ਕਿਰਪਾਲ ਸਿੰਘ ਬਡੂੰਗਰ

ਗੱਤਕਾ ਸੰਸਥਾਵਾਂ ਵੱਲੋਂ ਜਥੇਦਾਰ ਕਿਰਪਾਲ ਸਿੰਘ ਬਡੂੰਗਰ ਦੀ ਧਰਮਪਤਨੀ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 9 ਅਗਸਤ 2023: ਵਿਸ਼ਵ ਗੱਤਕਾ ਫੈਡਰੇਸ਼ਨ, ਏਸ਼ੀਅਨ ਗੱਤਕਾ ਫੈਡਰੇਸ਼ਨ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਅਤੇ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਕੌਂਸਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਕਿਰਪਾਲ ਸਿੰਘ ਬਡੂੰਗਰ ਦੀ ਸੁਪਤਨੀ ਦੇ ਅਕਾਲ ਚਲਾਣਾ ਕਰ ਜਾਣ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਇੱਕ ਸ਼ੋਕ ਸੰਦੇਸ਼ ਵਿੱਚ ਵਿਸ਼ਵ ਗੱਤਕਾ ਫੈਡਰੇਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ, ਜਨਰਲ ਸਕੱਤਰ ਡਾ. ਦੀਪ ਸਿੰਘ ਅਮਰੀਕਾ, ਏਸ਼ੀਅਨ ਗੱਤਕਾ ਫੈਡਰੇਸ਼ਨ ਦੇ ਪ੍ਰਧਾਨ ਜਸਵੰਤ ਸਿੰਘ ਗੋਗਾ ਤੇ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਕੌਂਸਲ ਦੇ ਸਕੱਤਰ ਬਲਜੀਤ ਸਿੰਘ ਨੇ ਕਿਹਾ ਕਿ ਜਥੇਦਾਰ ਬਡੂੰਗਰ ਤੇ ਉਨ੍ਹਾਂ ਦੇ ਪਰਿਵਾਰ ਨੂੰ ਹੋਏ ਇਸ ਹਿਰਦੇਵੇਧਕ ਘਾਟੇ ‘ਤੇ ਸਮੁੱਚਾ ਸਿੱਖ ਭਾਈਚਾਰਾ ਉਨ੍ਹਾਂ ਦੇ ਇਸ ਦੁੱਖ ਵਿੱਚ ਇੱਕਜੁੱਟ ਹੈ। ਉਨ੍ਹਾਂ ਨੇ ਮਰਹੂਮ ਬੀਬੀ ਬਡੂੰਗਰ ਵੱਲੋਂ ਸਿੱਖੀ ਦੀ ਪ੍ਰਫੁੱਲਤਾ ਪਾਏ ਵੱਡਮੁੱਲੇ ਯੋਗਦਾਨ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਇੱਕ ਵਿਚਾਰਵਾਨ ਸਿੱਖ ਔਰਤ ਸਨ, ਜਿਨ੍ਹਾਂ ਨੇ ਸਿੱਖੀ ਦੀਆਂ ਕਦਰਾਂ-ਕੀਮਤਾਂ ਨੂੰ ਪ੍ਰਫੁੱਲਤ ਕਰਨ ਅਤੇ ਪੰਥ ਦੀ ਸੇਵਾ ਲਈ ਬਹੁਤ ਵੱਡਾ ਯੋਗਦਾਨ ਪਾਇਆ ਹੈ।

ਜਥੇਦਾਰ ਬਡੂੰਗਰ ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਹਰਜੀਤ ਸਿੰਘ ਗਰੇਵਾਲ, ਡਾ. ਦੀਪ ਸਿੰਘ ਅਮਰੀਕਾ, ਜਸਵੰਤ ਸਿੰਘ ਗੋਗਾ ਤੇ ਬਲਜੀਤ ਸਿੰਘ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਤੇ ਦੁਖੀ ਪਰਿਵਾਰ ਨੂੰ ਇਹ ਅਸਹਿ ਦੁੱਖ ਸਹਿਣ ਸਮੇਂ ਦਿਲਾਸਾ ਅਤੇ ਤਾਕਤ ਬਖਸ਼ਿਸ਼ ਕਰਨ।

ਬੀਬੀ ਬਡੂੰਗਰ ਦੇ ਗੁਰਸਿੱਖੀ ਜੀਵਨ ਅਤੇ ਵਿਰਾਸਤ ਨੂੰ ਯਾਦ ਕਰਦਿਆਂ ਉਪਰੋਕਤ ਗੱਤਕਾ ਪ੍ਰਮੋਟਰਾਂ ਨੇ ਉਨਾਂ ਦੀ ਯਾਦ ਨੂੰ ਸੰਭਾਲਣ ਅਤੇ ਸਿੱਖ ਕੌਮ ਦੀ ਬਿਹਤਰੀ ਲਈ ਉਨ੍ਹਾਂ ਵੱਲੋਂ ਅਰੰਭੇ ਨੇਕ ਕਾਰਜ ਜਾਰੀ ਰੱਖਣ ਦੀ ਲੋੜ ‘ਤੇ ਜ਼ੋਰ ਦਿੱਤਾ।

Scroll to Top