ਚੰਡੀਗੜ੍ਹ,11 ਮਈ 2023: ਪੰਜਾਬ ਦੇ ਰੋਪੜ ਜ਼ਿਲ੍ਹੇ ਦੇ ਨੰਗਲ (Nangal) ਸ਼ਹਿਰ ਵਿੱਚ ਵੀਰਵਾਰ ਨੂੰ ਇੱਕ ਫੈਕਟਰੀ ਵਿੱਚੋਂ ਗੈਸ ਲੀਕ ਹੋ ਗਈ। ਜਿਸ ਕਾਰਨ ਪ੍ਰਾਈਵੇਟ ਸਕੂਲ ਦੇ 30 ਤੋਂ 35 ਛੋਟੇ ਬੱਚਿਆਂ ਸਮੇਤ ਕਈ ਲੋਕ ਪ੍ਰਭਾਵਿਤ ਹੋਏ ਹਨ। ਇਨ੍ਹਾਂ ਸਾਰਿਆਂ ਨੂੰ ਗਲੇ ‘ਚ ਦਰਦ ਅਤੇ ਸ਼ਾਹ ਲੈਣ ਵਿੱਚ ਦਿੱਕਤ ਹੋ ਰਹੀ ਹੈ | ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਪ੍ਰਸ਼ਾਸਨ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ।
ਸਾਵਧਾਨੀ ਦੇ ਤੌਰ ‘ਤੇ ਸਕੂਲੀ ਬੱਚਿਆਂ ਨੂੰ ਸੁਰੱਖਿਅਤ ਥਾਂ ‘ਤੇ ਭੇਜਿਆ ਜਾ ਰਿਹਾ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਸਮੇਤ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ। ਹੋਰ ਵਿਭਾਗਾਂ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਵੀ ਬੁਲਾਇਆ ਗਿਆ ਹੈ। ਜਿਸ ਥਾਂ ‘ਤੇ ਗੈਸ ਲੀਕ ਹੋਈ, ਉੱਥੇ ਹਰ ਸਮੇਂ 300 ਤੋਂ 400 ਲੋਕ ਮੌਜੂਦ ਰਹਿੰਦੇ ਹਨ।
ਸਿੱਖਿਆ ਮੰਤਰੀ ਨੇ ਕਿਹਾ ਕਿ ਨੰਗਲ (Nangal) ਵਿੱਚ ਗੈਸ ਲੀਕ ਹੋਣ ਦੀ ਖ਼ਬਰ ਮਿਲੀ । ਸਾਵਧਾਨੀ ਨੂੰ ਧਿਆਨ ਵਿੱਚ ਰੱਖਦੇ ਹੋਏ ਜਿਲ੍ਹੇ ਦੀਆਂ ਸਾਰੀਆਂ ਐਂਬੂਲੈਂਸਾ ਨੂੰ ਘਟਨਾ ਵਾਲੀ ਜਗ੍ਹਾ ਤੇ ਸਟੇਸ਼ਨ ਕਰਵਾਇਆ ਜਾ ਰਿਹਾ ਹੈ। ਮੈਂ ਆਪਣੇ ਸਾਰੇ ਸ਼ਹਿਰ ਵਾਸੀਆਂ ਦੇ ਦੀ ਸਿਹਤ ਦੀ ਕਾਮਨਾ ਕਰਦਾ ਹਾਂ। ਕਿਸੇ ਨੂੰ ਘਬਰਾਣ ਦੀ ਜ਼ਰੂਰਤ ਨਹੀਂ ਹੈ।
ਨੰਗਲ ਵਿੱਚ ਦੋ ਵੱਡੀਆਂ ਫੈਕਟਰੀਆਂ ਹਨ ਪਹਿਲੀ ਪੀਏਸੀਐਲ ਅਤੇ ਦੂਜੀ ਐਨਐਫਐਲ। ਫਿਲਹਾਲ ਇਸ ਗੱਲ ਦੀ ਪੁਸ਼ਟੀ ਨਹੀਂ ਹੋ ਸਕੀ ਹੈ ਕਿ ਗੈਸ ਕਿੱਥੋਂ ਲੀਕ ਹੋਈ। ਹਾਦਸੇ ਤੋਂ ਬਾਅਦ ਆਸ-ਪਾਸ ਦੇ ਪਿੰਡਾਂ ਦੇ ਲੋਕ ਇਕੱਠੇ ਹੋ ਗਏ ਅਤੇ ਫੈਕਟਰੀ ਖਿਲਾਫ ਜੰਮ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਦੋਵੇਂ ਫੈਕਟਰੀਆਂ ਦੇ ਪ੍ਰਬੰਧਕ ਲੋਕਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਸਾਡੀ ਜਗ੍ਹਾ ਤੋਂ ਗੈਸ ਲੀਕ ਨਹੀਂ ਹੋਈ ਹੈ।