Site icon TheUnmute.com

ਅਮਰੂਦਾਂ ਦੇ ਬੂਟਿਆਂ ਸੰਬੰਧੀ ਮੁਆਵਜ਼ਾ ਘਪਲਾ: ਵਿਜੀਲੈਂਸ ਵੱਲੋਂ ਇੱਕ ਹੋਰ ਸੇਵਾਮੁਕਤ ਪਟਵਾਰੀ ਗ੍ਰਿਫਤਾਰ

Guava plantation compensation scam

ਚੰਡੀਗੜ੍ਹ, 11 ਜੁਲਾਈ 2023: ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੇਵਾਮੁਕਤ ਪਟਵਾਰੀ ਸੁਰਿੰਦਰਪਾਲ ਨੂੰ ਅਮਰੂਦਾਂ ਦੇ ਬੂਟਿਆਂ ਦੇ ਮੁਆਵਜ਼ੇ ਵਿੱਚ ਹੋਏ ਕਰੋੜਾਂ ਰੁਪਏ ਦੇ ਘਪਲੇ (Guava plantation compensation scam) ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤਾ ਹੈ। ਉਕਤ ਪਟਵਾਰੀ ਘੁਟਾਲੇ ਸਮੇਂ ਲੈਂਡ ਐਕੁਜ਼ੀਸ਼ਨ ਕੁਲੈਕਟਰ (ਐਲ.ਏ.ਸੀ.) ਗਰੇਟਰ ਮੋਹਾਲੀ ਏਰੀਆ ਡਿਵੈੱਲਪਮੈਂਟ ਅਥਾਰਟੀ (ਗਮਾਡਾ) ਦੇ ਦਫ਼ਤਰ ਵਿੱਚ ਤਾਇਨਾਤ ਸੀ। ਇਸ ਘੁਟਾਲੇ ਵਿੱਚ ਇਹ 19ਵੀਂ ਗ੍ਰਿਫ਼ਤਾਰੀ ਹੈ। ਜ਼ਿਲ੍ਹਾ ਐਸ.ਏ.ਐਸ. ਨਗਰ (ਮੋਹਾਲੀ) ਦੇ ਪਿੰਡ ਬਾਕਰਪੁਰ ਵਿੱਚ ਗਮਾਡਾ ਵੱਲੋਂ ਗ੍ਰਹਿਣ ਕੀਤੀ ਗਈ ਜ਼ਮੀਨ ਦੇ ਬਦਲੇ ਜਾਰੀ ਕੀਤੇ ਕਰੋੜਾਂ ਰੁਪਏ ਦੇ ਮੁਆਵਜ਼ੇ ਵਿੱਚ ਇਹ ਘਪਲਾ ਹੋਇਆ ਸੀ।

ਜ਼ਿਕਰਯੋਗ ਹੈ ਕਿ ਉਕਤ ਮੁਲਜ਼ਮ ਦੇ ਸਾਥੀ ਪਟਵਾਰੀ ਸੁਰਿੰਦਰਪਾਲ ਸਿੰਘ ਨੂੰ ਕੱਲ੍ਹ ਸ੍ਰੀ ਮੁਕਤਸਰ ਸਾਹਿਬ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸੁਰਿੰਦਰਪਾਲ ਨੇ ਗਲਤ ਲਾਭਪਾਤਰੀਆਂ ਨੂੰ ਮੁਆਵਜ਼ੇ ਦਾ ਲਾਭ ਦਿਵਾਉਣ ਲਈ ਗਲਤ ਸੂਚਨਾ ਦੇਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਬਾਗ਼ਬਾਨੀ ਵਿਭਾਗ ਵੱਲੋਂ ਮੁਆਵਜ਼ੇ ਦੀ ਸਿਫ਼ਾਰਸ਼ ਲਈ ਐਲ.ਏ.ਸੀ. ਗਮਾਡਾ ਨੂੰ ਭੇਜੀ ਗਈ ਮੁਲਾਂਕਣ ਰਿਪੋਰਟ ਵਿੱਚ ਕੁਝ ਜ਼ਮੀਨ ਮਾਲਕਾਂ ਦੇ ਨਾਂ ਅਤੇ ਜ਼ਮੀਨ ਦਾ ਹਿੱਸਾ ਮਾਲ ਰਿਕਾਰਡ ਦੇ ਹਿਸਾਬ ਨਾਲ ਸਹੀ ਨਹੀਂ ਸੀ ਪਰ ਉਕਤ ਪਟਵਾਰੀ ਨੇ ਇਸ ਬਾਰੇ ਇਤਰਾਜ਼ ਉਠਾਉਣ ਬਜਾਏ ਬਾਗ਼ਬਾਨੀ ਵਿਭਾਗ ਦੀ ਇਸ ਰਿਪੋਰਟ ਅਨੁਸਾਰ ਮੁਆਵਜ਼ਾ ਰਾਸ਼ੀ ਜਾਰੀ ਕਰਨ ਦੀ ਰਿਪੋਰਟ ਕਰ ਦਿੱਤੀ। ਉਕਤ ਪਟਵਾਰੀ ਦੀ ਰਿਪੋਰਟ ਦੇ ਆਧਾਰ ’ਤੇ ਨਾਇਬ-ਤਹਿਸੀਲਦਾਰ ਨੇ ਇਹ ਕੇਸ ਤਤਕਾਲੀ ਐਲ.ਏ.ਸੀ. ਨੂੰ ਅੱਗੇ ਭੇਜ ਦਿੱਤਾ, ਜਿਸ ਵੱਲੋਂ ਬਾਅਦ ਵਿੱਚ ਮੁਆਵਜ਼ੇ ਦੀਆਂ ਅਦਾਇਗੀਆਂ ਜਾਰੀ ਕਰ ਦਿੱਤੀਆਂ ਗਈਆਂ।

ਬੁਲਾਰੇ ਨੇ ਦੱਸਿਆ ਕਿ ਸੁਰਿੰਦਰਪਾਲ ਵਾਸੀ ਐਮ.ਆਈ.ਜੀ. ਫਲੈਟਸ, ਸੈਕਟਰ-70, ਮੋਹਾਲੀ ਨੂੰ ਅਮਰੂਦਾਂ ਦੇ ਬੂਟਿਆਂ ਦੇ ਬਹੁ-ਕਰੋੜੀ ਮੁਆਵਜ਼ਾ ਘਪਲੇ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕਰਕੇ ਅੱਜ ਗ੍ਰਿਫ਼ਤਾਰ ਕੀਤਾ ਗਿਆ ਹੈ।

Exit mobile version