BT cotton hybrid seeds

ਗੁਰਮੀਤ ਸਿੰਘ ਖੁੱਡੀਆਂ ਨੇ ਹੜ੍ਹਾਂ ਨਾਲ ਨੁਕਸਾਨੀਆਂ ਲਿੰਕ ਸੜਕਾਂ ਬਾਰੇ ਮੰਗੀ ਰਿਪੋਰਟ

ਚੰਡੀਗੜ੍ਹ 30 ਅਗਸਤ 2025: ਆਉਣ ਵਾਲੇ ਸਾਉਣੀ ਖਰੀਦ ਸੀਜ਼ਨ ਦੇ ਮੱਦੇਨਜ਼ਰ ਸੜਕੀ ਸੰਪਰਕ ਦੀ ਤੇਜ਼ੀ ਨਾਲ ਬਹਾਲੀ ਨੂੰ ਯਕੀਨੀ ਬਣਾਉਣ ਲਈ, ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ (Gurmeet Singh Khudian) ਨੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਲਿੰਕ ਸੜਕਾਂ ਨੂੰ ਹੋਏ ਨੁਕਸਾਨ ਬਾਰੇ ਇੱਕ ਵਿਸਤ੍ਰਿਤ ਰਿਪੋਰਟ ਤਿਆਰ ਕਰਕੇ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ।

ਖੁੱਡੀਆਂ, ਜਿਨ੍ਹਾਂ ਦੇ ਨਾਲ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਾਤ ਵੀ ਸਨ, ਖੇਤੀਬਾੜੀ ਵਿਭਾਗ ਅਤੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਦੌਰਾਨ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਮੰਡੀ ਬੋਰਡ ਦੀਆਂ ਸੜਕਾਂ ਦੀ ਸਥਿਤੀ ਦਾ ਜਾਇਜ਼ਾ ਲਿਆ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸੜਕਾਂ ਦੀ ਬਹਾਲੀ ਲਈ ਜ਼ਰੂਰੀ ਸਹਾਇਤਾ ਲਈ ਅੰਤਿਮ ਰਿਪੋਰਟ ਜਲਦੀ ਹੀ ਕੇਂਦਰ ਸਰਕਾਰ ਨੂੰ ਭੇਜੀ ਜਾਵੇਗੀ।

ਖੁੱਡੀਆਂ ਨੇ ਕਿਹਾ ਕਿ ਸਾਡਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕਿਸਾਨਾਂ ਦੀ ਉਪਜ ਦਾ ਹਰ ਦਾਣਾ ਬਿਨਾਂ ਕਿਸੇ ਰੁਕਾਵਟ ਅਤੇ ਪਰੇਸ਼ਾਨੀ ਦੇ ਮੰਡੀਆਂ ਤੱਕ ਪਹੁੰਚੇ। ਉਨ੍ਹਾਂ ਕਿਹਾ ਕਿ ਇਸ ਮੰਤਵ ਲਈ ਪਹਿਲਾ ਕੰਮ ਪਿੰਡਾਂ ਦੀਆਂ ਲਿੰਕ ਸੜਕਾਂ ਨੂੰ ਹੋਏ ਨੁਕਸਾਨ ਦੀ ਪੂਰੀ ਸਥਿਤੀ ਦਾ ਪਤਾ ਲਗਾਉਣਾ ਹੈ ਤਾਂ ਜੋ ਮੁਰੰਮਤ ਦਾ ਕੰਮ ਜੰਗੀ ਪੱਧਰ ‘ਤੇ ਸ਼ੁਰੂ ਕੀਤਾ ਜਾ ਸਕੇ।

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਪ੍ਰਬੰਧ ਸਕੱਤਰ ਡਾ. ਬਸੰਤ ਗਰਗ ਨੇ ਮੰਡੀ ਬੋਰਡ ਦੇ ਸਾਰੇ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਨੂੰ ਲਾਗੂ ਕਰਨ ਵਿੱਚ ਤੇਜ਼ੀ ਲਿਆਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਇਹ ਕਦਮ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਖੇਤੀਬਾੜੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨ ਅਤੇ ਖਾਸ ਕਰਕੇ ਕੁਦਰਤੀ ਆਫ਼ਤਾਂ ਦਾ ਸਾਹਮਣਾ ਕਰਨ ਵਿੱਚ ਕਿਸਾਨਾਂ ਦੀ ਮਦਦ ਕਰਨ ਪ੍ਰਤੀ ਵਚਨਬੱਧਤਾ ਦਾ ਹਿੱਸਾ ਹਨ।

Read More: ਪੰਜਾਬ ਸਰਕਾਰ ਨੇ ਝੋਨੇ ਦੀ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਲਈ ਵਿਆਪਕ ਪ੍ਰਬੰਧ ਕੀਤੇ ਹਨ

 

 

Scroll to Top