ਚੰਡੀਗੜ੍ਹ 02 ਦਸੰਬਰ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਅਮਰੀਕਾ ਦੇ ਕੈਲੀਫੋਰਨੀਆ ‘ਚ ਹਿਰਾਸਤ ‘ਚ ਲੈ ਲਿਆ ਗਿਆ ਹੈ। ਸੂਤਰਾਂ ਮੁਤਾਬਕ ਗੋਲਡੀ ਬਰਾੜ ਨੂੰ 20 ਨਵੰਬਰ ਨੂੰ ਜਾਂ ਇਸ ਤੋਂ ਪਹਿਲਾਂ ਹਿਰਾਸਤ ਵਿੱਚ ਲਿਆ ਗਿਆ ਸੀ। ਹਾਲਾਂਕਿ, ਅਜੇ ਤੱਕ ਕੈਲੀਫੋਰਨੀਆ ਪੁਲਿਸ ਨੇ ਇਸ ਬਾਰੇ ਰਸਮੀ ਤੌਰ ‘ਤੇ ਕੋਈ ਬਿਆਨ ਨਹੀਂ ਦਿੱਤਾ ਹੈ। ਸੂਤਰਾਂ ਦੇ ਮੁਤਾਬਕ ਅਮਰੀਕੀ ਜਾਂਚ ਏਜੰਸੀ ਐਫਬੀਆਈ ਨੇ ਭਾਰਤੀ ਏਜੰਸੀਆਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ । ਦੱਸਿਆ ਜਾ ਰਿਹਾ ਹੈ ਕਿ ਗੋਲਡੀ ਨੂੰ ਭਾਰਤ ਭੇਜਿਆ ਜਾ ਸਕਦਾ ਹੈ।
ਹਾਲਾਂਕਿ ਇਸ ਦੀ ਜਾਣਕਾਰੀ ਭਾਰਤੀ ਖੁਫ਼ੀਆ ਏਜੰਸੀਆਂ ਤੱਕ ਪਹੁੰਚ ਗਈ ਹੈ। ਜਿਸ ਤੋਂ ਬਾਅਦ ਉਹ ਅਮਰੀਕੀ ਏਜੰਸੀਆਂ ਨਾਲ ਸੰਪਰਕ ਕਰ ਰਹੀ ਹੈ। ਗੋਲਡੀ ਬਰਾੜ ਖਿਲਾਫ 2 ਪੁਰਾਣੇ ਮਾਮਲਿਆਂ ‘ਚ ਪਹਿਲਾਂ ਹੀ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਜਾ ਚੁੱਕਾ ਹੈ। ਦੱਸਿਆ ਜਾ ਰਿਹਾ ਹੈ ਕਿ ਗੋਲਡੀ ਕੁਝ ਦਿਨ ਪਹਿਲਾਂ ਕੈਨੇਡਾ ਤੋਂ ਸਿਆਸੀ ਸ਼ਰਨ ਲਈ ਕੈਲੀਫੋਰਨੀਆ ਭੱਜ ਗਿਆ ਸੀ।
ਦੂਜੇ ਪਾਸੇ ਗੋਲਡੀ ਬਰਾੜ ਨੂੰ ਹਿਰਾਸਤ ‘ਚ ਲਏ ਜਾਣ ਤੋਂ ਬਾਅਦ ਸਿੱਧ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਦਾ ਸਵਾਗਤ ਕੀਤਾ ਹੈ । ਜੇਕਰ ਗੋਲਡੀ ਬਰਾੜ ਨੂੰ ਭਾਰਤ ਲਿਆ ਕੇ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾਵੇ ਤਾਂ ਇਸ ਪੂਰੇ ਮਾਮਲੇ ਦੇ ਪਿੱਛੇ ਦੇ ਚਿਹਰਿਆਂ ਦਾ ਵੀ ਪਤਾ ਲੱਗ ਜਾਵੇਗਾ।