ਨੂੰ ਜਲਦ ਖ਼ਤਮ ਕੀਤਾ ਜਾਵੇਗਾ: DGP ਗੌਰਵ ਯਾਦਵ

ਚੰਡੀਗੜ੍ਹ 14 ਜੁਲਾਈ 2022: ਪੰਜਾਬ ਪੁਲਿਸ ਦੇ ਨਵ-ਨਿਯੁਕਤ ਡੀਜੀਪੀ ਗੌਰਵ ਯਾਦਵ (DGP Gaurav Yadav) ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚੇ, ਜਿੱਥੇ ਉਨ੍ਹਾਂ ਨੇ ਅਰਦਾਸ ਕੀਤੀ ਅਤੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਗੌਰਵ ਯਾਦਵ ਨੇ ਕਿਹਾ ਕਿ ਅੰਮ੍ਰਿਤਸਰ ਦੀ ਫੇਰੀ ਦਾ ਇੱਕੋ ਇੱਕ ਮਕਸਦ ਪੰਜਾਬ ਦੀ ਸ਼ਾਂਤੀ ਅਤੇ ਖੁਸ਼ਹਾਲੀ ਲਈ ਸੱਚੇ ਪਾਤਸ਼ਾਹ ਅੱਗੇ ਅਰਦਾਸ ਕਰਨਾ ਸੀ ਅਤੇ ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਪੰਜਾਬ ਪੁਲਿਸ ਦੁਨੀਆਂ ਦੀਆਂ ਸਭ ਤੋਂ ਵਧੀਆ ਪੁਲਿਸ ਫੋਰਸਾਂ ਵਿੱਚੋਂ ਇੱਕ ਹੈ ਜੋ ਪੰਜਾਬੀਆਂ ਲਈ ਅਮਨ-ਕਾਨੂੰਨ ਨੂੰ ਕਾਇਮ ਰੱਖੇਗੀ।

ਉਨ੍ਹਾਂ ਕਿਹਾ ਕਿ ਪੰਜਾਬ ‘ਚੋਂ ਗੈਂਗਸਟਰਾਂ ਅਤੇ ਨਸ਼ਿਆਂ ਨੂੰ ਖ਼ਤਮ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ‘ਚ ਜਲਦੀ ਹੀ ਬਦਲਾਅ ਦੇਖਣ ਨੂੰ ਮਿਲੇਗਾ ਅਤੇ ਨਸ਼ਿਆਂ ‘ਤੇ ਪੂਰੀ ਤਰ੍ਹਾਂ ਕੰਟਰੋਲ ਹੋਵੇਗਾ। ਅਸੀਂ ਲੋਕਾਂ ਦੀ ਸੇਵਾ ਕਰਨ ਅਤੇ ਪੰਜਾਬ ਵਿੱਚ ਅਮਨ-ਸ਼ਾਂਤੀ ਬਹਾਲ ਕਰਨ ਲਈ ਅਜਿਹੇ ਕਾਨੂੰਨ ਤਿਆਰ ਕਰ ਰਹੇ ਹਾਂ।ਜਲਦ ਹੀ ਪੰਜਾਬ ਵਾਸੀਆਂ ਨੂੰ ਬਦਲਾਵ ਦੇਖਣ ਨੂੰ ਮਿਲੇਗਾ |

ਇਸ ਮੌਕੇ ਡੀਜੀਪੀ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਅਤੇ ਸੂਚਨਾ ਕੇਂਦਰ ਦੇ ਅਧਿਕਾਰੀਆਂ ਅੰਮ੍ਰਿਤਪਾਲ ਸਿੰਘ ਤੇ ਰਣਧੀਰ ਸਿੰਘ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਅਤੇ ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ ਵੀ ਹਾਜ਼ਰ ਸਨ।

Scroll to Top