Site icon TheUnmute.com

ਸਰਕਾਰ ਵਿਧਾਨ ਸਭਾ ਚੋਣਾਂ ਤੋਂ ਬਾਅਦ MSP ਕਮੇਟੀ ਬਣਾਉਣ ਲਈ ਵਚਨਬੱਧ: ਤੋਮਰ

Narinder Singh Tomar

ਚੰਡੀਗੜ੍ਹ 04 ਫਰਵਰੀ 2022: ਕੇਂਦਰ ਦੇ ਖੇਤੀ ਕਾਨੂੰਨ ਖਿਲਾਫ ਕਿਸਾਨਾਂ ਦਾ ਕਾਫੀ ਲੰਮੇ ਸਮੇ ਤੱਕ ਸੰਘਰਸ਼ ਚੱਲਿਆ ਇਸ ਤੋਂ ਬਾਅਦ ਕੇਂਦਰ ਸਰਕਾਰ ਵਲੋਂ ਪਿਛਲੇ ਸਾਲ ਨਵੰਬਰ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕਰਦੇ ਹੋਏ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਾਨੂੰਨੀ ਗਾਰੰਟੀ ਦੀ ਕਿਸਾਨਾਂ ਦੀ ਮੰਗ ‘ਤੇ ਵਿਚਾਰ ਕਰਨ ਲਈ ਇਕ ਕਮੇਟੀ ਬਣਾਉਣ ਦਾ ਵਾਅਦਾ ਕੀਤਾ ਸੀ। ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨਰਿੰਦਰ ਸਿੰਘ ਤੋਮਰ (Narinder Singh Tomar) ਨੇ ਸ਼ੁੱਕਰਵਾਰ ਨੂੰ ਰਾਜ ਸਭਾ ‘ਚ ਕਿਹਾ ਕਿ ਸਰਕਾਰ ਘੱਟੋ-ਘੱਟ ਸਮਰਥਨ ਮੁੱਲ (MSP) ਬਾਰੇ ਇਕ ਕਮੇਟੀ ਬਣਾਉਣ ਲਈ ਵਚਨਬੱਧ ਹੈ ਅਤੇ ਚੋਣ ਕਮਿਸ਼ਨ ਨੇ 5 ਸੂਬਿਆਂ ‘ਚ ਵਿਧਾਨ ਸਭਾ ਚੋਣਾਂ ਦੀ ਪ੍ਰਕਿਰਿਆ ਤੋਂ ਬਾਅਦ ਇਕ ਕਮੇਟੀ ਦੇ ਗਠਨ ਦਾ ਫੈਸਲਾ ਕੀਤਾ ਹੈ।

ਸੰਸਦ ‘ਚ ਪ੍ਰਸ਼ਨ ਕਾਲ ਦੌਰਾਨ ਪੂਰਕ ਸਵਾਲਾਂ ਦਾ ਜਵਾਬ ਦਿੰਦਿਆਂ ਤੋਮਰ ਨੇ ਕਿਹਾ ਕਿ ਸਰਕਾਰ ਨੇ ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੂੰ ਪੱਤਰ ਲਿਖਿਆ ਸੀ। ਉਨ੍ਹਾਂ ਕਿਹਾ ਕਿ ਕਿਉਂਕਿ ਚੋਣਾਂ ਚੱਲ ਰਹੀਆਂ ਹਨ , ਇਸ ਲਈ ਸਰਕਾਰ ਨੇ ਚੋਣ ਕਮਿਸ਼ਨ ਨੂੰ ਮਾਰਗਦਰਸ਼ਨ ਲਈ ਪੱਤਰ ਲਿਖਿਆ ਸੀ। ਉਨ੍ਹਾਂ ਕਿਹਾ ਕਿ ਕਮਿਸ਼ਨ ਦਾ ਜਵਾਬ ਮਿਲ ਗਿਆ ਹੈ ਅਤੇ ਚੋਣਾਂ ਖ਼ਤਮ ਹੋਣ ਤੋਂ ਬਾਅਦ ਕਮੇਟੀ ਦਾ ਗਠਨ ਕੀਤਾ ਜਾ ਸਕਦਾ ਹੈ।

ਇਸ ਦੌਰਾਨ ਨਰਿੰਦਰ ਸਿੰਘ ਤੋਮਰ (Narinder Singh Tomar) ਨੇ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਮੇਟੀ ਬਣਾਉਣ ਦਾ ਮਾਮਲਾ ਮੰਤਰਾਲੇ ਦੇ ਵਿਚਾਰ ਅਧੀਨ ਹੈ ਅਤੇ ਵਿਧਾਨ ਸਭਾ ਚੋਣਾਂ ਤੋਂ ਬਾਅਦ ਇਸ ਦਾ ਗਠਨ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਉੱਤਰ ਪ੍ਰਦੇਸ਼, ਉੱਤਰਾਖੰਡ, ਮਨੀਪੁਰ, ਗੋਆ ਅਤੇ ਪੰਜਾਬ ‘ਚ ਵਿਧਾਨ ਸਭਾ ਚੋਣਾਂ ਦੀ ਪ੍ਰਕਿਰਿਆ ਚੱਲ ਰਹੀ ਹੈ।

Exit mobile version