July 1, 2024 1:56 am
Sunil Jakhar

ਨੌਜਵਾਨਾਂ ਦਾ ਗੰਨ ਕਲਚਰ ਵੱਲ ਵਧ ਰਿਹਾ ਰੁਝਾਨ ਡੂੰਘੀ ਚਿੰਤਾ ਦਾ ਵਿਸ਼ਾ: ਸੁਨੀਲ ਜਾਖੜ

ਚੰਡੀਗੜ੍ਹ 12 ਨਵੰਬਰ 2022: ਨੌਜਵਾਨਾਂ ਖਾਸ ਕਰਕੇ ਨਾਬਾਲਗਾਂ ਵਿੱਚ ਗੰਨ ਕਲਚਰ ਵੱਲ ਵੱਧ ਰਹੇ ਰੁਝਾਨ ’ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਸਾਬਕਾ ਸੰਸਦ ਮੈਂਬਰ ਅਤੇ ਭਾਜਪਾ ਆਗੂ ਸੁਨੀਲ ਜਾਖੜ ਨੇ ਕਿਹਾ ਕਿ ਇਸ ਸਬੰਧੀ ਪੰਜਾਬ ਸਰਕਾਰ ਅਤੇ ਸਮਾਜ ਪੱਧਰ ’ਤੇ ਸਾਰਥਕ ਉਪਰਾਲੇ ਕਰਨ ਦੀ ਲੋੜ ਹੈ ਤਾਂ ਜੋ ਇਸ ਨੂੰ ਠੱਲ੍ਹ ਪਾਈ ਜਾ ਸਕੇ।

ਇੱਥੇ ਜਾਰੀ ਬਿਆਨ ਵਿੱਚ ਸੁਨੀਲ ਜਾਖੜ (Sunil Jakhar) ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਇੱਕ ਨਾਬਾਲਗ ਵੀ ਸ਼ਾਮਲ ਸੀ। ਇਸੇ ਤਰ੍ਹਾਂ ਹੁਣ ਇੱਕ ਵਾਰ ਫਿਰ ਕੋਟਕਪੂਰਾ ਕਾਂਡ ਵਿੱਚ ਨਾਬਾਲਗਾਂ ਦੀ ਮੌਜੂਦਗੀ ਵੀ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਨਸ਼ਿਆਂ ਨੇ ਪੰਜਾਬ ਦੀ ਜਵਾਨੀ ਨੂੰ ਤਬਾਹ ਕਰ ਦਿੱਤਾ ਹੈ ਅਤੇ ਹੁਣ ਇਹ ਸਾਡੇ ਸਾਰਿਆਂ ਲਈ ਨਵੀਂ ਚਿੰਤਾ ਹੈ।

ਸੁਨੀਲ ਜਾਖੜ (Sunil Jakhar) ਨੇ ਕਿਹਾ ਕਿ ਬੇਰੁਜ਼ਗਾਰੀ ਅਤੇ ਪੈਸੇ ਦਾ ਲਾਲਚ ਨੌਜਵਾਨਾਂ ਨੂੰ ਗਲਤ ਰਸਤੇ ਵੱਲ ਲੈ ਜਾ ਰਹੀ ਹੈ। ਇਸ ਨੂੰ ਰੋਕਣ ਲਈ ਸਰਕਾਰ ਨੂੰ ਸੋਚਣਾ ਚਾਹੀਦਾ ਹੈ ਅਤੇ ਠੋਸ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਗੈਂਗਸਟਰਾਂ ਨੂੰ ਹੀਰੋ ਵਜੋਂ ਪੇਸ਼ ਕਰਨ ਦੇ ਰੁਝਾਨ ’ਤੇ ਵੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸਮਾਜ ਅਤੇ ਮਾਪਿਆਂ ਨੂੰ ਇਸ ਸਬੰਧੀ ਸੋਚਣਾ ਚਾਹੀਦਾ ਹੈ ਅਤੇ ਬੱਚਿਆਂ ਵਿੱਚ ਚੰਗੇ ਸੰਸਕਾਰ ਪੈਦਾ ਕਰਨ ਲਈ ਵਿਸ਼ੇਸ਼ ਉਪਰਾਲੇ ਕਰਨੇ ਚਾਹੀਦੇ ਹਨ।