ਚੰਡੀਗੜ੍ਹ, 07 ਸਤੰਬਰ 2024: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ 30 ਮਹੀਨਿਆਂ ‘ਚ ਸੂਬੇ ਦੇ ਨੌਜਵਾਨਾਂ ਨੂੰ 44974 ਸਰਕਾਰੀ ਨੌਕਰੀਆਂ (Government jobs) ਦਿੱਤੀਆਂ ਹਨ | ਮੁੱਖ ਮੰਤਰੀ ਨੇ ਅੱਜ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਆਡੀਟੋਰੀਅਮ ‘ਚ ਵੱਖ-ਵੱਖ ਵਿਭਾਗਾਂ ‘ਚ ਨੌਜਵਾਨਾਂ ਨੂੰ 293 ਅਸਾਮੀਆਂ ਲਈ ਨਿਯੁਕਤੀ ਪੱਤਰ ਸੌਂਪੇ | ਉਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ‘ਚ ਨੌਕਰੀਆਂ (Government jobs) ਮਿਲੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਨੌਜਵਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਸਰਕਾਰ ਦੀ ਵਚਨਬੱਧਤ ਹੈ |
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਚੰਗੇ ਜੀਵਨ ਦੀ ਭਾਲ ‘ਚ ਵਿਦੇਸ਼ ਜਾਣ ਦੀ ਬਜਾਏ ਹੁਣ ਇੱਥੇ ਰੁਜ਼ਗਾਰ ਹਾਸਲ ਕਰਨ ਲਈ ਸਖ਼ਤ ਮਿਹਨਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਨੌਕਰੀ ਤਲਾਸ਼ਣ ਵਾਲਿਆਂ ਦੀ ਥਾਂ ਨੌਕਰੀ ਦੇਣ ਵਾਲੇ ਬਣਨ।ਨੌਜਵਾਨਾਂ ਦੀ ਸਰਗਰਮ ਸ਼ਮੂਲੀਅਤ ਨਾਲ ਹੀ ਅਗਾਂਹਵਧੂ ਅਤੇ ਖੁਸ਼ਹਾਲ ਪੰਜਾਬ ਦੇ ਸੁਪਨੇ ਨੂੰ ਸਾਕਾਰ ਕੀਤਾ ਜਾ ਸਕਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ 842 ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਜਾ ਚੁੱਕੇ ਹਨ,ਅਜਿਹੇ 30 ਹੋਰ ਕਲੀਨਿਕ ਸਥਾਪਿਤ ਕੀਤੇ ਜਾ ਰਹੇ ਹਨ | ਇਨ੍ਹਾਂ ‘ਚੋਂ ਹੁਣ ਤੱਕ 2 ਕਰੋੜ ਤੋਂ ਵੱਧ ਲੋਕਾਂ ਨੂੰ ਲਾਭ ਮਿਲਿਆ ਹੈ ਅਤੇ ਇਲਾਜ ਲੈਣ ਦੇ ਨਾਲ-ਨਾਲ 95 ਫੀਸਦੀ ਲੋਕ ਸਿਹਤਯਾਬ ਵੀ ਹੋ ਚੁੱਕੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਢਾਈ ਸਾਲਾਂ ‘ਚ ਲੋਕਾਂ ਨੇ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ‘ਤੇ ਭਰੋਸਾ ਕੀਤਾ ਹੈ ਅਤੇ ਕਰ ਮਾਲੀਏ ‘ਚ ਚੋਖਾ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਪੰਜਾਬ ‘ਚ 19 ਟੋਲ ਪਲਾਜ਼ੇ ਬੰਦ ਕੀਤੇ ਜਾ ਚੁੱਕੇ ਹਨ। ਇਨ੍ਹਾਂ ‘ਚੋਂ ਜ਼ਿਆਦਾਤਰ ਟੋਲ ਪਲਾਜ਼ਿਆਂ ਨੇ ਮਿਆਦ ਵਧਾਉਣ ਦੀ ਮੰਗ ਵੀ ਕੀਤੀ ਸੀ ਪਰ ਵਡੇਰੇ ਲੋਕ ਹਿੱਤ ‘ਚ ਉਨ੍ਹਾਂ ਨੇ ਇਸ ਤੋਂ ਇਨਕਾਰ ਕਰ ਦਿੱਤਾ। ਇਨ੍ਹਾਂ ਟੋਲ ਪਲਾਜ਼ਿਆਂ ਦੇ ਬੰਦ ਹੋਣ ਨਾਲ ਪੰਜਾਬ ਦੇ ਲੋਕਾਂ ਦੇ ਰੋਜ਼ਾਨਾ ਤਕਰੀਬਨ 63 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ।