ਹਰਿਆਣਾ, 09 ਸਤੰਬਰ 2025: ਹਰਿਆਣਾ ਦੇ ਲੋਕ ਨਿਰਮਾਣ ਮੰਤਰੀ ਰਣਬੀਰ ਸਿੰਘ ਗੰਗਵਾ ਨੇ ਕਿਹਾ ਕਿ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਭਾਰੀ ਮੀਂਹ ਅਤੇ ਡਰੇਨ ਟੁੱਟਣ ਕਾਰਨ ਕਿਸਾਨਾਂ ਦੀਆਂ ਫਸਲਾਂ ਅਤੇ ਲੋਕਾਂ ਦੀ ਜਾਇਦਾਦ ਨੂੰ ਭਾਰੀ ਨੁਕਸਾਨ ਹੋਇਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸੂਬਾ ਸਰਕਾਰ ਕਿਸਾਨਾਂ ਅਤੇ ਆਮ ਜਨਤਾ ਨੂੰ ਕਿਸੇ ਵੀ ਤਰ੍ਹਾਂ ਦੀ ਮੁਸੀਬਤ ਨਹੀਂ ਆਉਣ ਦੇਵੇਗੀ ਅਤੇ ਹਰ ਪ੍ਰਭਾਵਿਤ ਵਿਅਕਤੀ ਨੂੰ ਛੇਤੀ ਹੀ ਰਾਹਤ ਪ੍ਰਦਾਨ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਸਰਕਾਰ ਨੇ ਕਿਸਾਨਾਂ ਦੇ ਨੁਕਸਾਨ ਦੀ ਭਰਪਾਈ ਲਈ ਇੱਕ ਈ-ਮੁਆਵਜ਼ਾ ਪੋਰਟਲ ਖੋਲ੍ਹਿਆ ਹੈ। ਕਿਸਾਨ ਇਸ ਪੋਰਟਲ ‘ਤੇ ਆਪਣੀਆਂ ਖਰਾਬ ਹੋਈਆਂ ਫਸਲਾਂ ਦਾ ਵੇਰਵਾ ਅਪਲੋਡ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਦੇ 276 ਪਿੰਡਾਂ ਦੇ 40 ਹਜ਼ਾਰ 433 ਕਿਸਾਨਾਂ ਨੇ ਲਗਭਗ 2 ਲੱਖ 55 ਹਜ਼ਾਰ 491 ਏਕੜ ਜ਼ਮੀਨ ‘ਚ ਫਸਲਾਂ ਦੇ ਨੁਕਸਾਨ ਦੀ ਰਜਿਸਟਰੇਸ਼ਨ ਕਰਵਾਈ ਹੈ। ਹਰਿਆਣਾ ਸਰਕਾਰ ਛੇਤੀ ਹੀ ਇਨ੍ਹਾਂ ਦਾਅਵਿਆਂ ਦੀ ਜਾਂਚ ਪੂਰੀ ਕਰੇਗੀ ਅਤੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਪ੍ਰਕਿਰਿਆ ਸ਼ੁਰੂ ਕਰੇਗੀ।
ਕੈਬਨਿਟ ਮੰਤਰੀ ਰਣਬੀਰ ਸਿੰਘ ਗੰਗਵਾ ਨੇ ਕਿਹਾ ਕਿ ਸਿਰਫ਼ ਕਿਸਾਨਾਂ ਨੂੰ ਹੀ ਨਹੀਂ, ਸਗੋਂ ਉਨ੍ਹਾਂ ਲੋਕਾਂ ਨੂੰ ਵੀ ਰਾਹਤ ਦਿੱਤੀ ਜਾਵੇਗੀ ਜਿਨ੍ਹਾਂ ਦੇ ਘਰਾਂ ਜਾਂ ਛੱਤਾਂ ਨੂੰ ਨੁਕਸਾਨ ਪਹੁੰਚਿਆ ਹੈ। ਸੂਬਾ ਸਰਕਾਰ ਦਾ ਉਦੇਸ਼ ਇਸ ਆਫ਼ਤ ਤੋਂ ਪ੍ਰਭਾਵਿਤ ਹਰੇਕ ਪਰਿਵਾਰ ਨੂੰ ਸਹਾਇਤਾ ਪ੍ਰਦਾਨ ਕਰਨਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਾਰੇ ਵਿਧਾਇਕ ਅਤੇ ਸਮਰਥਿਤ ਵਿਧਾਇਕ ਹੜ੍ਹ ਰਾਹਤ ਕਾਰਜਾਂ ਲਈ ਇੱਕ ਮਹੀਨੇ ਦੀ ਤਨਖਾਹ ਦਾਨ ਕਰਨਗੇ। ਇਹ ਰਕਮ ਮੁੱਖ ਮੰਤਰੀ ਰਾਹਤ ਫੰਡ ‘ਚ ਜਮ੍ਹਾਂ ਕਰਵਾਈ ਜਾਵੇਗੀ ਤਾਂ ਜੋ ਇਸ ਦੀ ਵਰਤੋਂ ਪ੍ਰਭਾਵਿਤ ਲੋਕਾਂ ਦੀ ਮੱਦਦ ਲਈ ਕੀਤੀ ਜਾ ਸਕੇ। ਇਸ ਤੋਂ ਇਲਾਵਾ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੂਬੇ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਵੈ-ਇੱਛਾ ਨਾਲ ਮੁੱਖ ਮੰਤਰੀ ਰਾਹਤ ਫੰਡ ਵਿੱਚ ਯੋਗਦਾਨ ਪਾਉਣ ਦੀ ਅਪੀਲ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਮਾਜਿਕ ਅਤੇ ਧਾਰਮਿਕ ਸੰਗਠਨ ਵੀ ਹੜ੍ਹ ਪ੍ਰਭਾਵਿਤ ਖੇਤਰਾਂ ‘ਚ ਲਗਾਤਾਰ ਮੱਦਦ ਕਰ ਰਹੇ ਹਨ।
Read More: ਹਰਿਆਣਾ ਸਰਕਾਰ ਨੇ ਹਿਮਾਚਲ ਪ੍ਰਦੇਸ਼ ਦੇ ਹੜ੍ਹ ਪੀੜਤਾਂ ਲਈ 5 ਕਰੋੜ ਰੁਪਏ ਭੇਜੇ




