ਮੋਹਾਲੀ, 12 ਫਰਵਰੀ 2024: ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ (MLA Kulwant Singh) ਨੇ ਸਰਕਾਰੀ ਪ੍ਰਾਇਮਰੀ ਸਕੂਲ, ਮੋਹਾਲੀ ਫੇਜ਼-2 ਤੋਂ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਸਾਲ 2024-25 ਲਈ ਦਾਖਲੇ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਇਸ ਮੌਕੇ ਕੁਲਵੰਤ ਸਿੰਘ ਨੇ ਦਾਖਲਾ ਮੁਹਿੰਮ ਸਬੰਧੀ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਵੀ ਕੀਤਾ।

ਵਿਧਾਇਕ ਕੁਲਵੰਤ ਸਿੰਘ (MLA Kulwant Singh) ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਨੂੰ ਬੁਲੰਦੀਆਂ ਉੱਤੇ ਲੈ ਕੇ ਜਾਣ ਲਈ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ। ਜਿਸ ਦੇ ਸਾਰਥਕ ਸਿੱਟੇ ਵੀ ਨਜ਼ਰ ਆ ਰਹੇ ਹਨ ਤੇ ਵੱਡੀ ਗਿਣਤੀ ‘ਚ ਮਾਪੇ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਥਾਂ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਨੂੰ ਤਰਜੀਹ ਦੇ ਰਹੇ ਹਨ।

ਹਲਕਾ ਵਿਧਾਇਕ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕਾਰਜ ਕਾਲ ਦੌਰਾਨ ਲੋਕ ਸਰਾਕਰੀ ਸਕੂਲਾਂ ਦਾ ਰਾਹ ਹੀ ਭੁੱਲ ਗਏ ਸਨ। ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਕਾਰਨ ਵੱਡੀ ਗਿਣਤੀ ਪ੍ਰਾਈਵੇਟ ਸਕੂਲ ਹੋਂਦ ਵਿੱਚ ਆਏ, ਜਦਕਿ ਨਾ ਤਾਂ ਬਹੁਤੇ ਪ੍ਰਾਈਵੇਟ ਸਕੂਲਾਂ ਵਿੱਚ ਸਰਕਾਰੀ ਸਕੂਲਾਂ ਵਰਗਾ ਢਾਂਚਾ ਹੈ, ਜਿਸ ਕਾਰਨ ਲੋਕਾਂ ਦੀ ਲੁੱਟ ਹੁੰਦੀ ਰਹੀ।





