ਚੰਡੀਗੜ੍ਹ, 16 ਅਕਤੂਬਰ 2024: ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਜਿਕਰਯੋਗ ਹੈ ਕਿ ਬੀਤੇ ਦਿਨ ਹੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਨੂੰ 10 ਸਾਲ ਲਈ ਪਾਰਟੀ ‘ਚੋਂ ਕੱਢਣ ਦਾ ਹੁਕਮ ਦਿੱਤਾ ਗਿਆ ਸੀ |
ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਅਸਤੀਫੇ ‘ਤੇ ਬਿਆਨ ਸਾਹਮਣੇ ਆਇਆ ਹੈ | ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਬੀਬੀ ਜੰਗੀਰ ਕੌਰ, ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ, ਸੁਰਜੀਤ ਸਿੰਘ ਰੱਖੜਾ ਅਤੇ ਸੁੱਚਾ ਸਿੰਘ ਛੋਟੇਪੁੱਰ ਨੇ ਸਾਂਝੇ ਤੌਰ ‘ਤੇ ਬਿਆਨ ਜਾਰੀ ਕਰਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਅਸਤੀਫ਼ੇ ਨੂੰ ਸਿੱਖ ਕੌਮ ਲਈ ਵੱਡਾ ਘਾਟਾ ਦੱਸਿਆ ਹੈ |
ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਨੇ ਸਿੰਘ ਸਾਹਿਬਾਨ ਨੂੰ ਅਪੀਲ ਕੀਤੀ ਹੈ ਕਿ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਧਿਆਨ ‘ਚ ਰੱਖਦਿਆਂ ਜਥੇਦਾਰ ਸਾਹਿਬ (Giani Harpreet Singh) ਆਪਣੇ ਅਸਤੀਫੇ ਦੇ ਮੁੜ ਵਿਚਾਰ ਕਰਨਗੇ, ਜਿਸਦੀ ਸਿੱਖ ਕੌਮ ਆਸ ਕਰਦੀ ਹੈ। ਆਗੂਆਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਅਪੀਲ ਕੀਤੀ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਕਿਸੇ ਵੀ ਹਾਲਤ ‘ਚ ਸਵੀਕਾਰ ਕਰਨਾ ਸਿੱਖ ਕੌਮ ਨਾਲ ਬੇਇਨਸਾਫ਼ੀ ਹੋਵੇਗੀ।
ਇਸ ਦੌਰਾਨ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਸਖ਼ਤ ਸਬਦਾਂ ‘ਚ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਪਿਛਲੇ ਹਫਤੇ ਤੋਂ ਲਗਾਤਾਰ ਕਹਿ ਰਿਹਾ ਸੀ ਕਿ ਸਿੱਖ ਕੌਮ ਨੂੰ ਅੱਗ ਵੱਲ ਧਕਿਆ ਜਾ ਰਿਹਾ ਹੈ। ਜਿਸ ਲਈ ਸ਼੍ਰੋਮਣੀ ਅਕਾਲੀ ਦਲ ਦਾ ਤਨਖਾਹੀਆ ਪ੍ਰਧਾਨ ਗਿਣੀ ਮਿਥੀ ਸ਼ਾਜਿਸ ਨੂੰ ਅੱਗੇ ਵਧਾ ਰਿਹਾ ਹੈ।
ਆਗੂਆਂ ਨੇ ਕਿਹਾ ਕਿ ਕੌਮ ਦੇ ਖ਼ਿਲਾਫ ਰਚੀ ਸਾਜਿਸ਼ ਪਿੱਛੇ ਸਿਰਫ ਸੁਖਬੀਰ ਸਿੰਘ ਬਾਦਲ ਹੀ ਨਹੀਂ ਸਗੋਂ ਵਿਰਸਾ ਸਿੰਘ ਵਲਟੋਹਾ ਸਮੇਤ ਕਈ ਓਹ ਆਗੂ ਸ਼ਾਮਲ ਹਨ, ਜਿਹੜੇ ਇਸ ਸਾਜਿਸ਼ ਦਾ ਵਿਰੋਧ ਕਰਨ ਦੀ ਥਾਂ ਓਹਨਾ ਦੀ ਪਿੱਠ ਥਾਪੜ ਰਹੇ ਹਨ। ਇਸਦੇ ਨਾਲ ਹੀ ਜਥੇਦਾਰ ਵਡਾਲਾ ਨੇ ਕਿਹਾ ਸਿੰਘ ਸਾਹਿਬਾਨਾਂ ਨੇ ਬੀਤੇ ਦਿਨ ਵਿਰਸਾ ਸਿੰਘ ਵਲਟੋਹਾ ਦੁਆਰਾ ਦਿੱਤੀਆਂ ਜਾ ਰਹੀਆਂ ਧਮਕੀਆਂ ਦਾ ਜਿਕਰ ਕੀਤਾ ਗਿਆ ਸੀ, ਜਿਸ ਤੋਂ ਬਾਅਦ ਵਿਰਸਾ ਸਿੰਘ ਵਲਟੋਹਾ ਆਪਣਾ ਹੋਸ ਗੁਆ ਬੈਠਾ ਸੀ ਅਤੇ ਸ਼ਾਮ ਨੂੰ ਫਿਰ ਕਿਰਦਾਰਕੁਸ਼ੀ ਕਰਨੀ ਸ਼ੁਰੂ ਕਰ ਦਿੱਤੀ |
ਉਨ੍ਹਾਂ ਕਿਹਾ ਕਿ ਹੁਣ ਸਿੰਘ ਸਾਹਿਬਾਨ ਦੀਆਂ ਬੇਟੀਆਂ ਤੱਕ ਦੀਆਂ ਧਮਕੀਆਂ ਸਾਬਤ ਕਰਦੀਆਂ ਹਨ ਕਿ ਸੁਖਬੀਰ ਸਿੰਘ ਬਾਦਲ ਇਸ ਖੇਡ ਦਾ ਰਚਣਹਾਰਾ ਹੈ, ਜਿਸ ਦੇ ਇਸ਼ਾਰੇ ‘ਤੇ ਸ਼੍ਰੋਮਣੀ ਅਕਾਲੀ ਦਲ ਦਾ ਆਈਟੀ ਵਿੰਗ ਸੋਸ਼ਲ ਮੀਡੀਆ ‘ਤੇ ਗੁੰਡਾ ਰੋਲ ਅਦਾ ਕਰ ਰਿਹਾ ਸੀ।
ਸੁਧਾਰ ਲਹਿਰ ਦੇ ਆਗੂਆਂ ਨੇ ਸਿੱਖ ਕੌਮ ਨੂੰ ਸਿੰਘ ਸਾਹਿਬਾਨ ਦੀ ਹਿਫਾਜਤ ਲਈ ਅੱਗੇ ਆਉਣ ਦੀ ਅਪੀਲ ਕੀਤੀ ਹੈ | ਆਗੂਆਂ ਨੇ ਕਿਹਾ ਕਿ ਅਬਦਾਲੀ ਦਾ ਰੂਪ ਲੈ ਕੇ ਚੁੱਕੇ ਸੁਖਬੀਰ ਸਿੰਘ ਬਾਦਲ ਅਤੇ ਬਾਬਰ ਦੀ ਆਤਮਾ ਵਾਲੇ ਵਿਰਸਾ ਸਿੰਘ ਵਲਟੋਹਾ ਖਿਲਾਫ਼ ਇੱਕਠੇ ਹੋ ਕੇ ਜਵਾਬ ਦੇਣਾ ਚਾਹੀਦਾ ਹੈ । ਆਗੂਆਂ ਨੇ ਕਿਹਾ ਕਿ ਜੇਕਰ ਸਿੰਘ ਸਾਹਿਬਾਨ ਜਾਂ ਓਹਨਾ ਦੇ ਕਿਸੇ ਪਰਿਵਾਰਿਕ ਮੈਂਬਰ ਦਾ ਕਿਸੇ ਤਰੀਕੇ ਜਾਨੀ ਮਾਲੀ ਨੁਕਸਾਨ ਹੋਇਆ ਤਾਂ ਕੌਮ ਇਸ ਨੂੰ ਬਰਦਾਸ਼ਤ ਨਹੀਂ ਕਰੇਗੀ।