ਨਿਯੁਕਤੀ ਪੱਤਰ

ਗੁਰਮੀਤ ਸਿੰਘ ਖੁੱਡੀਆਂ ਨੇ 28 ਨਵੇਂ ਭਰਤੀ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ, 15 ਅਕਤੂਬਰ 2025: ਪੰਜਾਬ ਦੇ ਪਸ਼ੂ ਪਾਲਣ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ 28 ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ | ਇਨ੍ਹਾਂ ‘ਚ 25 ਵੈਟਰਨਰੀ ਇੰਸਪੈਕਟਰ, 3 ਕਲਰਕ ਸ਼ਾਮਲ ਸਨ। ਇਸਦੇ ਨਾਲ ਹੀ ਇੱਕ ਦਰਜਾ ਚਾਰ ਕਰਮਚਾਰੀ ਨੂੰ ਤਰੱਕੀ ਵੀ ਦਿੱਤੀ।

ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਸੱਤਾ ‘ਚ ਆਉਣ ਤੋਂ ਲੈ ਕੇ ਹੁਣ ਤੱਕ ਵਿਭਾਗ ‘ਚ 326 ਵੈਟਰਨਰੀ ਅਫ਼ਸਰ, 545 ਵੈਟਰਨਰੀ ਇੰਸਪੈਕਟਰ ਅਤੇ 63 ਕਲਾਸ ਸੀ ਕਰਮਚਾਰੀ, ਜਿਨ੍ਹਾਂ ‘ਚ ਕਲਰਕ, ਅੰਕੜਾਕਾਰ, ਸਟੈਨੋ, ਜੂਨੀਅਰ ਸਕੇਲ ਸਟੈਨੋਗ੍ਰਾਫ਼ਰ, ਲੈਬ ਸਹਾਇਕ, ਲੈਬ ਟੈਕਨੀਸ਼ੀਅਨ, ਮਿਲਕ ਰਿਕਾਰਡਰ, ਲੀਗਲ ਕਲਰਕ, ਮਸ਼ੀਨ ਅਪਰੇਟਰ ਸ਼ਾਮਲ ਹਨ, ਭਰਤੀ ਕੀਤੇ ਹਨ।

ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਵਧਾਈ ਦਿੱਤੀ ਅਤੇ ਪੂਰੀ ਲਗਨ ਤੇ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹਾਇਤਾ ਅਤੇ ਪੇਂਡੂ ਆਰਥਿਕਤਾ ਨੂੰ ਹੁਲਾਰਾ ਦੇਣ ‘ਚ ਵਿਭਾਗ ਦੀ ਮਹੱਤਵਪੂਰਨ ਭੂਮਿਕਾ ਹੈ | ਇਹ ਭਰਤੀ ਵਿਭਾਗ ਦੀ ਕਾਰਜਸ਼ੀਲਤਾ ਅਤੇ ਸੇਵਾਵਾਂ ਪ੍ਰਦਾਨ ਕਰਨ ਦੀ ਪ੍ਰਕਿਰਿਆ ‘ਚ ਸੁਧਾਰ ਦੇ ਨਾਲ-ਨਾਲ ਪੰਜਾਬ ਵਿੱਚ ਪਸ਼ੂ ਸਿਹਤ ਸੰਭਾਲ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ‘ਚ ਮੱਦਦ ਕਰੇਗੀ।

ਖੁੱਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪੰਜਾਬ ਦੇ ਯੋਗ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਪਸ਼ੂ ਪਾਲਣ ਵਿਭਾਗ ‘ਚ 405 ਨਵੇਂ ਵੈਟਰਨਰੀ ਅਫ਼ਸਰਾਂ ਦੀ ਭਰਤੀ ਸਬੰਧੀ ਪ੍ਰਕਿਰਿਆ ਵੀ ਚੱਲ ਰਹੀ ਹੈ।

Read More: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 16 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

Scroll to Top