ਚੰਡੀਗੜ੍ਹ, 01 ਅਕਤੂਬਰ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਿੰਡ ਘੁੰਗਰਾਲੀ (Ghungrali) ਦੇ ਵਾਸੀਆਂ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ | ਇਸ ਦੌਰਾਨ ਮੁੱਖ ਮੰਤਰੀ ਨੇ ਸਾਫ਼ ਸ਼ਬਦਾਂ ‘ਚ ਕਿਹਾ ਕਿ ਲੁਧਿਆਣਾ ਦੇ ਪਿੰਡ ਘੁੰਗਰਾਲੀ ਵਿਖੇ ਸਥਾਪਿਤ ਹੋ ਰਿਹਾ ਬਾਇਓਗੈਸ ਪਲਾਂਟ ਪੂਰੀ ਤਰ੍ਹਾਂ ਪ੍ਰਦੂਸ਼ਣ ਮੁਕਤ ਹੋਵੇਗਾ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸੇ ਨੂੰ ਵੀ ਨਿਯਮਾਂ ਦੀ ਉਲੰਘਣਾ ਨਹੀਂ ਕਰਨ ਦਿੱਤੀ ਅਤੇ ਪੰਜਾਬ ‘ਚ ਪ੍ਰਦੂਸ਼ਣ ਫੈਲਾਉਣ ਦੀ ਕਿਸੇ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਪੰਜਾਬ ਸਰਕਾਰ ਸੂਬੇ ‘ਚ ਪ੍ਰਦੂਸ਼ਣ ਨੂੰ ਰੋਕਣ ਲਈ ਵਚਨਬੱਧ ਹੈ |
ਸੀਐੱਮ ਮਾਨ ਨੇ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਪਿੰਡ ਵਾਸੀਆਂ ਨੂੰ ਦੱਸਿਆ ਕਿ ਪਲਾਂਟ ਮਾਲਕਾਂ ਨੇ ਪੰਜਾਬ ਸਰਕਾਰ ਨਾਲ ਲਿਖਤੀ ਸਮਝੌਤਾ ਕੀਤਾ ਹੈ ਕਿ ਉਨ੍ਹਾਂ ਦਾ ਪਲਾਂਟ ਵਾਤਾਵਰਨ ਦੇ ਸਾਰੇ ਨਿਯਮਾਂ ਦੀ ਪਾਲਣਾ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਾਤਾਵਰਨ ਨਿਯਮਾਂ ਦੀ ਕੋਈ ਵੀ ਉਲੰਘਣਾ ਪੂਰੀ ਤਰ੍ਹਾਂ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਇਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਪਲਾਂਟ ਨੂੰ ਮੁੜ ਚਾਲੂ ਕਰਨ ‘ਚ ਪੰਜਾਬ ਸਰਕਾਰ ਦੇ ਸਹਿਯੋਗ ਲਈ ਪਿੰਡ (Ghungrali) ਵਾਸੀਆਂ ਦਾ ਧੰਨਵਾਦ ਕੀਤਾ ਹੈ । ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਨੇ ਆਪਣੀ ਉਸਾਰੂ ਸੋਚ ਸਦਕਾ ਸਰਕਾਰੀ ਕੰਮਾਂ ‘ਚ ਲੋਕਾਂ ਦੇ ਸਹਿਯੋਗ ਦੀ ਨਵੀਂ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਉਹ ਛੇਤੀ ਹੀ ਪਿੰਡ ‘ਚ ਹੋਣ ਵਾਲੇ ਖੇਡ ਮੇਲੇ ‘ਚ ਸ਼ਮੂਲੀਅਤ ਕਰਨਗੇ।