Gurmeet Singh Khuddian

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅਧਿਕਾਰੀਆਂ ਨਾਲ ‘ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ’ ਦੇ ਖਰੜੇ ‘ਤੇ ਚਰਚਾ, ਸੱਦੀ ਬੈਠਕ

ਚੰਡੀਗੜ੍ਹ, 16 ਦਸੰਬਰ 2024: ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ (Gurmeet Singh Khuddian) ਨੇ ਅੱਜ ਆਪਣੇ ਦਫ਼ਤਰ ਵਿਖੇ ‘ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ’ ਦੇ ਖਰੜੇ ‘ਤੇ ਸੀਨੀਅਰ ਅਧਿਕਾਰੀਆਂ ਨਾਲ ਨਾਲ ਵਿਸਥਾਰਪੂਰਵਕ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਸੁਝਾਅ ਲਈ ਕਿਸਾਨਾਂ ਅਤੇ ਸਬੰਧਤ ਭਾਈਵਾਲਾਂ ਨਾਲ ਬੈਠਕ ਸੱਦੀ ਹੈ |

ਇਸ ਮੌਕੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਨਾਲ ਚੇਅਰਮੈਨ ਪੰਜਾਬ ਰਾਜ ਕਿਸਾਨ ਤੇ ਖੇਤ ਮਜ਼ਦੂਰ ਕਮਿਸ਼ਨ ਡਾ: ਸੁਖਪਾਲ ਸਿੰਘ, ਵਧੀਕ ਮੁੱਖ ਸਕੱਤਰ (ਖੇਤੀਬਾੜੀ ਅਤੇ ਕਿਸਾਨ ਭਲਾਈ) ਅਨੁਰਾਗ ਵਰਮਾ ਅਤੇ ਸਕੱਤਰ ਪੰਜਾਬ ਮੰਡੀ ਬੋਰਡ ਰਾਮਵੀਰ ਦੀ ਮੌਜੂਦ ਸਨ | ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਤੁਰੰਤ ਕਿਸਾਨਾਂ ਦੇ ਨੁਮਾਇੰਦਿਆਂ, ਖੇਤੀ ਮਾਹਰਾਂ ਅਤੇ ਹੋਰ ਹਿੱਸੇਦਾਰਾਂ ਨਾਲ ਬੈਠਕ ਸੱਦਣ ਅਤੇ ਭਾਰਤ ਸਰਕਾਰ ਦੁਆਰਾ ਸਾਂਝੇ ਕੀਤੇ ਨੀਤੀ ਖਰੜੇ ਦਾ ਗੰਭੀਰਤਾ ਨਾਲ ਅਧਿਐਨ ਕਰਨ ਅਤੇ ਸਲਾਹ ਮਸ਼ਵਰਾ ਕਰਨ ਲਈ ਕਿਹਾ ਹੈ।

ਖੇਤੀਬਾੜੀ ਮੰਤਰੀ (Gurmeet Singh Khuddian) ਨੇ ਕਿਹਾ ਕਿ ਇਸ ਨੀਤੀ ਦੇ ਖਰੜੇ ਦਾ ਡੂੰਘਾਈ ਨਾਲ ਅਧਿਐਨ ਕਰਨਾ ਅਤੇ ਸਬੰਧਤ ਹਿੱਸੇਦਾਰਾਂ ਨਾਲ ਸਲਾਹ ਮਸ਼ਵਰਾ ਕਰਨਾ ਬੇਹੱਦ ਜ਼ਰੂਰੀ ਹੈ ਕਿਉਂਕਿ ਅਜਿਹਾ ਨਾ ਕਰਨ ਨਾਲ ਪੰਜਾਬ ਅਤੇ ਇਸ ਦੇ ਕਿਸਾਨਾਂ ‘ਤੇ ਗੰਭੀਰ ਪ੍ਰਭਾਵ ਪੈ ਸਕਦਾ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਖੇਤੀਬਾੜੀ ਵਿਭਾਗ ਨੇ ਭਾਰਤ ਸਰਕਾਰ ਦੀ ਡਰਾਫਟ ਕਮੇਟੀ ਦੇ ਉਪ ਖੇਤੀਬਾੜੀ ਮੰਡੀਕਰਨ ਸਲਾਹਕਾਰ ਅਤੇ ਕਨਵੀਨਰ ਡਾ: ਐੱਸ.ਕੇ. ਸਿੰਘ ਨੂੰ ਨੀਤੀ ਦੇ ਖਰੜੇ ‘ਤੇ ਟਿੱਪਣੀਆਂ ਭੇਜਣ ਲਈ ਘੱਟੋ-ਘੱਟ ਤਿੰਨ ਹਫ਼ਤਿਆਂ ਦਾ ਸਮਾਂ ਦੇਣ ਲਈ ਕਿਹਾ ਹੈ। ਇਸ ਬਾਰੇ ਡਾ: ਐੱਸ.ਕੇ. ਸਿੰਘ ਨੂੰ ਪਹਿਲਾਂ ਹੀ ਪੱਤਰ ਭੇਜਿਆ ਜਾ ਚੁੱਕਾ ਹੈ।

ਖੇਤੀਬਾੜੀ ਮੰਤਰੀ ਨੇ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਿਸਾਨਾਂ ਦੀ ਭਲਾਈ ਲਈ ਠੋਸ ਨੀਤੀਆਂ ਦੀ ਪੁਸ਼ਟੀ ਕਰਦਿਆਂ ਅਧਿਕਾਰੀਆਂ ਨੂੰ ਇਸ ਨੀਤੀ ਦੇ ਖਰੜੇ ਦਾ ਡੂੰਘਾਈ ਨਾਲ ਅਧਿਐਨ ਕਰਨ ਦੇ ਨਿਰਦੇਸ਼ ਦਿੱਤੇ ਹਨ | ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਸ ‘ਚ ਇੱਕ ਵੀ ਨੁਕਤਾ ਨਾ ਰਹਿ ਜਾਵੇ, ਜੋ ਭਵਿੱਖ ‘ਚ ਕਿਸਾਨਾਂ ਲਈ ਨੁਕਸਾਨਦੇਹ ਸਾਬਤ ਹੋ ਸਕਦਾ ਹੈ।

ਖੇਤੀਬਾੜੀ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਪੰਜਾਬ ਦੇ ਖੇਤੀਬਾੜੀ ਮੰਡੀਕਰਨ ਢਾਂਚੇ ਖਾਸ ਕਰਕੇ ਮੰਡੀ ਬੋਰਡ ਨੂੰ ਮਜ਼ਬੂਤ ​​ਕਰਨ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.), ਮੰਡੀ ਫੀਸ ਵਰਗੇ ਮੁੱਦਿਆਂ ਵੱਲ ਵਿਸ਼ੇਸ਼ ਧਿਆਨ ਦੇਣ ਅਤੇ ਵੱਡੇ ਕਾਰਪੋਰੇਟਾਂ ਤੋਂ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਲਈ ਵੀ ਕਿਹਾ।

Read More: Jalandhar News: ਜਲੰਧਰ ‘ਚ ਸਕੂਲ ਜਾਣ ਤੋਂ ਪਹਿਲਾਂ ਦੋ ਭੈਣਾਂ ਨਾਲ ਵਾਪਰਿਆ ਭਾਣਾ, ਹੋਈ ਮੌ.ਤ

Scroll to Top