July 5, 2024 1:30 am
ਰਾਜਪਾਲ ਬਨਵਾਰੀਲਾਲ

ਰਾਜਪਾਲ ਬਨਵਾਰੀਲਾਲ ਪੁਰੋਹਿਤ ਵੱਲੋਂ ਲੋਕਾਂ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੀਆਂ ਸਿੱਖਿਆਵਾਂ ‘ਤੇ ਚੱਲਣ ਦਾ ਸੱਦਾ

ਚੰਡੀਗੜ੍ਹ 02 ਜੂਨ 2022: ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਪੰਜਵੇਂ ਸਿੱਖ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੀ ਪੂਰਵ ਸੰਧਿਆ ‘ਤੇ ਲੋਕਾਂ ਨੂੰ ਮਹਾਨ ਗੁਰੂ ਦੀਆਂ ਸਿੱਖਿਆਵਾਂ ਅਤੇ ਉਨ੍ਹਾਂ ਵੱਲੋਂ ਦਰਸਾਏ ਮਾਰਗ ‘ਤੇ ਚੱਲਣ ਦਾ ਸੱਦਾ ਦਿੱਤਾ, ਜਿਨ੍ਹਾਂ ਨੇ ਮਾਨਵਵਾਦ, ਧਰਮ ਨਿਰਪੱਖਤਾ ਅਤੇ ਮਨੁੱਖੀ ਏਕਤਾ ਦੀਆਂ ਅਮੀਰ ਕਦਰਾਂ-ਕੀਮਤਾਂ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ।

ਇਸ ਦੌਰਾਨ ਆਪਣੇ ਸੰਦੇਸ਼ ਵਿੱਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਗੁਰੂ ਜੀ ਦੀ ਲਾਸਾਨੀ ਕੁਰਬਾਨੀ ਸਾਡੇ ਸਾਰਿਆਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਹਮੇਸ਼ਾ ਪ੍ਰੇਰਨਾ ਸਰੋਤ ਬਣੀ ਰਹੇਗੀ। ਰਾਜਪਾਲ ਨੇ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੁਆਰਾ ਆਦਿ ਗ੍ਰੰਥ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਕੀਤਾ ਗਿਆ ਮਹੱਤਵਪੂਰਨ ਸੰਕਲਨ, ਨੈਤਿਕਤਾ ਅਤੇ ਬੁੱਧੀ ਦਾ ਸਦੀਵੀ ਸਰੋਤ ਹੈ, ਜੋ ਸ਼ਾਂਤੀ ਅਤੇ ਖੁਸ਼ਹਾਲੀ ਦੇ ਸਿਧਾਂਤਾਂ ‘ਤੇ ਅਧਾਰਤ ਸਮਾਜ ਦੀ ਉਸਾਰੀ ਲਈ ਮਨੁੱਖਤਾ ਦਾ ਮਾਰਗਦਰਸ਼ਨ ਕਰਦਾ ਹੈ।

ਰਾਜਪਾਲ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੀਆਂ ਸਿੱਖਿਆਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸੱਚ ਅਤੇ ਧਰਮ ਦੀ ਰੱਖਿਆ ਲਈ ਸ਼ਹਾਦਤ ਦਿੱਤੀ ਸੀ। ਉਨ੍ਹਾਂ ਨੇ ਲੋਕਾਂ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਰਵਾਇਤੀ ਸਦਭਾਵਨਾ ਅਤੇ ਮਨੁੱਖੀ ਭਾਈਚਾਰੇ ਦੀ ਭਾਵਨਾ ਨੂੰ ਕਾਇਮ ਰੱਖਦੇ ਹੋਏ ਸਮਾਜ ਸੇਵਾ ਲਈ ਸਮਰਪਿਤ ਹੋਣ ਦੀ ਅਪੀਲ ਕੀਤੀ।