July 8, 2024 11:31 pm

ਗੁਰਮੀਤ ਸਿੰਘ ਖੁੱਡੀਆਂ ਨੇ ਹੜ੍ਹ ਰਾਹਤ ਕਾਰਜਾਂ ਲਈ ਮੁੱਖ ਮੰਤਰੀ ਰਾਹਤ ਫੰਡ ‘ਚ ਇੱਕ ਮਹੀਨੇ ਦੀ ਤਨਖ਼ਾਹ ਦਿੱਤੀ

ਚੰਡੀਗੜ੍ਹ, 17 ਜੁਲਾਈ 2023: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਹੜ੍ਹ ਰਾਹਤ ਕਾਰਜਾਂ ਅਤੇ ਹੜ੍ਹ ਪੀੜਤਾਂ ਦੇ ਮੁੜ-ਵਸੇਬੇ ਲਈ ਮੁੱਖ ਮੰਤਰੀ ਰਾਹਤ ਫੰਡ (Relief Fund) ਵਿੱਚ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਦੇਣ ਦਾ ਐਲਾਨ ਕੀਤਾ ਹੈ।

ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਆਪਣੇ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ ਲਈ ਜੰਗੀ ਪੱਧਰ ‘ਤੇ ਕੰਮ ਕਰਨ ਦੇ ਨਾਲ-ਨਾਲ ਬੇਸ਼ਕੀਮਤੀ ਮਨੁੱਖੀ ਜਾਨਾਂ ਅਤੇ ਜਾਇਦਾਦਾਂ ਨੂੰ ਬਚਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਸੂਬਾ ਸਰਕਾਰ ਦੀ ਸਮੁੱਚੀ ਮਸ਼ੀਨਰੀ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਅਤੇ ਉਨ੍ਹਾਂ ਦੇ ਮੁੜ-ਵਸੇਬੇ ਲਈ ਦਿਨ-ਰਾਤ ਕੰਮ ਕਰ ਰਹੀ ਹੈ।

ਇਸ ਕੁਦਰਤੀ ਆਫ਼ਤ ਦੌਰਾਨ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਲਈ ਸਾਰਿਆਂ ਨੂੰ ਬਣਦਾ ਯੋਗਦਾਨ ਪਾਉਣ ਦੀ ਅਪੀਲ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਸ ਔਖੀ ਘੜੀ ਵਿੱਚ ਉਨ੍ਹਾਂ ਦਾ ਯੋਗਦਾਨ ਬਹੁਤ ਮਦਦਗਾਰ ਸਾਬਤ ਹੋਵੇਗਾ।

ਖੇਤੀਬਾੜੀ ਮੰਤਰੀ ਨੇ ਸਕੱਤਰ ਆਮ ਰਾਜ ਪ੍ਰਬੰਧ ਨੂੰ ਪੱਤਰ ਲਿਖ ਕੇ ਹੜ੍ਹ ਰਾਹਤ ਅਤੇ ਮੁੜ-ਵਸੇਬਾ ਕਾਰਜਾਂ ਲਈ ਉਨ੍ਹਾਂ ਦੀ ਇਕ ਮਹੀਨੇ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਤਬਦੀਲ ਕਰਨ ਲਈ ਕਿਹਾ ਹੈ।