Site icon TheUnmute.com

ਤਾਲਿਬਾਨ ਦੀਆਂ ਸਿੱਖ ਵਿਰੋਧੀ ਕਾਰਵਾਈਆਂ ਰੋਕਣ ਲਈ ਭਾਰਤ ਸਰਕਾਰ ਦਖਲ ਦੇਵੇ: SGPC

ਅਕਾਲੀ ਬਾਬਾ ਫੂਲਾ ਸਿੰਘ

ਅੰਮ੍ਰਿਤਸਰ 16 ਸਤੰਬਰ 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਫ਼ਗਾਨਿਸਤਾਨ ਦੀ ਤਾਲਿਬਾਨ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਫਗਾਨਿਸਤਾਨ ਤੋਂ ਬਾਹਰ ਲਿਜਾਣ ’ਤੇ ਪਾਬੰਦੀ ਲਗਾਉਣ ਦੀ ਕਰੜੀ ਨਿੰਦਾ ਕੀਤੀ ਹੈ।

ਉਨ੍ਹਾਂ ਕਿਹਾ ਕਿ ਜਾਣਕਾਰੀ ਅਨੁਸਾਰ 11 ਸਤੰਬਰ 2022 ਨੂੰ 60 ਅਫਗਾਨੀ ਸਿੱਖਾਂ ਦੇ ਜਥੇ ਨੇ ਭਾਰਤ ਆਉਣਾ ਸੀ, ਪਰ ਉਨ੍ਹਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨਾਲ ਲਿਆਉਣ ਤੋਂ ਰੋਕਣ ਕਾਰਨ ਉਹ ਭਾਰਤ ਨਹੀਂ ਆ ਸਕੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਅਫਗਾਨ ਸ਼ਾਸਨ ਵੱਲੋਂ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਸਿੱਧਾ ਦਖਲ ਹੈ।

ਇਸ ਦੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਇਕ ਪਾਸੇ ਅਫਗਾਨਿਸਤਾਨ ਅੰਦਰ ਸਿੱਖਾਂ ਅਤੇ ਪਾਵਨ ਗੁਰਦੁਆਰਾ ਸਾਹਿਬਾਨ ’ਤੇ ਹਮਲੇ ਕੀਤੇ ਜਾ ਰਹੇ ਹਨ, ਜਦਕਿ ਦੂਸਰੇ ਪਾਸੇ ਉਨ੍ਹਾਂ ਨੂੰ ਭਾਰਤ ਆਉਣ ਸਮੇਂ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਲਿਆਉਣ ਤੋਂ ਰੋਕਿਆ ਜਾ ਰਿਹਾ ਹੈ।

ਪ੍ਰਤਾਪ ਸਿੰਘ ਨੇ ਕਿਹਾ ਕਿ ਅਫਗਾਨਿਸਤਾਨ ਵਿਚ ਸਿੱਖ ਸੁਰੱਖਿਅਤ ਨਾ ਹੋਣ ਕਰਕੇ ਦੇਸ਼ ਛੱਡ ਰਹੇ ਹਨ ਅਤੇ ਜਦੋਂ ਸਿੱਖ ਹੀ ਦੇਸ਼ ਅੰਦਰ ਨਾ ਰਹੇ ਤਾਂ ਫਿਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਸੰਭਾਲ ਕੌਣ ਕਰੇਗਾ? ਇਸੇ ਕਰਕੇ ਹੀ ਸਿੱਖ ਆਪਣੇ ਨਾਲ ਭਾਰਤ ਆਉਣ ਸਮੇਂ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਲਿਆ ਰਹੇ ਹਨ। ਉਨ੍ਹਾਂ ਆਖਿਆ ਕਿ ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੂੰ ਸਿੱਖਾਂ ਦੀ ਭਾਵਨਾਵਾਂ ਵਿਰੁੱਧ ਫੈਸਲੇ ਨਹੀਂ ਕਰਨੇ ਚਾਹੀਦੇ।

ਪ੍ਰਤਾਪ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਰਤ ਦੇ ਪ੍ਰਧਾਨ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਵਿਚ ਦਖ਼ਲ ਦੇਣ ਅਤੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਵਿਰੁੱਧ ਅਫਗਾਨਿਸਤਾਨ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕਾਰਵਾਈਆਂ ਨੂੰ ਰੋਕਣ।

Exit mobile version