ਚੰਡੀਗੜ੍ਹ, 02 ਨਵੰਬਰ 2026: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਵਨ ਵਿਖੇ ਹੋਈ ਬੈਠਕ ਦੌਰਾਨ ਸੂਬੇ ਭਰ ‘ਚ ਚੱਲ ਰਹੇ ਸੜਕ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਸਮੀਖਿਆ ਬੈਠਕ ਦੀ ਪ੍ਰਧਾਨਗੀ ਕਰਦਿਆਂ ਹਰਭਜਨ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰ ਆਵਾਜਾਈ ਨੈੱਟਵਰਕ ਪ੍ਰਦਾਨ ਕਰਨ ਲਈ ਵਚਨਬੱਧ ਹੈ। ਬੈਠਕ ਦੌਰਾਨ ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰ ਖੇਤਰ ਅਧੀਨ ਰਾਜ ਮਾਰਗਾਂ ਅਤੇ ਲਿੰਕ ਸੜਕਾਂ ਨਾਲ ਸਬੰਧਤ ਚੱਲ ਰਹੇ ਕੰਮਾਂ ਦੀ ਹਲਕਾ-ਵਾਰ ਅਤੇ ਡਿਵੀਜ਼ਨ-ਵਾਰ ਪ੍ਰਗਤੀ ਦਾ ਵੀ ਜਾਇਜ਼ਾ ਲਿਆ।
ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਸੂਬੇ ਵਿੱਚ ਲਿੰਕ ਸੜਕਾਂ ਨਾਲ ਸਬੰਧਤ ਵੱਖ-ਵੱਖ ਯੋਜਨਾਵਾਂ, ਜਿਵੇਂ ਕਿ SASCI, PMGSY, ਅਤੇ NABARD, ਅਧੀਨ ਪ੍ਰੋਜੈਕਟ ਸਮੇਂ ਸਿਰ ਅਤੇ ਨਿਰਧਾਰਤ ਟੀਚਿਆਂ ਦੇ ਅਨੁਸਾਰ ਪੂਰੇ ਹੋਣ। ਉਨ੍ਹਾਂ ਨੇ ਸਰਦੀਆਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਨਿਰਧਾਰਤ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਨਿਰਮਾਣ ਕਾਰਜਾਂ ‘ਚ ਤੇਜ਼ੀ ਲਿਆਉਣ ਦੇ ਵੀ ਨਿਰਦੇਸ਼ ਦਿੱਤੇ।
ਸਰਦੀਆਂ ਦੌਰਾਨ ਧੁੰਦ ਕਾਰਨ ਹੋਣ ਵਾਲੇ ਸੜਕ ਹਾਦਸਿਆਂ ਨੂੰ ਰੋਕਣ ਅਤੇ ਸੜਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ, ਉਨ੍ਹਾਂ ਬਾਕੀ ਸੜਕਾਂ ‘ਤੇ ਲੇਨ ਮਾਰਕਿੰਗ ਅਤੇ ਹੋਰ ਜ਼ਰੂਰੀ ਸੁਰੱਖਿਆ ਉਪਕਰਨ ਲਗਾਉਣ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ‘ਚ 45,000 ਕਿਲੋਮੀਟਰ ਸੜਕਾਂ ਦੀ ਉਸਾਰੀ ਅਤੇ ਨਵੀਨੀਕਰਨ ਦਾ ਕੰਮ ਕਰ ਰਹੀ ਹੈ।




